
ਅਰਵਿੰਦਰ ਕੇਜਰੀਵਾਲ ਦਾ ਮੁਹਾਲੀ ਪਹੁੰਚਣ ’ਤੇ ਆਪ ਉਮੀਦਵਾਰ ਸ਼ੇਰਗਿੱਲ ਵੱਲੋਂ ਨਿੱਘਾ ਸਵਾਗਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀਰਵਾਰ ਨੂੰ ਸ਼ਾਮੀ ਮੁਹਾਲੀ ਪੁੱਜਣ ’ਤੇ ਵਿਧਾਨ ਸਭਾ ਮੁਹਾਲੀ ਤੋਂ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਇਲਾਕੇ ਦੇ ਵਾਲੰਟੀਅਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਕੇਜਰੀਵਾਲ ਦੇ ਅਚਨਚੇਤ ਫੇਰੀ ਨਾਲ ਜਿਥੇ ਸ੍ਰੀ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਮਿਲਿਆ ਹੈ, ਉਥੇ ਵਾਲੰਟੀਅਰਾਂ ਦੇ ਹੌਂਸਲੇ ਵੀ ਬੁਲੰਦ ਹੋਏ ਹਨ।
ਇਸ ਮੌਕੇ ਸ੍ਰੀ ਕੇਜਰੀਵਾਲ ਨੇ ਵਾਲੰਟੀਅਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਮੁਹਾਲੀ ਵਿਧਾਨ ਸਭਾ ਹਲਕੇ ਦੀ ਰਿਪੋਰਟ ਕਾਫੀ ਅੱਛੀ ਹੈ। ਉਨ੍ਹਾਂ ਵਾਲੰਟੀਅਰ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਨਿਡਰਤਾ ਨਾਲ ਅਕਾਲੀ ਦਲ ਅਤੇ ਕਾਂਗਰਸ ਨੂੰ ਟੱਕਰ ਦੇਣ ਲਈ ਕਮਰਕੱਸੇ ਕਰ ਲੈਣ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਨਿਜ਼ਾਮ ਬਦਲਣ ਅਤੇ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇਹ ਬਹੁਤ ਸੁਨਹਿਰੀ ਮੌਕਾ ਹੈ ਅਤੇ ਅਜਿਹੇ ਮੌਕੇ ਵਾਰ ਵਾਰ ਨਹੀਂ ਮਿਲਦੇ। ਇਸ ਤੋਂ ਪਹਿਲਾਂ ਸ੍ਰੀ ਸ਼ੇਰਗਿੱਲ ਨੇ ਪਾਰਟੀ ਦਫ਼ਤਰ ਵਿੱਚ ਆਪ ਆਗੂਆਂ ਅਤੇ ਵਲੰਟੀਅਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਸੱਤਾਧਾਰੀ ਗੱਠਜੋੜ ਅਤੇ ਵਿਰੋਧੀ ਧਿਰ ਕਾਂਗਰਸ ਉਨ੍ਹਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕਰੇਗੀ ਪ੍ਰੰਤੂ ਵਾਲੰਟੀਅਰਾਂ ਨੇ ਠਰੰਮ੍ਹੇ ਤੋਂ ਕੰਮ ਲੈਂਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਾਬਤੇ ਵਿੱਚ ਰਹਿਣਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਜ਼ੋਨਲ ਇੰਚਾਰਜ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਵਾਲੰਟੀਅਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਆਗੂਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕੀਮਤ ’ਤੇ ਨਿਯਮਾਂ ਅਤੇ ਕਾਨੂੰਨ ਦੀ ਉਲੰਘਣਾ ਨਾ ਕੀਤੀ ਜਾਵੇ।