ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਅੱਗੇ ਧਰਨਾ ਜਾਰੀ

ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਲ ’ਤੇ ਦਿਨ ਰਾਤ ਡਟੇ ਹੋਏ ਨੇ ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ

ਨਬਜ਼-ਏ-ਪੰਜਾਬ, ਮੁਹਾਲੀ, 24 ਜਨਵਰੀ:
1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਮੈਂਬਰਾਂ ਦਾ ਜਾਇਜ਼ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਅੱਗੇ ਲੜੀਵਾਰ ਧਰਨਾ ਅੱਜ 10ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਪ੍ਰਦਰਸ਼ਨਕਾਰੀ ਹੱਡ ਚੀਰਵੀਂ ਠੰਢ ਵਿੱਚ ਵਿਭਾਗ ਦੀ ਸੱਤਵੀਂ ਮੰਜ਼ਲ ’ਤੇ ਦਿਨ ਰਾਤ ਡਟੇ ਹੋਏ ਹਨ, ਜਿਸ ਕਾਰਨ ਦਫ਼ਤਰੀ ਕੰਮ ਪ੍ਰਭਾਵਿਤ ਹੋ ਰਿਹਾ ਹੈ, ਲੇਕਿਨ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਅੱਜ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਗਣਤੰਤਰ ਦਿਵਸ ਵਾਲੇ ਦਿਨ ਗੁਪਤ ਐਕਸ਼ਨ ਕਰਨ ਦਾ ਐਲਾਨ ਕੀਤਾ।
ਫਰੰਟ ਦੇ ਆਗੂ ਪਰਮਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਵੱਲੋਂ 23 ਸਤੰਬਰ 2024 ਨੂੰ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਦੀ ਭਰਤੀ ਨੂੰ ਨੇਪਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ ਸੀ ਪ੍ਰੰਤੂ ਸਰਕਾਰ ਨੇ 411 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਥਾਂ ਪੌਣੇ ਚਾਰ ਮਹੀਨਿਆਂ ਤੋਂ ਭਰਤੀ ਨੂੰ ਠੰਢੇ ਬਸਤੇ ਵਿੱਚ ਪਾ ਕੇ ਰੱਖਿਆ ਹੋਇਆ ਹੈ। ਜਿਸ ਕਾਰਨ ਪੀੜਤ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜੀਵਾਰ ਸੰਘਰਸ਼ ਸਦਕਾ ਪੰਜ ਵਿਸ਼ਿਆਂ ਅੰਗਰੇਜ਼ੀ, ਪੰਜਾਬੀ, ਹਿੰਦੀ, ਲਾਇਬ੍ਰੇਰੀ ਸਾਇੰਸ ਅਤੇ ਐਜੂਕੇਸ਼ਨ ਦੇ 313 ਉਮੀਦਵਾਰਾਂ ਦਾ ਨਤੀਜਾ ਜਾਰੀ ਹੋ ਚੁੱਕਾ ਹੈ। ਜਦਕਿ ਹੋਰ ਕੁਝ ਉਮੀਦਵਾਰਾਂ ਦਾ ਨਤੀਜਾ ਜਾਰੀ ਹੋਣਾ ਅਤੇ ਖਾਲੀ ਅਸਾਮੀਆਂ ਲਈ ਉਮੀਦਵਾਰਾਂ ਨੂੰ ਬੁਲਾਇਆ ਜਾਣਾ ਬਾਕੀ ਹੈ।
ਜਸਪ੍ਰੀਤ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਵਫ਼ਦ ਦੀ ਮੀਟਿੰਗ ਸੀ ਅਤੇ ਮੰਤਰੀ ਨੇ ਸੋਮਵਾਰ ਤੋਂ ਨਿਯੁਕਤੀਆਂ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਦਿੱਤਾ ਭਰੋਸਾ ਪਹਿਲਾਂ ਝੂਠਾ ਲਾਰਾ ਸਾਬਤ ਹੋਇਆ ਹੈ। ਬਲਵਿੰਦਰ ਚਹਿਲ ਨੇ ਚਿਤਾਵਨੀ ਦਿੱਤੀ ਕਿ ਇਹ ਭਰਤੀ ਹੁਣ ਜਿਊਣ ਮਰਨ ਦਾ ਸਵਾਲ ਬਣ ਚੁੱਕੀ ਹੈ। ਜੇਕਰ ਪੰਜਾਬ ਸਰਕਾਰ ਵਾਅਦੇ ਮੁਤਾਬਕ 1158 ਭਰਤੀ ਦਾ ਕੰਮ ਮੁਕੰਮਲ ਨਹੀਂ ਕਰਦੀ ਤਾਂ ਸੋਮਵਾਰ ਤੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਅਫ਼ਸਰਸ਼ਾਹੀ ਜ਼ਿੰਮੇਵਾਰ ਹੋਵੇਗੀ।
ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਡੀਜੀਐਸਈ ਵਿਨੈ ਬਬਲਾਨੀ, ਸਾਗਰ ਸੇਤੀਆ ਅਤੇ ਸਿੱਖਿਆ ਵਿਭਾਗ ਦੇ ਹੋਰ ਮੁਲਾਜ਼ਮਾਂ ਨਾਲ ਪੈਨਲ ਮੀਟਿੰਗ ਹੋਈ। ਜਿਸ ਵਿੱਚ ਫਰੰਟ ਨੂੰ ਭਰੋਸਾ ਦਿੱਤਾ ਗਿਆ ਕਿ ਕਾਲਜਾਂ ਵਿੱਚ ਨਿਯੁਕਤੀ ਸਬੰਧੀ ਅੱਜ ਸ਼ਾਮ ਤੱਕ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਅਤੇ 27 ਜਨਵਰੀ ਨੂੰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ’ਤੇ ਸਟੇਸ਼ਨ ਦਿੱਤੇ ਜਾਣਗੇ। ਲੇਕਿਨ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਫਰੰਟ ਦੇ ਆਗੂਆਂ ਨੂੰ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਵਿੱਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ: ਅਰਪਿਤ ਸ਼ੁਕਲਾ

ਪੰਜਾਬ ਵਿੱਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ: ਅਰਪਿਤ ਸ਼ੁਕਲਾ ਮੁਹਾਲੀ ਦੇ ਸਰ…