ਵਿਧਾਨ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਅਧਿਕਾਰੀ ਨਿਰਪੱਖ ਰਹਿ ਕੇ ਡਿਊਟੀ ਨਿਭਾਉਣ: ਡਾ. ਸਕਸੈਨਾ

ਚੋਣਾਂ ਦੌਰਾਨ ਨਸ਼ਾ, ਪੈਸੇ ਅਤੇ ਸ਼ਰਾਬ ਵੰਡਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ: ਵੀ.ਕੇ. ਸਿੰਘ

ਭਾਰਤ ਸਰਕਾਰ ਦੇ ਉਪ ਚੋਣ ਕਮਿਸ਼ਨਰ ਡਾ. ਸੰਦੀਪ ਸਕਸੈਨਾ ਵੱਲੋਂ ਮੁਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨਿਰਪੱਖ ਰਹਿ ਕੇ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਰੀ ਚੋਕਸੀ ਵਰਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਚੋਣ ਕਮਿਸ਼ਨਰ ਭਾਰਤ ਡਾ. ਸੰਦੀਪ ਸਕਸੈਨਾ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਰੇਂਜ ਵਿੱਚ ਪੈਂਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਐਸ.ਡੀ.ਐਮਜ਼-ਕਮ- ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਸਿਵਲ ਤੇ ਪੁਲੀਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੌਕੇ ਮੁੱਖ ਚੋਣ ਅਫ਼ਸਰ ਪੰਜਾਬ ਵੀ.ਕੇ. ਸਿੰਘ, ਵਧੀਕ ਮੁੱਖ ਚੋਣ ਅਫ਼ਸਰ ਦੀਪਰਾਵਾ ਲਕਰਾ ਆਈ.ਏ.ਐਸ, ਵਧੀਕ ਡਾਇਰੈਕਟਰ ਜਨਰਲ ਪੁਲੀਸ ਵੀ.ਕੇ. ਭਾਵਰਾ, ਕਮਿਸ਼ਨਰ ਰੂਪਨਗਰ ਰੇਂਜ ਡਾ. ਐਸ. ਕਰਨ ਰਾਜੂ, ਡੀ.ਆਈ.ਜੀ ਗੁਰਸ਼ਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ.ਨਗਰ ਡੀ.ਐਸ. ਮਾਂਗਟ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਕਰਨੇਸ ਸ਼ਰਮਾ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਹੀਦ ਭਗਤ ਸਿੰਘ ਨਗਰ ਵਿਪੁਨ ਉਜਵਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਐਸ.ਏ.ਐਸ.ਨਗਰ ਕੁਲਦੀਪ ਸਿੰਘ ਚਾਹਲ, ਜ਼ਿਲ੍ਹਾ ਪੁਲੀਸ ਮੁਖੀ ਰੂਪਨਗਰ ਵਰਿੰਦਰਪਾਲ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਸਹੀਦ ਭਗਤ ਸਿੰਘ ਨਗਰ ਨਵੀਨ ਸਿੰਗਲਾ ਅਤੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ ਵੀ ਮੌਜੂਦ ਸਨ।
ਇਸ ਮੌਕੇ ਡਾ. ਸਕਸੈਨਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੀ ਡਿਊਟੀ ਸਭ ਤੋਂ ਅਹਿੰਮ ਹੁੰਦੀ ਹੈ। ਇਸ ਲਈ ਚੋਣ ਡਿਊਟੀ ਨੂੰ ਪੁਰੀ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਮੁੱਖ ਚੋਣ ਕਮਿਸ਼ਨਰ ਭਾਰਤ ਦੀਆਂ ਹਦਾਇਤਾਂ ਦੀਆਂ ਇੰਨ ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦੋਰਾਨ ਪੁਲੀਸ ਦੀ ਡਿਊਟੀ ਸਭ ਤੋਂ ਅਹਿਮ ਹੁੰਦੀ ਹੈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਚੋਣਾਂ ਦੌਰਾਨ ਟੀਮ ਵਰਕ ਦੇ ਤੌਰ ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੋਟਰਾਂ ਨੂੰ ਸੁਖਾਵਾਂ ਮਹੌਲ ਦੇਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਨਿੱਗਾ੍ਹ ਰੱਖੀ ਜਾਵੇ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਾ ਦਿੱਤੀ ਜਾਵੇ। ਉਨ੍ਹਾਂ ਪੁਲੀਸ ਨੂੰ ਭਗੌੜਿਆਂ (ਪੀ.ਓਜ਼) ਨੂੰ ਵੀ ਗ੍ਰਿਫ਼ਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਜ਼ਿਲ੍ਹਿਆਂ ਵਿੱਚ ਹਥਿਆਰ ਜਮ੍ਹਾਂ ਕਰਾਉਣ ਦੇ ਕੰਮ ਨੂੰ 100 ਫੀਸਦੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦੌਰਾਨ ਸਪੈਸ਼ਲ ਨਾਕੇ ਲਗਾਏ ਜਾਣ ਤਾਂ ਜੋ ਕੋਈ ਵੀ ਵਿਅਕਤੀ ਨਸ਼ਾ, ਸ਼ਰਾਬ ਜਾਂ ਪੈਸੇ ਵੰਡ ਕੇ ਵੋਟਰਾਂ ਨੂੰ ਭਰਮਾਂ ਨਾ ਸਕੇ। ਉਨ੍ਹਾਂ ਇਸ ਮੌਕੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਨੇਪਰੇ ਚੜਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ੳਨ੍ਹਾਂ ਇਸ ਮੌਕੇ ਕ੍ਰਮਵਾਰ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁੱਖੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਤੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕੀਤੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਹਾਸਲ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਵੀ.ਕੇ ਸਿੰਘ ਨੇ ਉਪ ਚੋਣ ਕਮਿਸ਼ਨਰ ਭਾਰਤ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜਰ ਕੀਤੀਆਂ ਤਿਆਰੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਖਿਆ ਕਿ ਚੋਣਾਂ ਦੌਰਾਨ ਨਸ਼ਾ, ਪੈਸੇ ਅਤੇ ਸ਼ਰਾਬ ਵੰਡਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਾ ਜਾਵੇ ਅਤੇ ਜਦੋਂ ਵੀ ਚੋਣ ਜ਼ਾਬਤਾ ਲਾਗੂ ਹੋ ਜਾਂਦਾ ਹੈ ਤਾਂ ਗਠਿਤ ਕੀਤੀਆਂ ਟੀਮਾਂ ਤੁਰੰਤ ਹਰਕਤ ਵਿੱਚ ਆ ਜਾਣਗੀਆਂ। ਉਨ੍ਹਾਂ ਈ.ਵੀ.ਐਮ ਮਸੀਨਾਂ ਅਤੇ ਬੈਲਟ ਪੇਪਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸ੍ਰੀ ਵੀ.ਕੇ. ਸਿੰਘ ਨੇ ਅਸਲਾ ਜਮ੍ਹਾਂ ਕਰਨ ਵਿੱਚ ਤੇਜੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਪੁਖਤਾਂ ਪ੍ਰਬੰਧਾਂ ਨੂੰ ਅੰਜਾਮ ਦੇਣ ਲਈ ਆਖਿਆ ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਸਵੀਪ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਤੋਂ ਪਹਿਲਾਂ ਉਪ ਚੋਣ ਕਮਿਸ਼ਨਰ ਭਾਰਤ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੀ.ਕੇ ਸਿੰਘ ਨੇ ਚੋਣਾਂ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਉਨ੍ਹਾਂ ਤੋਂ ਸੁਝਾਅ ਵੀ ਲਏ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਸ ਡੇਰਾਬੱਸੀ ਸ਼ਿਵ ਕੁਮਾਰ, ਐਸ.ਡੀ.ਐਮ ਖਰੜ ਅਮਨਿੰਦਰ ਕੌਰ ਬਰਾੜ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…