ਨਵੇਂ ਸਾਲ ਦੀ ਆਮਦ: ਲੋਕਾਂ ਦੀ ਸੁਰੱਖਿਆ ਲਈ ਸੜਕਾਂ ’ਤੇ ਉੱਤਰੀ ਪੰਜਾਬ ਪੁਲੀਸ, ਚੌਕਸੀ ਵਧਾਈ

ਗੁਆਂਢੀ ਸੂਬਿਆਂ ਦੀ ਹੱਦਾਂ ਅਤੇ ਐਂਟਰੀ ਪੁਆਇੰਟਾਂ ’ਤੇ ਸ਼ਿਫ਼ਟਿੰਗ ਨਾਕਾਬੰਦੀ, ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਦੇਰ ਰਾਤ ਤੱਕ ਸੜਕਾਂ ’ਤੇ ਤਾਇਨਾਤ ਰਹੇ। ਅੱਜ ਦੇਰ ਸ਼ਾਮ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਮੁਹਾਲੀ ਦੇ ਐੱਸਐਸੱਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਵੱਖ-ਵੱਖ ਮਾਰਕੀਟਾਂ ਅਤੇ ਐਂਟਰੀ ਪੁਆਇੰਟਾਂ ’ਤੇ ਸ਼ਿਫ਼ਟਿੰਗ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇਰ ਤੱਕ ਸਮੁੱਚੇ ਮੁਹਾਲੀ ਜ਼ਿਲ੍ਹੇ ਅੰਦਰ ਸਮੂਹ ਐਂਟਰੀ ਪੁਆਇੰਟਾਂ ਅਤੇ ਗੁਆਂਢੀ ਸੂਬਿਆਂ ਨਾਲ ਹੱਦਾਂ ’ਤੇ ਕਰੀਬ ਦੋ ਦਰਜਨ ਨਾਕੇ ਲਗਾਏ ਜਾਣਗੇ ਅਤੇ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਵੱਡੀ ਮਾਤਰਾ ਵਿੱਚ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਪੀਸੀਆਰ ਵਾਹਨਾਂ ਰਾਹੀਂ ਕਰਮਚਾਰੀਆਂ ਵੱਲੋਂ ਗਸ਼ਤ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਸਬੰਧੀ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਅਤੇ ਨਾਈਟ ਕਲੱਬਾਂ ਲਈ ਜਾਰੀ ਕੀਤੇ ਤਾਜ਼ਾ ਹੁਕਮਾਂ ਦੀ ਇੰਨਬਿੰਨ ਪਾਲਣਾ ਕਰਵਾਈ ਜਾਵੇਗੀ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਟੇਸ਼ਨ ਵਿੱਚ ਨਾਕਾਬੰਦੀ ਕੀਤੀ ਜਾਵੇਗੀ ਅਤੇ ਹਰੇਕ ਘੰਟੇ ਬਾਅਦ ਨਾਕੇਬੰਦੀ ਦੀ ਥਾਂ ਬਦਲੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜਿਕ ਜ਼ਾਬਤੇ ਵਿੱਚ ਰਹਿ ਕੇ ਨਵੇਂ ਸਾਲ ਦੇ ਜਸ਼ਨ ਮਨਾਉਣ ਤਾਂ ਜੋ ਕਿਸੇ ਹੋਰ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

ਇਸ ਮੌਕੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਡੀਜੀਪੀ ਦੇ ਹੁਕਮਾਂ ਦੇ ਤਹਿਤ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਜ਼ਿਆਦਾਤਰ ਨੌਜਵਾਨਾਂ ਵੱਲੋਂ ਹੋਟਲਾਂ ਅਤੇ ਨਾਈਟ ਕਲੱਬਾਂ ਵਿੱਚ ਜਸ਼ਨ ਮਨਾਏ ਜਾਂਦੇ ਹਨ ਅਤੇ ਅਕਸਰ ਹੁੱਲੜਬਾਜ਼ੀ ਦੇ ਮਾਮਲੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਚੌਕਸੀ ਵਧਾਈ ਗਈ ਹੈ ਅਤੇ ਦੇਰ ਰਾਤ ਤੱਕ ਉਹ ਖ਼ੁਦ ਅਤੇ ਹੋਰ ਸੀਨੀਅਰ ਅਫ਼ਸਰ ਅਤੇ ਕਰਮਚਾਰੀ ਸੜਕਾਂ ’ਤੇ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਰਾਤ ਨੂੰ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਇਸ ਮੌਕੇ ਮਟੌਰ ਥਾਣਾ ਦੇ ਐਸਐਚਓ ਗੱਬਰ ਸਿੰਘ ਤੇ ਹੋਰ ਕਰਮਚਾਰੀ ਮੌਜੂਦ ਸਨ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…