ਸਹਾਇਕ ਪ੍ਰੋਫੈਸਰਾਂ ਵੱਲੋਂ ਮੁਹਾਲੀ ਏਅਰਪੋਰਟ ਸੜਕ ’ਤੇ ਰੋਸ ਮੁਜ਼ਾਹਰਾ, ਨਾਅਰੇਬਾਜ਼ੀ

ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਮੂਹਰੇ ਲੜੀਵਾਰ ਧਰਨਾ 29ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 12 ਫਰਵਰੀ:
1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਏਅਰਪੋਰਟ ਸੜਕ ’ਤੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ, ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਲ ’ਤੇ ਸਥਿਤ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਮੂਹਰੇ ਦਿਨ ਰਾਤ ਦਾ ਲੜੀਵਾਰ ਪੱਕਾ ਮੋਰਚਾ ਅੱਜ 29ਵੇਂ ਦਿਨ ’ਚ ਦਾਖ਼ਲ ਹੋ ਗਿਆ।
ਬਲਵਿੰਦਰ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੋਈ ਵੀ ਭਰਤੀ ਮੁਕੰਮਲ ਨਹੀਂ ਕੀਤੀ। ਉਹ 1158 ਸਹਾਇਕ ਪ੍ਰੋਫ਼ੈਸਰ ਭਰਤੀ ਨੂੰ ਪੂਰਾ ਕਰਵਾਉਣ ਲਈ ਪਿਛਲੇ ਤਿੰਨ ਸਾਲ ਤੋਂ ਸੰਘਰਸ਼ ਕਰ ਰਹੇ ਹਨ। ਹਾਲੇ ਵੀ 240 ਉਮੀਦਵਾਰ ਨੌਕਰੀ ਲਈ ਤਰਲੇ ਕੱਢ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਮੁਕੰਮਲ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਰੂਪੀ ਜੰਗ ਜਾਰੀ ਰਹੇਗੀ।
ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਨਾਅਰਾ ਮਾਰਨ ਵਾਲੀ ‘ਆਪ’ ਸਰਕਾਰ ਅਧਿਆਪਕਾਂ ਨੂੰ ਸਕੂਲਾਂ, ਕਾਲਜਾਂ ਵਿੱਚ ਭੇਜਣ ਦੀ ਥਾਂ ਸੜਕਾਂ, ਥਾਣਿਆਂ ਅਤੇ ਜੇਲ੍ਹਾਂ ਵਿੱਚ ਰੋਲ ਰਹੀ ਹੈ। ਪੰਜਾਬ ਦੇ ਸਰਕਾਰੀ ਕਾਲਜ ਵੈਂਟੀਲੇਟਰ ’ਤੇ ਹਨ। ਉਨ੍ਹਾਂ ਭਰਤੀ ਦੇ ਰਹਿੰਦੇ ਵਿਸ਼ਿਆਂ ਦਾ ਨਤੀਜਾ ਜਾਰੀ ਕਰਨ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦੀ ਕੌਂਸਲਿੰਗ ਕਰਕੇ ਜਲਦੀ ਕਾਲਜਾਂ ਵਿੱਚ ਭੇਜਿਆ ਜਾਵੇ।
ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਉਕਤ ਭਰਤੀ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡ ਕੇ ਆਪਣੀ ਨਾਕਾਮੀ ਦਾ ਸਬੂਤ ਦਿੱਤਾ ਹੈ। 2021 ਵਿੱਚ 122, 2024 ਵਿੱਚ 483 ਅਤੇ ਜਨਵਰੀ 2025 ਵਿੱਚ 313 ਉਮੀਦਵਾਰਾਂ ਨੂੰ ਜੁਆਇਨ ਕਰਵਾਇਆ ਗਿਆ ਜਦਕਿ 240 ਉਮੀਦਵਾਰ ਨੌਕਰੀ ਤੋਂ ਵਾਂਝੇ ਬੈਠੇ ਹਨ। ਗੋਲਡੀ ਰਾਣੀ ਅਤੇ ਗੁਰਲਾਲ ਸਿੰਘ ਨੇ ਕਿਹਾ ਕਿ ਸਿੱਖਿਆ ਇਨਕਲਾਬ ਦੀ ਗੱਲ ਕਰਨ ਵਾਲੀ ਸਰਕਾਰ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਭਰਤੀ ਮੁਕੰਮਲ ਨਹੀਂ ਕੀਤੀ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੀਪੀ-67 ਮਾਲ ਤੇ ਬੈਸਟੈੱਕ ਮਾਲ ਦੇ ਬਾਹਰੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਗ੍ਰਿਫ਼ਤਾਰ

ਸੀਪੀ-67 ਮਾਲ ਤੇ ਬੈਸਟੈੱਕ ਮਾਲ ਦੇ ਬਾਹਰੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਗ੍ਰਿਫ਼ਤਾਰ ਮੁਲਜ਼ਮਾਂ ਕ…