Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2100 ਐਸੋਸੀਏਟ ਸਕੂਲਾਂ ਨੂੰ ਵੱਡੀ ਰਾਹਤ, ਮਾਨਤਾ ਬਰਕਰਾਰ

ਐਸੋਸੀਏਟਿਡ ਸਕੂਲਾਂ ਦੀ ਮਾਨਤਾ ਸਬੰਧੀ ਨਿਯਮ ਬਣਾਏ ਜਾਣ: ਓਪੀ ਸੋਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 27 ਮਈ:
ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਐਸੋਸੀਏਟਿਡ ਸਕੂਲ ਮਾਰਚ 2020 ਤੱਕ ਪਹਿਲਾਂ ਵਾਂਗ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੌਜੂਦਾ ਸਮੇਂ ਵਿੱਚ ਸਿੱਖਿਆ ਬੋਰਡ ਨਾਲ ਸਬੰਧਤ ਲਗਭਗ 2100 ਐਸੋਸੀਏਟ ਸਕੂਲਾਂ ਚਲ ਰਹੇ ਹਨ। ਜਿਨ੍ਹਾਂ ਵਿੱਚ ਜ਼ਿਆਦਾਤਰ ਗਰੀਬ ਵਰਗ ਦੇ ਲੋਕਾਂ ਦੇ ਬੱਚੇ ਪੜ੍ਹਦੇ ਹਨ। ਸਰਕਾਰ ਵੱਲੋਂ ਹਰੀ ਝੰਡੀ ਮਿਲਣ ਤੋਂ ਤੁਰੰਤ ਬਾਅਦ ਸਿੱਖਿਆ ਬੋਰਡ ਨੇ ਐਸੋਸੀਏਟਿਡ ਸਕੂਲਾਂ ਦੀ ਕੰਟੀਨਿਊਸ਼ਨ ਜਾਰੀ ਰੱਖਣ ਲਈ ਦਸਤਾਵੇਜ਼ ਅਤੇ ਫੀਸ ਦਾ ਬਿਉਰਾ ਆਪਣੀ ਵੈੱਬਸਾਈਟ www.pseb.ac.in ’ਤੇ ਅਪਲੋਡ ਕਰ ਦਿੱਤੇ ਹਨ।
ਸਿੱਖਿਆ ਵਿਭਾਗ ਰਾਹੀਂ ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਨੇ ਤਾਜ਼ਾ ਆਦੇਸ਼ ਵਿੱਚ ਸਕੂਲ ਬੋਰਡ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਮਾਰਚ 2020 ਤੱਕ ਸਾਰੇ ਐਸੋਸੀਏਟਿਡ ਸਕੂਲਾਂ ਨੂੰ ਐਫੀਲੀਏਸ਼ਨ ਪ੍ਰਦਾਨ ਕਰਨ ਸਬੰਧੀ ਨਿਯਮਾਂ ਦਾ ਗਠਨ ਯਕੀਨੀ ਬਣਾਇਆ ਜਾਵੇ। ਉਧਰ, ਪੰਜਾਬ ਬੋਰਡ ਨੇ ਸੋਮਵਾਰ ਨੂੰ ਪੰਜਾਬ ਭਰ ਦੇ ਐਸੋਸੀਏਟਿਡ ਸਕੂਲਾਂ ਨੂੰ 10 ਜੂਨ ਤੱਕ ਬਿਨਾਂ ਜੁਰਮਾਨਾ ਕੰਟੀਨਿਊਸ਼ਨ ਫੀਸ ਭਰ ਕੇ ਸਕੂਲ ਬੋਰਡ ਦੇ ਮੁੱਖ ਦਫ਼ਤਰ ਫੇਜ਼-8 ਵਿੱਚ ਆਪਣੀ ਰਜਿਸਟ੍ਰੇਸ਼ਨ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ। ਉਕਤ ਤੱਥਾ ਦੀ ਪੁਸ਼ਟੀ ਸਿੱਖਿਆ ਬੋਰਡ ਨੇ ਲਿਖਤੀ ਰੂਪ ਵਿੱਚ ਕੀਤੀ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਵੱਲੋਂ ਅਕਾਲੀ ਸਰਕਾਰ ਵੇਲੇ ਐਫੀਲੀਏਟਿਡ ਤੋਂ ਬਿਨਾਂ ਚੱਲ ਰਹੇ ਕਰੀਬ ਤਿੰਨ ਹਜ਼ਾਰ ਸਕੂਲਾਂ ਨੂੰ ਤਰਸ ਦੇ ਆਧਾਰ ’ਤੇ ਸਹਿਯੋਗੀ ਸਕੂਲਾਂ (ਐਸੋਸੀਏਟ ਸਕੂਲ) ਦਾ ਦਰਜਾ ਦਿੱਤਾ ਗਿਆ ਸੀ ਅਤੇ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਜਿਹੜੀਆਂ ਐਫੀਲੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲਦੀਆਂ ਹਨ।
ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਢੀਂਡਸਾ ਅਤੇ ਸਕੱਤਰ ਜਨਰਲ ਤੇਜਪਾਲ ਸਿੰਘ ਅਤੇ ਹਰਬੰਸ ਸਿੰਘ ਬਾਦਸ਼ਾਹਪੁਰ ਅਤੇ ਸੰਯੁਕਤ ਸੰਘਰਸ਼ ਫਰੰਟ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਅਤੇ ਜਨਰਲ ਸਕੱਤਰ ਲਖਬੀਰ ਸਿੰਘ ਨੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਵਿੱਚ ਐਸੋਸੀਏਟ ਸਕੂਲਾਂ ਵਿੱਚ 200 ਤੋਂ 500 ਰੁਪਏ ਫੀਸ ਲੈ ਕੇ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਜਿਸ ਦਾ ਸਬੂਤ ਸਿੱਖਿਆ ਬੋਰਡ ਦੇ ਪਿਛਲੇ ਦੋ ਸਾਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੇ ਘੋਸ਼ਿਤ ਨਤੀਜਿਆਂ ਤੋਂ ਮਿਲਦਾ ਹੈ। ਆਗੂਆਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕਮ ਬੋਰਡ ਦੇ ਕਾਰਜਕਾਰੀ ਚੇਅਰਮੈਨ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਇਨ੍ਹਾਂ ਸਕੂਲਾਂ ਸਬੰਧੀ ਨਿਯਮ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦੀ ਪਹਿਲਕਦਮੀ ਸਦਕਾ ਐਸੋਸੀਏਟਿਡ ਸਕੂਲਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਕੂਲ ਨੂੰ ਬਿਨਾਂ ਸ਼ਰਤ ਪੱਕੀ ਮਾਨਤਾ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…