
ਅਰਵਿੰਦ ਕੇਜਰੀਵਾਲ ਦਾ ਮੁਹਾਲੀ ਪਹੁੰਚਣ ’ਤੇ ਵਲੰਟੀਅਰਾਂ ਵੱਲੋਂ ਨਿੱਘਾ ਸਵਾਗਤ
ਆਪ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਡਾ. ਆਹਲੂਵਾਲੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਦੌਰੇ ਉਪਰੰਤ ਵਾਪਸੀ ਸਮੇਂ ਮੁਹਾਲੀ ਪਹੁੰਚਣ ’ਤੇ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ਐਰੋਸਿਟੀ ਵਿਖੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਡਾ. ਸੰਨੀ ਆਹਲੂਵਾਲੀਆ ਅਤੇ ਮੁਲਾਜ਼ਮ ਵਿੰਗ ਦੇ ਸੂਬਾ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਉਪਰੰਤ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਂਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਹਰ ਆਮ ਵਿਅਕਤੀ ਇੱਕ ਬਹੁਤ ਵਧੀਆ ਅਤੇ ਸਕੂਨ ਵਾਲੀ ਜ਼ਿੰਦਗੀ ਬਤੀਤ ਕਰੇਗਾ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਪੂਰੀ ਲਗਨ ਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਬਸਪਾ ਗੱਠਜੋੜ ਅਤੇ ਕਾਂਗਰਸ ਨੂੰ ਟੱਕਰ ਦੇਣ ਲਈ ਬੂਥ ਪੱਧਰ ’ਤੇ ਪਹਿਰਾ ਦੇਣ ਲਈ ਵਲੰਟੀਅਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣ।
ਇਸ ਮੌਕੇ ਡਾ. ਸੰਨੀ ਆਹਲੂਵਾਲੀਆ ਅਤੇ ਗੁਰਮੇਲ ਸਿੰਘ ਸਿੱਧੂ ਨੇ ਸ੍ਰੀ ਕੇਜਰੀਵਾਲ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਪਾਰਟੀ ਦੀ ਸਰਕਾਰ ਬਣਨ ਉਪਰੰਤ ਬਿਜਲੀ ਮੁਆਫ਼ ਅਤੇ ਮੁਫ਼ਤ ਡਾਕਟਰੀ ਇਲਾਜ ਦੀ ਗਰੰਟੀ ਸਬੰਧੀ ਚਲਾਈ ਜਾ ਰਹੀ ਮੁਹਿੰਮ ਦੇ ਬਾਰੇ ਵਿੱਚ ਵੀ ਪ੍ਰਚਾਰ ਪੂਰੀ ਲਗਨ ਨਾਲ ਕੀਤਾ ਜਾ ਰਿਹਾ ਹੈ। ਭਵਿੱਖ ਵਿੱਚ ਵੀ ਪਾਰਟੀ ਵੱਲੋਂ ਜੋ ਵੀ ਡਿਊਟੀਆ ਲਗਾਈਆਂ ਜਾਣਗੀਆਂ, ਉਸ ਨੂੰ ਨਿਭਾਉਣ ਲਈ ਪਾਰਟੀ ਦੇ ਆਗੂ ਅਤੇ ਵਰਕਰ ਤਿਆਰ-ਬਰ-ਤਿਆਰ ਹਨ।