
ਵਿਧਾਨ ਸਭਾ ਚੋਣਾਂ-2022: ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ
ਪੈਰਾ ਮਿਲਟਰੀ ਫੋਰਸ ਤੇ ਸ਼ਹਿਰੀ ਖੇਤਰ ਦੇ ਥਾਣਿਆਂ ਵਿੱਚ ਤਾਇਨਾਤ ਪੁਲੀਸ ਜਵਾਨਾਂ ਨੇ ਵੀ ਲਿਆ ਹਿੱਸਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਮੁਹਾਲੀ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੇ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਅਤੇ ਸਥਾਨਕ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਤੋਂ ਮਤਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਸ਼ੱਕੀ ਵਿਅਕਤੀਆਂ ਅਤੇ ਲਾਵਾਰਿਸ ਸਮਾਨ ਬਾਰੇ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ ਪੁਲੀਸ ਕੰਟਰੋਲ ਰੂਮ ’ਤੇ ਇਤਲਾਹ ਦਿੱਤੀ ਜਾਵੇ।
ਅੱਜ ਦੇਰ ਸ਼ਾਮ ਮੁਹਾਲੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਅਤੇ ਮੌਜੂਦਾ ਹਾਲਾਤਾਂ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ। ਜਿਸ ਵਿੱਚ ਪੈਰਾ ਮਿਲਟਰੀ ਫੋਰਸ, ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਸਮੇਤ ਮੁਹਾਲੀ ਸ਼ਹਿਰੀ ਖੇਤਰ ਅਧੀਨ ਆਉਂਦੇ ਥਾਣਿਆਂ ਵਿੱਚ ਤਾਇਨਾਤ ਪੁਲੀਸ ਫੋਰਸ ਨੂੰ ਸ਼ਾਮਲ ਕੀਤਾ ਗਿਆ।
ਐਸਐਸਪੀ ਨੇ ਦੱਸਿਆ ਕਿ ਇਹ ਫਲੈਗ ਮਾਰਚ ਐਸਪੀ (ਸਿਟੀ) ਰਵਿੰਦਰਪਾਲ ਸਿੰਘ ਸੰਧੂ ਅਤੇ ਡੀਐਸਪੀ ਮਹੇਸ ਇੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ, ਜੋ ਇੱਥੋਂ ਦੇ ਫੇਜ਼-1 ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਫੇਜ਼-11 ਵਿੱਚ ਪਹੁੰਚ ਕੇ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਫਲੈਗ ਮਾਰਚ ਦੌਰਾਨ ਫੇਜ਼-3ਬੀ2 ਤੋਂ ਲੈ ਕੇ ਫੇਜ਼-7 ਦੀਆਂ ਭੀੜ ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਪੈਦਲ ਫਲੈਗ ਮਾਰਚ ਵੀ ਕੀਤਾ ਗਿਆ। ਇਸ ਫਲੈਗ ਮਾਰਚ ਦੌਰਾਨ ਸੀਆਈਐਸਐਫ਼ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਵੀ ਹਿੱਸਾ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਫਲੈਗ ਮਾਰਚ ਦੌਰਾਨ ਆਮ ਸ਼ਹਿਰੀਆਂ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਉਹ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਤੁਰੰਤ ਲੋਕਲ ਪੁਲੀਸ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ-2022 ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕਾਲ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।