
ਆਤਮਾ ਸਕੀਮ: ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ ਦਿੱਤੀ ਤਕਨੀਕੀ ਜਾਣਕਾਰੀ
ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਲਗਾਈ
ਨਬਜ਼-ਏ-ਪੰਜਾਬ, ਮੁਹਾਲੀ, 9 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਵੱਲੋਂ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਲਗਾਈ ਗਈ। ਜਿਸ ਦਾ ਉਦਘਾਟਨ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਕੀਤਾ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਸਾਉਣੀ ਦੀਆਂ ਫ਼ਸਲਾਂ, ਪਰਾਲੀ ਦੇ ਸੁਚੱਜੇ ਪ੍ਰਬੰਧ, ਕੁਦਰਤੀ ਸੋਮੇ, ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਅੰਕੜਾ) ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਦੀ ਸਿਹਤ, ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਦੀ ਬਹੁਤ ਜ਼ਰੂਰਤ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਬਿਜਲੀ ਦੀ ਨਿਰੰਤਰ ਸਪਲਾਈ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ ਸਰਕਾਰ ਦਾ ਸਾਥ ਦੇਣ ਲਈ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਮੱਛੀ ਪਾਲਣ ਦੇ ਡਿਪਟੀ ਡਾਇਰੈਕਟਰ ਡਾ. ਗੁਰਜੀਤ ਸਿੰਘ ਨੇ ਮੱਛੀ ਪਾਲਣ ਧੰਦੇ ਅਤੇ ਖੇਤੀਬਾੜੀ ਅਫ਼ਸਰ ਖਰੜ ਡਾ. ਸ਼ੁਭਕਰਨ ਸਿੰਘ ਨੇ ਝੋਨੇ ਦੀ ਫ਼ਸਲ ’ਤੇ ਹਮਲਾ ਕਰਨ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਡਾ. ਰਮਿੰਦਰ ਸਿੰਘ ਘੁੰਮਣ ਅਤੇ ਡਾ.ਨਵਨੀਤ ਕੌਰ ਧਾਲੀਵਾਲ ਅਤੇ ਕਿਸਾਨ ਸਲਾਹ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫ਼ਸਲਾਂ ਅਤੇ ਯੂਨੀਵਰਸਿਟੀ ਵੱਲੋਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ।
ਭੂਮੀ ਰੱਖਿਆ ਅਫ਼ਸਰ ਡਾ. ਅਨਿਲ ਬਾਨਾ ਨੇ ਤੁਪਕਾ ਅਤੇ ਸਿੰਚਾਈ ਤੇ ਸਬਸਿਡੀ ਅਤੇ ਡਿਪਟੀ ਪ੍ਰਾਜੈਕਟ ਡਾਇਰੈਕਟਰ (ਆਤਮਾ) ਸ੍ਰੀਮਤੀ ਸ਼ਿਖਾ ਸਿੰਗਲਾ ਨੇ ਆਤਮਾ ਸਕੀਮ ਅਧੀਨ ਵੱਖ ਵੱਖ ਗਤੀਵਿਧੀਆਂ ਬਾਰੇ ਦੱਸਿਆ। ਕਿਸਾਨ ਆਗੂ ਸ੍ਰੀ ਮੇਹਰ ਸਿੰਘ ਥੇੜੀ ਵੱਲੋਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਦੇ ਹੱਲ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ। ਕਿਸਾਨ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਅੰਕੜਾ) ਰਾਹੀਂ ਡੀਸੀ ਮੁਹਾਲੀ ਨੂੰ ਮੰਗ ਪੱਤਰ ਪੇਸ਼ ਕੀਤਾ।
ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਪਸੂ ਪਾਲਣ ਵਿਭਾਗ, ਭੂਮੀ ਰੱਖਿਆ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਆਪਣੇ ਵਿਭਾਗਾਂ ਨਾਲ ਸਬੰਧਿਤ ਗਤੀਵਿਧੀਆਂ ਦੀ ਪ੍ਰਦਰਸ਼ਨੀ ਵੀ ਲਗਾਈ। ਅਗਾਂਹਵਧੂ ਕਿਸਾਨਾਂ ਨੇ ਮੱਕੀ ਦੀ ਬਿਜਾਈ ਲਈ ਵਰਤੇ ਜਾਂਦੇ ਨਿਊਮੈਟਿਕ ਪਲਾਂਟਰ, ਪਰਾਲੀ ਦੀਆਂ ਗੰਢਾਂ ਬਣਾਉਣ ਵਾਲੇ ਬੇਲਰ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੇ ਜਾਂਦੇ ਸੁਪਰਸੀਡਰ ਮਸ਼ੀਨ ਦੀ ਪ੍ਰਦਰਸ਼ਨੀ ਵੀ ਲਗਾਈ।