Nabaz-e-punjab.com

ਧਾਰਾ 370: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਹੁਤ ਸੋਚ ਸਮਝ ਕੇ ਲਿਆ ਫੈਸਲਾ: ਮੁਨੱਵਰ ਮਸੀਹ

ਪੰਜਾਬ ਵਿੱਚ ਘੱਟ ਗਿਣਤੀਆਂ ਦੀ ਭਲਾਈ ਲਈ ਕਮਿਸ਼ਨ ਵਚਨਬੱਧ: ਮੁਨੱਵਰ ਮਸੀਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬੀਤੇ ਦਿਨੀਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਹਟਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਅੱਜ ਇੱਥੇ ਵਣ ਭਵਨ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਹੁਤ ਸੋਚ ਸਮਝ ਕੇ ਇਹ ਫੈਸਲਾ ਲਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਸ੍ਰੀ ਮੁਨੱਵਰ ਮਸੀਹ ਨੇ ਕੇਂਦਰ ਸਰਕਾਰ ਦੇ ਤਾਜ਼ਾ ਫੈਸਲੇ ਨਾਲ ਜੰਮੂ-ਕਸ਼ਮੀਰ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਮੌਜੂਦਾ ਘਟਨਾਕ੍ਰਮ ਤੋਂ ਬਾਅਦ ਪੈਦਾ ਹੋਣ ਵਾਲੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਉੱਚ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਵਿੱਚ ਸੁਰੱਖਿਆ ਦੇ ਅਜਿਹੇ ਸਖ਼ਤ ਇੰਤਜ਼ਾਮ ਕੀਤੇ ਜਾਣ ਤਾਂ ਜੋ ਕਿਸੇ ਵੀ ਘੱਟ ਗਿਣਤੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਜਾਂ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਘੱਟ ਗਿਣਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਸਰਕਾਰ ਤੇ ਲੋਕਾਂ ਵਿਚਾਲੇ ਕੜੀ ਦਾ ਕੰਮ ਕਰ ਰਿਹਾ ਹੈ।
ਚੇਅਰਮੈਨ ਨੇ ਦੱਸਿਆ ਕਿ ਪਹਿਲਾਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਨਹੀਂ ਸਨ ਪ੍ਰੰਤੂ ਕਮਿਸ਼ਨ ਦੇ ਉਪਰਾਲਿਆਂ ਸਦਕਾ ਰਾਜ ਵਿੱਚ 12 ਕ੍ਰਿਸਚੀਅਨ ਮੈਰਿਜ ਰਜਿਸਟਰਾਰ ਨਾਮਜ਼ਦ ਹੋਏ ਅਤੇ 4 ਹੋਰ ਕੇਸ ਸਥਾਨਕ ਸਰਕਾਰ ਵਿਭਾਗ ਨੂੰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਯਤਨਾਂ ਸਦਕਾ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਅਤੇ ਸਦਭਾਵਨਾ ਕਾਇਮ ਰੱਖਣ ਲਈ ਘੱਟ ਗਿਣਤੀਆਂ ਦੀਆਂ ਜ਼ਿਲ੍ਹਾ ਪੱਧਰ ਅਤੇ ਸਬ-ਡਿਵੀਜ਼ਨ ਪੱਧਰ ’ਤੇ ਪੀਸ (ਅਮਨ) ਕਮੇਟੀਆਂ ਕਾਇਮ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਰਾਹਤ ਫੰਡ ’ਚੋਂ ਘੱਟ ਗਿਣਤੀਆਂ ਦੀ ਬਿਮਾਰੀ ਦੇ ਇਲਾਜ ਲਈ 100 ਤੋਂ ਵੱਧ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਦਿਵਾਈ ਗਈ ਅਤੇ ਬਿਮਾਰੀ ਦੇ ਇਲਾਜ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਰੀਬ 200 ਤੋਂ ਵੱਧ ਲੋਕਾਂ ਦੇ ਕੇਸ ਡਿਪਟੀ ਕਮਿਸ਼ਨਰਾਂ ਨੂੰ ਜਾਂਚ ਲਈ ਭੇਜੇ ਗਏ ਹਨ।
ਇਸ ਮੌਕੇ ਕਮਿਸ਼ਨ ਦੇ ਮੈਂਬਰ ਅਲਬਰਟ ਦੂਆ, ਵਿਕਟਰ ਮਸੀਹ, ਹਜੂਰ ਹੁਸੈਨ, ਅਬਦੁਲ ਕਿਊਮ ਰਾਜਾ ਅਤੇ ਚਰਚਿਜ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪਾਦਰੀ ਐਮਡੀ ਸੈਮੁਅਲ, ਪਾਦਰੀ ਸ਼ਿਜੂ ਫਿਲਿਪ, ਪਾਦਰੀ ਰਾਜੂ ਚਾਕੋ ਅਤੇ ਪਾਦਰੀ ਰੌਬਿਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…