ਵਿਧਾਨ ਸਭਾ ਚੋਣਾਂ ਦੌਰਾਨ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨਿਰਪੱਖ ਰਹਿ ਕੇ ਤਨਦੇਹੀ ਨਾਲ ਨਿਭਾਉਣ: ਵੀ.ਪੀ. ਸਿੰਘ

ਕਮਿਸ਼ਨਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਬਲਿਕ ਡੀਫੇਸਮੈਂਟ ਐਕਟ ਤਹਿਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਵੀ.ਪੀ. ਸਿੰਘ ਨੇ ਚੋਣਾਂ ਸਬੰਧੀ ਕੀਤੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਇਮਾਰਤਾਂ ’ਤੇ ਪੋਸਟਰ ਅਤੇ ਬੈਨਰ ਲਗਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ। ਰੂਪਨਗਰ ਡਿਜ਼ੀਵਨ ਦੇ ਕਮਿਸ਼ਨਰ ਵੀ.ਪੀ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਚੋਣ ਜ਼ਾਬਤੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਪਬਲਿਕ ਡੀਫੇਸਮੈਂਟ ਐਕਟ ਦੇ ਤਹਿਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਿਊਟੀ ਵਿੱਚ ਕੁਤਾਹੀ ਵਰਤਨ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁਹਾਲੀ, ਖਰੜ ਤੇ ਡੇਰਾਬੱਸੀ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਚੋਣ ਜ਼ਾਬਤੇ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨਿਰਪੱਖ ਰਹਿ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਆਖਿਆ।
ਸ੍ਰੀ ਵੀ.ਪੀ.ਸਿੰਘ ਨੇ ਕਿਹਾ ਕਿ ਚੋਣਾਂ ਦੀ ਡਿਊੁਟੀ ਸਭ ਤੋਂ ਮਹੱਤਵ ਪੂਰਨ ਡਿਊਟੀ ਹੁੰਦੀ ਹੈ ਅਤੇ ਚੋਣਾਂ ਦੀ ਡਿਊਟੀ ਵਿੱਚ ਕਿਸੇ ਕਿਸਮ ਦੀ ਵੀ ਅਣਗਹਿਲੀ ਨਾ ਵਰਤੀ ਜਾਵੇ। ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਬਿਨ੍ਹਾਂ ਕਿਸੇ ਪੱਖਪਾਤ, ਲਾਲਚ ਅਤੇ ਬਿਨ੍ਹਾਂ ਕਿਸੇ ਭੇਦਭਾਵ ਤੋਂ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਿਥੇ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਉਸ ’ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਸਬੰਧੀ ਕਮਿਸ਼ਨਰ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕੋਈ ਵੀ ਚੋਣ ਲੜਨ ਵਾਲਾ ਉਮੀਦਵਾਰ ਤੇ ਸਮਰਥਕ ਅਕਸਰ ਰਾਤ ਵੇਲੇ ਸਰਕਾਰੀ ਇਮਾਰਤਾਂ ’ਤੇ ਪੋਸਟਰ/ਬੈਨਰ ਲਗਾ ਦਿੰਦੇ ਹਨ। ਉਨ੍ਹਾਂ ’ਤੇ ਖਾਸ ਨਜ਼ਰ ਰੱਖੀ ਜਾਵੇ ਅਤੇ ਬਿਨ੍ਹਾਂ ਮਨਜ਼ੂਰੀ ਤੋਂ ਸਰਕਾਰੀ ਇਮਾਰਤਾਂ ਜਾਂ ਕਿਸੇ ਦੀ ਨਿੱਜੀ ਇਮਾਰਤ ’ਤੇ ਪੋਸਟਰ ਲਗਾਉਣ ਵਾਲਿਆਂ ਦੇ ਵਿਰੁੱਧ ਪਬਲਿਕ ਡੀਫੇਸ਼ਮੈਂਟ ਐਕਟ ਤਹਿਤ ਕਾਰਵਾਈ ਕੀਤੀ ਜਾਵੇ ਅਤੇ ਸਾਰੀਆਂ ਥਾਵਾਂ ਤੋਂ ਅਣਅਧਿਕਾਰਤ ਪੋਸਟਰ ਜਾਂ ਇਸ਼ਤਿਹਾਰਬਾਜ਼ੀ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਾਲ ਸੈਂਟਰ ਅਤੇ ਕੰਪਲੇਂਟ ਮੋਨੀਟਰਿੰਗ ਸੈਲ ਦੀ ਸਥਾਪਨਾ ਕੀਤੀ ਗਈ ਹੈ। ਜਿਸ ਦਾ ਟੋਲ ਫਰੀ ਨੰਬਰ 1800-180-2051 ਅਤੇ ਵਟਸਅਪ ਨੰਬਰ 94788-94788 ਹੈ ਅਤੇ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਨੁਪ੍ਰੀਤਾ ਜੌਹਲ, ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਡੀਟੀਓ ਜਗਦੀਸ਼ ਸਿੰਘ ਜੌਹਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ, ਸਹਾਇਕ ਰਿਟਰਨਿੰਗ ਅਫ਼ਸਰ ਗੁਰਮਿੰਦਰ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਬਰਜਿੰਦਰ ਕੌਰ ਬਾਜਵਾ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…