ਖੇਤੀਬਾੜੀ ਮੰਤਰੀ ਦੇ ਭਰੋਸੇ ਮਗਰੋਂ ਖੇਤੀਬਾੜੀ ਵਿਕਾਸ ਅਫ਼ਸਰ ਨੇ ਧਰਨਾ ਚੁੱਕਿਆ

ਕਈ ਦਿਨਾਂ ਤੋਂ ਖੇਤੀ ਭਵਨ ਦੇ ਬਾਹਰ ਧਰਨੇ ’ਤੇ ਬੈਠੇ ਸਨ ਖੇਤੀਬਾੜੀ ਵਿਕਾਸ ਅਫ਼ਸਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਨਿਯਮਾਂ ਦੇ ਉਲਟ ਇੱਕ ਕਾਡਰ ਦੀਆਂ ਦੂਜੇ ਕਾਡਰ ਵਿੱਚ ਕੀਤੀਆਂ ਕਥਿਤ ਗੈਰ ਨਿਯਮਤ ਬਦਲੀਆਂ ਦਾ ਵਿਰੋਧ ਕਰਦੇ ਹੋਏ ਮੁਹਾਲੀ ਸਥਿਤ ਖੇਤੀ ਭਵਨ ਦੇ ਬਾਹਰ ਪਿਛਲੇ 37 ਦਿਨਾਂ ਤੋਂ ਲੜੀਵਾਰ ਧਰਨੇ ’ਤੇ ਬੈਠੇ ਖੇਤੀ ਟੈਕਨੋਕਰੇਟਸ (ਖੇਤੀਬਾੜੀ ਵਿਕਾਸ ਅਫ਼ਸਰ) ਨੇ ਅੱਜ ਦੇਰ ਸ਼ਾਮ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਮੰਤਰੀ ਨੇ ਧਰਨਾਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਖੇਤੀਬਾੜੀ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੰਦਿਆਂ ਉੱਚ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹਦਾਇਤਾਂ ਕੀਤੀਆਂ ਕਿ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਕੀਤੀਆਂ ਬਦਲੀਆਂ ਤੁਰੰਤ ਰੱਦ ਕਰਕੇ ਪੱਤਰ ਜਾਰੀ ਕੀਤਾ ਜਾਵੇ। ਉਨ੍ਹਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਖੇਤੀ ਬਚਾਉਣ ਲਈ ਸਰਕਾਰ ਦਾ ਪੂਰਨ ਸਾਥ ਦੇਣ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਕੰਮ ਕਰਨ ਵਾਲੇ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਦਰ ਕਰਦੇ ਹਨ ਅਤੇ ਹਮੇਸ਼ਾ ਉਨ੍ਹਾਂ ਦੀ ਪਿੱਠ ’ਤੇ ਖੜੇ ਰਹਿੰਦੇ ਹਨ। ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ।
ਇਸ ਮੌਕੇ ਜੈਕਾਰਿਆਂ ਗੂੰਜ ਵਿੱਚ ਖੇਤੀਬਾੜੀ ਵਿਕਾਸ ਅਫ਼ਸਰਾਂ ਧਰਨਾ ਖਤਮ ਕਰਨ ਦਾ ਐਲਾਨ ਕਰਦਿਆਂ ਖੇਤੀਬਾੜੀ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨਗੇ। ਜਥੇਬੰਦੀ ਦਾ ਪ੍ਰਧਾਨ ਡਾ. ਸੁਖਬੀਰ ਸਿੰਘ ਸੰਧੂ ਨੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦਾ ਖੇਤੀ ਟੈਕਨੋਕਰੇਟਸ ਦੇ ਹੱਕ ਵਿੱਚ ਖੜ੍ਹੇ ਹੋਣ ਲਈ ਧੰਨਵਾਦ ਕਰਦਿਆਂ ਪੰਜਾਬ ਨੂੰ ਮੁੜ ਬੁਲੰਦੀਆਂ ’ਤੇ ਲਿਜਾਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿੱਜੀ ਦਖਲ ਦੇ ਕੇ ਜਾਇਜ਼ ਮੰਗਾਂ ਦਾ ਫੌਰੀ ਹੱਲ ਕਰਨ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁਨਕਰ ਹੋਈ ਤਾਂ ਉਹ ਆਉਣ ਵਾਲੇ ਦਿਨਾਂ ਮੁੜ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…