ਵਿਧਾਨ ਸਭਾ ਚੋਣਾਂ: ਉਮੀਦਵਾਰਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਿਤਾਏ ਫ਼ੁਰਸਤ ਦੇ ਪਲ

ਝੂਠੇ ਲਾਰਿਆਂ ਤੋਂ ਅੱਕੇ ਲੋਕਾਂ ਨੇ ‘ਆਪ’ ਦੀ ਸਰਕਾਰ ਲਿਆਉਣ ਭਾਰੀ ਗਿਣਤੀ ’ਚ ਕੀਤਾ ਮਤਦਾਨ: ਕੁਲਵੰਤ ਸਿੰਘ

ਇਲਾਕੇ ਦੇ ਲੋਕਾਂ ਦਾ ਫੈਸਲਾ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ: ਪਰਵਿੰਦਰ ਸੋਹਾਣਾ

ਕਾਂਗਰਸ ਦੀਆਂ ਲੋਕਪੱਖੀ ਨੀਤੀਆਂ ਤੋਂ ਖੁਸ਼ ਲੋਕ ਮੁੜ ਚੰਨੀ ਸਰਕਾਰ ਲਿਆਉਣ ਲਈ ਉਤਾਵਲੇ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਪੰਜਾਬ ਵਿੱਚ ਐਤਵਾਰ ਨੂੰ ਪੁਰਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ, ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ, ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਅਤੇ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਚੋਣਾਂ ਦੀ ਥਕਾਵਟ ਲਾਹੁਣ ਲਈ ਅੱਜ ਆਪੋ-ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੁਰਸਤ ਦੇ ਪਲ ਬਿਤਾਏ ਅਤੇ ਸਮਰਥਕਾਂ ਨਾਲ ਮਤਦਾਨ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਭਾਰੀ ਗਿਣਤੀ ਵਿੱਚ ਮਤਦਾਨ ਕਰਨ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਵੇਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ ਪਰ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਲਾਕੇ ਦੇ ਲੋਕ ਉਨ੍ਹਾਂ ਨੂੰ ਵੱਡੇ ਫਰਕ ਨਾਲ ਚੋਣ ਜਿੱਤਾ ਕੇ ਚੌਥੀ ਵਾਰ ਵਿਧਾਇਕ ਚੁਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਆਪ ਮੁਹਾਰੇ ਭਾਰੀ ਗਿਣਤੀ ਵਿੱਚ ਮਤਦਾਨ ਕਰਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਕਾਂਗਰਸ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਲਿਹਾਜ਼ਾ ਲੋਕਾਂ ਨੇ ਦੇਸ਼ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪੰਜਾਬ ਵਿੱਚ ਦੁਬਾਰਾ ਕਾਂਗਰਸ ਸਰਕਾਰ ਲਿਆਉਣ ਦਾ ਮਨ ਪਹਿਲਾਂ ਤੋਂ ਹੀ ਬਣਾਇਆ ਹੋਇਆ ਹੈ। ਉਨ੍ਹਾਂ ਚੋਣਾਂ ਦਾ ਕੰਮ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਸਮੂਹ ਮੁਲਾਜ਼ਮਾਂ ਦਾ ਵੀ ਧੰਨਵਾਦ ਕੀਤਾ।

ਆਪ ਆਗੂ ਕੁਲਵੰਤ ਸਿੰਘ ਨੇ ਚੋਣਾਂ ਦੀ ਥਕਾਵਟ ਉਤਾਰਨ ਤੋਂ ਬਾਅਦ ਅੱਜ ਸਵੇਰੇ ਕਾਫ਼ੀ ਸਮਾਂ ਆਪਣੇ ਪਰਿਵਾਰ ਨਾਲ ਬਿਤਾਇਆ ਅਤੇ ਸਮਰਥਕਾਂ ਨੂੰ ਮਿਲੇ। ਉਪਰੰਤ ਸਾਰਾ ਦਿਨ ਦਫ਼ਤਰ ਬੈਠ ਕੇ ਪਿਛਲੇ ਦੋ ਮਹੀਨੇ ਤੋਂ ਪੈਂਡਿੰਗ ਪਏ ਕਾਰੋਬਾਰੀ ਕੰਮਾਂਕਾਰਾਂ ’ਤੇ ਝਾਤ ਮਾਰੀ। ਉਨ੍ਹਾਂ ਨੇ ਸਮੂਹ ਵਲੰਟੀਅਰਾਂ ਅਤੇ ਵੋਟਰਾਂ ਦਾ ਚੋਣਾਂ ਦੌਰਾਨ ਭਰਪੂਰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੁਰਾਣੀ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪੰਜਾਬ ਵਿੱਚ ਆਪ ਦੀ ਸਰਕਾਰ ਲਿਆਉਣ ਲਈ ਭਾਰੀ ਮਤਦਾਨ ਕੀਤਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ, ਲੋਕ ਉਸ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਇਸ ਵਾਰ ਜਿੱਤ ਉਨ੍ਹਾਂ ਦੀ ਝੋਲੀ ਵਿੱਚ ਪਾਉਣਗੇ।

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਜਿੱਤ-ਹਾਰ ਤਾਂ ਬਣੀ ਹੋਈ ਹੈ। ਇਸ ਲਈ ਉਨ੍ਹਾਂ ਨੂੰ ਇਹ ਰੱਤੀ ਭਰ ਵੀ ਚਿੰਤਾ ਨਹੀਂ ਹੈ ਕਿ 10 ਮਾਰਚ ਨੂੰ ਕੀ ਨਤੀਜੇ ਆਉਣਗੇ। ਜੋ ਵੀ ਲੋਕਾਂ ਦਾ ਫੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਮੈਂ ਜਿੱਤਾਂ ਭਾਵੇ ਹਾਰਾਂ ਪਰ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਾਂਗਾ। ਜਿੱਤ ਹਾਰ ਮੇਰੇ ਇਰਾਦਿਆਂ ਨੂੰ ਪ੍ਰਭਾਵਿਤ ਨਹੀਂ ਕਰਦੀ ਹੈ।

ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਇਸ ਵਾਰ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਵਿੱਚ ਇਕੋ ਪਾਰਟੀ ਦੀ ਸਰਕਾਰ ਬਣੇਗੀ ਤੱਦ ਹੀ ਸੂਬੇ ਦਾ ਵਿਕਾਸ ਅਤੇ ਤਰੱਕੀ ਦੀ ਆਸ ਕੀਤੀ ਜਾ ਸਕਦੀ ਹੈ। ਵੈਸੇ ਵੀ ਚੋਣਾਂ ਦੌਰਾਨ ਇਲਾਕੇ ਦੇ ਲੋਕਾਂ ਦਾ ਭਾਜਪਾ ਨੂੰ ਭਰਵਾਂ ਸਮਰਥਨ ਮਿਲਣ ਕਾਰਨ ਉਨ੍ਹਾਂ ਨੂੰ ਜਿੱਤਣ ਦੀ ਪੂਰੀ ਆਸ ਹੈ।
ਕਿਸਾਨ ਆਗੂ ਰਵਨੀਤ ਸਿੰਘ ਬਰਾੜ ਨੇ ਇਲਾਕੇ ਦੇ ਲੋਕਾਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਸਮੁੱਚੇ ਹਲਕੇ ਦੇ ਲੋਕਾਂ ਦਾ ਬਹੁਤ ਪਿਆਰ ਮਿਲਿਆ ਹੈ ਅਤੇ ਇਹੀ ਪਿਆਰ ਤੇ ਸਤਿਕਾਰ ਉਨ੍ਹਾਂ ਨੂੰ ਜਿੱਤ ਹਾਸਲ ਕਰਵਾਏਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਬੰਦ ਧੰਦਾ ਬਣਾਉਣ ਅਤੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮਿਲੇ, ਇਸ ਗੱਲ ’ਤੇ ਪਹਿਰਾ ਦਿੱਤਾ ਜਾਵੇਗਾ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…