
ਵਿਧਾਨ ਸਭਾ ਚੋਣਾਂ: ਐਸਡੀਐਮ ਵੱਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ
ਮੁਹਾਲੀ ਵਿੱਚ 2 ਲੱਖ 34 ਹਜ਼ਾਰ 162 ਵੋਟਰ, 268 ਪੋਲਿੰਗ ਬੂਥ ਬਣਾਏ
ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ: ਹਰਬੰਸ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤੇ ਜਾਣ ਮਗਰੋਂ ਮੁਹਾਲੀ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਸਖ਼ਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ। ਚੋਣਾਂ ਦੇ ਮੱਦੇਨਜ਼ਰ ਮੁਹਾਲੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਹਰਬੰਸ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਗਾਊਂ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮੁਹਾਲੀ ਹਲਕੇ ਕੁੱਲ 2,34,162 ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋ ਕਰਨਗੇ। ਜਿਨ੍ਹਾਂ ਵਿੱਚ 1,22195 ਪੁਰਸ਼, 1,11,958 ਅੌਰਤਾਂ ਅਤੇ 9 ਟ੍ਰਾਸਜੈਂਡਰ ਸ਼ਾਮਲ ਹਨ। ਇਸ ਸਬੰਧੀ 268 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 21 ਜਨਵਰੀ ਤੋਂ 28 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ, 29 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 31 ਜਨਵਰੀ ਨੂੰ ਪੇਪਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਸਿਆਸੀ ਪਾਰਟੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਸੈਕਟਰ ਹੈਲਥ ਰੈਗੂਲੇਟਰ ਨਿਯੁਕਤ ਕੀਤੇ ਗਏ ਹਨ ਜੋ ਸਿਆਸੀ ਪਾਰਟੀਆਂ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਚੋਣ ਅਮਲੇ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਚੋਣ ਏਜੰਟਾ ਅਤੇ ਵਰਕਰਾਂ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਚੋਣਾਂ ਦਾ ਅਮਲ ਬਿਨਾਂ ਕਿਸੇ ਭੈਅ, ਡਰ, ਜਾਂ ਲਾਲਚ ਤੋਂ ਮੁਕਤ ਕਰਾ ਕੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਟੈਟਿਕ ਸਰਵਲੈਸ ਟੀਮਾ, ਵੀਡੀਓਗਮਰਾਫ਼ੀ ਟੀਮਾਂ ਅਤੇ ਫਲਾਇੰਗ ਸੁਕਾਇਡ ਟੀਮਾਂ ਦੀ ਵਿਵਸਥਾ ਕੀਤੀ ਗਈ ਹੈ।