ਕਾਤਲਾਨਾ ਹਮਲਾ: ਹਮਲਾਵਰਾਂ ਖ਼ਿਲਾਫ਼ ਕਾਰਵਾਈ ਲਈ ਖੇਤੀਬਾੜੀ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਖੇਤੀਬਾੜੀ ਵਿਭਾਗ ਨਾਲ ਸਬੰਧਤ ਵੱਖ-ਵੱਖ ਅਦਾਰਿਆਂ ਦੀ ਸਾਂਝੀ ਜਥੇਬੰਦੀ ਐਗ-ਟੈੱਕਨੋਕਰੇਟ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਪ੍ਰਜ਼ਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਲਾਗੂ ਕਰਨ ਗਏ ਖੇਤੀ ਟੈਕਨੋ ਕਰੇਟਸ ’ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਰੋਸ ਵਜੋਂ ਅੱਜ ਖੇਤੀਬਾੜੀ ਵਿਭਾਗੀ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਵਫ਼ਦ ਨੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਮੰਗ ਕੀਤੀ। ਡਾਇਰੈਕਟਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਉਨ੍ਹਾਂ ਉੱਚ ਪੁਲੀਸ ਅਧਿਕਾਰੀਆਂ ਨੂੰ ਵੀ ਤੁਰੰਤ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।
ਵਫ਼ਦ ਦੀ ਅਗਵਾਈ ਕਰ ਰਹੇ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਸਕੱਤਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨਾਲ ਨੌਂਹ-ਮਾਸ ਦਾ ਰਿਸ਼ਤਾ ਹੈ। ਵਿਭਾਗ ਦੇ ਕਹਿਣ ’ਤੇ ਪੰਜਾਬ ਦੇ ਕਿਸਾਨ ਨਵੀਆਂ ਤਕਨੀਕਾਂ ਅਪਣਾਉਂਦੇ ਹਨ, ਪ੍ਰੰਤੂ ਕੁਝ ਸਮਾਜ ਵਿਰੋਧੀ ਅਨਸਰ ਸੂਬੇ ਦੀਆਂ ਅਗਾਂਹਵਧੂ ਸਕੀਮਾਂ ਨੂੰ ਲਾਗੂ ਕਰਨ ਵਿੱਚ ਰੁਕਾਵਟਾਂ ਖੜ੍ਹੀਆਂ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੇ ਚਲਾਨ ਕੱਟਣ ਅਤੇ ਝੋਨੇ ਦੀ ਵਹਾਈ ਦੇ ਕੰਮ ਕਿਸੇ ਹੋਰ ਸਬੰਧਤ ਵਿਭਾਗ ਨੂੰ ਦਿੱਤੇ ਜਾਣੇ ਬਣਦੇ ਹਨ ਕਿਉਂਕਿ ਵਿਭਾਗ ਦਾ ਕੰਮ ਮਿਸ਼ਨਰੀ ਤੇ ਕਿਸਾਨਾਂ ਦੀ ਭਲਾਈ ਦਾ ਕੰਮ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਡਾ. ਗੁਰਮੇਲ ਸਿੰਘ, ਡਾ. ਵਿਜੇ ਕੁਮਾਰ ਮਹਿਤਾ, ਡਾ. ਅਨਿਲ ਕੁਮਾਰ, ਡਾ. ਬੇਅੰਤ ਸਿੰਘ, ਡਾ. ਸੁਖਜਿੰਦਰ ਸਿੰਘ ਬਾਜਵਾ, ਡਾ. ਸਰਬਜੀਤ ਸਿੰਘ, ਡਾ. ਗੁਰਪਾਲ ਸਿੰਘ, ਡਾ. ਜਸਵਿੰਦਰ ਸਿੰਘ ਅਤੇ ਹੋਰ ਸਟਾਫ਼ ਹਾਜ਼ਰ ਸਨ।

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…