nabaz-e-punjab.com

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਈਓ ਗਿਰੀਸ਼ ਵਰਮਾ ਦਾ ਸਾਥੀ ਕਲੋਨਾਈਜਰ ਵੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਸਾਧਕ ਅਫ਼ਸਰ (ਈਓ) ਗਿਰੀਸ਼ ਵਰਮਾ ਦੇ ਇੱਕ ਹੋਰ ਸਾਥੀ ਕਲੋਨਾਈਜਰ ਪਵਨ ਸ਼ਰਮਾ ਵਾਸੀ ਪੰਚਕੂਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਸ਼ਰਮਾ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਈਓ ਗਿਰੀਸ਼ ਵਰਮਾ ਦੀ ਮਦਦ ਕਰਨ ਦਾ ਦੋਸ਼ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਕਲੋਨਾਈਜਰ ਪਵਨ ਸ਼ਰਮਾ ਨੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ (ਮਾਨਸਾ) ਵਿਖੇ 5 ਏਕੜ ਜ਼ਮੀਨ ਵਿੱਚ ਸਥਿਤ 25 ਹਜ਼ਾਰ ਮੀਟਰਿਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਵੇਚ ਕੇ ਗੈਰ-ਕਾਨੂੰਨੀ ਤੌਰ ’ਤੇ ਪੈਸੇ ਕਮਾਉਣ ਵਿੱਚ ਈਓ ਦੀ ਮਦਦ ਕੀਤੀ ਸੀ। ਇਸ ਸਬੰਧੀ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਹੈ।
ਵਿਜੀਲੈਂਸ ਅਨੁਸਾਰ ਇਸ ਜ਼ਮੀਨ ਦੀ ਰਜਿਸਟਰੀ ਘੱਟ ਕੀਮਤ ’ਤੇ ਕਰਵਾਈ ਗਈ ਕਿਉਂਕਿ ਪਵਨ ਸ਼ਰਮਾ ਨਗਰ ਕੌਂਸਲ ਜ਼ੀਰਕਪੁਰ ਦੀ ਹੱਦ ਅੰਦਰ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਜਿੱਥੇ ਗਿਰੀਸ਼ ਵਰਮਾ ਲੰਬਾ ਸਮਾਂ ਈਓ ਵਜੋਂ ਤਾਇਨਾਤ ਰਹੇ ਹਨ ਅਤੇ ਬਦਲੇ ਵਿੱਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਵੀ ਦਿੰਦਾ ਸੀ। ਮੁਲਜ਼ਮ ਕਲੋਨਾਈਜਰ ਨਾਲ ਈਓ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੇ ਹੋਰ ਵੀ ਕਈ ਵਿੱਤੀ ਲੈਣ-ਦੇਣ ਹਨ। ਉਸਨੇ ਗਿਰੀਸ਼ ਵਰਮਾ ਦੇ ਨਾਜਾਇਜ਼ ਪੈਸੇ ਨਗਦ ਲੈ ਕੇ ਅਤੇ ਬੈਂਕ ਐਂਟਰੀਆਂ ਰਾਹੀਂ ਜਾਇਜ਼ ਬਣਾਉਣ ਵਿੱਚ ਵੀ ਮਦਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਈਓ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਪਵਨ ਸ਼ਰਮਾ ਉਦੋਂ ਦਾ ਫਰਾਰ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ। ਹਾਲ ਹੀ ਵਿੱਚ ਹਾਈ ਕੋਰਟ ਨੇ ਸਹਿ-ਮੁਲਜ਼ਮ ਗੌਰਵ ਗੁਪਤਾ ਵਾਸੀ ਕੁਰਾਲੀ (ਸਾਬਕਾ ਕੌਂਸਲਰ), ਸੰਜੀਵ ਕੁਮਾਰ ਵਾਸੀ ਖਰੜ, ਜੋ ਰੀਅਲ ਅਸਟੇਟ ਫਰਮ ਬਾਲਾਜੀ ਇਨਫਰਾ ਬਿਲਡਟੈਕ ਵਿੱਚ ਵਿਕਾਸ ਵਰਮਾ ਦੇ ਭਾਈਵਾਲ ਹਨ, ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਈਓ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਵੀ ਹਾਈ ਕੋਰਟ ਨੇ ਖ਼ਾਰਜ ਕੀਤੀ ਜਾ ਚੁੱਕੀ ਹੈ। ਈਓ ਦਾ ਲਾਡਲਾ ਪੁੱਤ ਫਿਲਹਾਲ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …