
ਆਸ਼ਿਕਾ ਜੈਨ ਵੱਲੋਂ ਮਾਲ ਵਿਭਾਗ ਦੇ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਦੇ ਜਲਦੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਲਈ ਆਖਿਆ ਅਤੇ ਇਨ੍ਹਾਂ ਬਕਾਇਆ ਕੇਸਾਂ ਦਾ ਨਿਬੇੜਾ ਨਿਰਧਾਰ ਸਮੇਂ ਵਿੱਚ ਕਰਨ ਦੇ ਹੁਕਮ ਜਾਰੀ ਕੀਤੇ।
ਡੀਸੀ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿੱਚ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਨਿਸ਼ਾਨਦੇਹੀਆਂ, ਤਕਸੀਮ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਆਦਿ ਕੇਸਾਂ ਦਾ ਨਿਪਟਾਰਾ ਛੇਤੀ ਕੀਤਾ ਜਾਵੇ। ਇੰਤਕਾਲਾਂ ਸਬੰਧੀ ਵੈਰੀਫਿਕੇਸ਼ਨ ਤੇ ਹੋਰ ਬਕਾਇਆ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਦੇ ਮਕਾਨਾਂ ਦੀਆਂ ਰਜਿਸਟਰੀਆਂ ਸਬੰਧੀ ਨਕਸ਼ੇ ਪੂਰੇ ਦਰੁਸਤ ਕਰਨ ਲਈ ਵੀ ਹਦਾਇਤਾਂ ਜ਼ਾਰੀ ਕੀਤੀਆਂ।
ਇਸ ਮੌਕੇ ਸੜਕਾਂ ਸਬੰਧੀ ਐਕੁਆਇਰ ਕੀਤੇ ਜਾਣ ਵਾਲੇ ਕਾਰਜਾਂ ਜਿਨ੍ਹਾਂ ਵਿਚ ਮੁਆਵਜ਼ੇ ਦੇ ਕੇਸਾਂ ਸਬੰਧੀ ਵੀ ਸ਼ਾਮਲ ਹਨ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕੁਆਇਰ ਕੀਤੀ ਜ਼ਮੀਨ ਸਬੰਧੀ ਮੁਆਵਜ਼ਾ ਰਾਸ਼ੀ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ ਤੇ ਕਬਜ਼ਾ ਲੈਣ ਸਬੰਧੀ ਪ੍ਰਕਿਰਿਆ ਵੀ ਤੇਜ਼ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ ’ਤੇ ਚੈਕਿੰਗ ਕਰਨ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਮਿੱਥੇ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਵੱਲੋਂ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ।
ਇਸ ਮੌਕੇ ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਮਾਲ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।