nabaz-e-punjab.com

ਆੜ੍ਹਤੀਆਂ ਵੱਲੋਂ ਖ਼ਰੀਦ ਦਾ ਬਾਈਕਾਟ ਕਰਨ ਦੀ ਧਮਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਰਵੀ ਭਗਤ

ਕਣਕ ਦੇ ਖ਼ਰੀਦ ਕਾਰਜਾਂ ਵਿੱਚ ਅੜਿੱਕਾ ਡਾਹੁਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ

ਕਣਕ ਦੀ ਖ਼ਰੀਦ ਵਿੱਚ ਵਿਘਨ ਪਾਉਣ ਵਾਲੇ ਆੜ੍ਹਤੀਆਂ ਦੇ ਲਾਇਸੈਂਸ ਰੱਦ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 15 ਅਪਰੈਲ:
ਪੰਜਾਬ ਮੰਡੀ ਬੋਰਡ ਸੈਕਟਰ-65ਏ (ਮੁਹਾਲੀ) ਨੇ ਪੰਜਾਬ ਭਰ ਵਿੱਚ ਕਣਕ ਦੀ ਨਿਰਵਿਘਨ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ ਲੋਕਾਂ ਪ੍ਰਤੀ ਸਖ਼ਤ ਰੁਖ ਅਪਣਾਉਂਦਿਆਂ ਬੁੱਧਵਾਰ ਨੂੰ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਖ਼ਰੀਦ ਕਾਰਜਾਂ ਵਿੱਚ ਅੜਿੱਕਾ ਪਾਉਂਦਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆੜ੍ਹਤੀਆ ਦੇ ਇਕ ਸਮੂਹ ਨੇ ਹਾੜ੍ਹੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖ਼ਰੀਦ ਕਾਰਜਾਂ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀ ਰਵੀ ਭਗਤ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਪਹਿਲਾਂ ਹੀ ਅਜਿਹੇ ਆੜ੍ਹਤੀਆ ਦੇ ਲਾਇਸੈਂਸ ਰੱਦ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਆਫਤਨ ਪ੍ਰਬੰਧਨ ਐਕਟ, 2005 ਦੀਆਂ ਸਖ਼ਤ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਦੀ ਵੀ ਚਿਤਾਵਨੀ ਦਿੱਤੀ। ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਨੇ ਹੜਤਾਲ ’ਤੇ ਜਾਣ ਦੀ ਧਮਕੀ ਦੇਣ ਵਾਲੇ ਆੜ੍ਹਤੀਆ ਕੋਲ ਫਸਲ ਲੈ ਕੇ ਜਾਣ ਵਾਲੇ ਸਾਰੇ ਕਿਸਾਨਾਂ ਦੇ ਪਾਸ ਤੁਰੰਤ ਰੱਦ ਕਰਨ ਅਤੇ ਉਸੇ ਮੰਡੀ ਵਿੱਚ ਕੰਮ ਕਰ ਰਹੇ ਹੋਰ ਆੜ੍ਹਤੀਆਂ ਕੋਲ ਫਸਲ ਲਿਜਾਉਣ ਲਈ ਇਨ੍ਹਾਂ ਕਿਸਾਨਾਂ ਨੂੰ ਪਾਸ ਮੁੜ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ੍ਰੀ ਭਗਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਅੱਜ ਮੰਡੀਆਂ ਵਿੱਚ ਸਰਕਾਰੀ ਖ਼ਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਜੇ ਤੱਕ ਸੂਬੇ ਭਰ ਵਿੱਚ ਕਿਸੇ ਵੀ ਮੰਡੀ ਵਿੱਚ ਖ਼ਰੀਦ ਕੰਮ ਵਿੱਚ ਕੋਈ ਰੁਕਾਵਟ ਨਹੀਂ ਪੈ ਰਹੀ। ਹਾਲਾਂਕਿ, ਸੂਬੇ ਭਰ ਦੀਆਂ ਕਈ ਮੰਡੀਆਂ ਵਿੱਚ ਆਮਦ ਹੌਲੀ ਅਤੇ ਨਾਂਹ ਦੇ ਬਰਾਬਰ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਪੁੱਜੀ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫਸਲ ਦੀ ਖ਼ਰੀਦ ਅਤੇ ਵੇਚ ਦੌਰਾਨ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨ ਵਾਰ ਵਾਰ ਆਪਣੇ ਹੱਥਾਂ ਨੂੰ ਸੈਨੇਟਾਈਜ਼ਰ ਜਾਂ ਸਾਬਣ ਨਾਲ ਸਾਫ਼ ਕਰਨ ਅਤੇ ਮੂੰਹ ’ਤੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…