
ਡੇਂਗੂ ’ਤੇ ਵਾਰ: ਮੈਕਸ ਹਸਪਤਾਲ ’ਚ ਮਿਲਿਆ ਡੇਂਗੂ ਦਾ ਲਾਰਵਾ
ਸਿਵਲ ਸਰਜਨ ਨੇ ਵਿਭਾਗੀ ਟੀਮ ਨਾਲ ਮੈਕਸ ਹਸਪਤਾਲ ਦਾ ਕੀਤਾ ਨਿਰੀਖਣ
ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ:
‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਮੈਡੀਕਲ ਲੈਬਾਰਟਰੀਆਂ ਵਿੱਚ ਚੈਕਿੰਗ ਕੀਤੀ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਖ਼ੁਦ ਸੀਨੀਅਰ ਅਧਿਕਾਰੀਆਂ ਦੀ ਟੀਮ ਨਾਲ ਮੈਕਸ ਹਸਪਤਾਲ ਦਾ ਦੌਰਾ ਕਰਕੇ ਨਿਰੀਖਣ ਕੀਤਾ। ਇਸ ਦੌਰਾਨ 3 ਥਾਵਾਂ ਤੋਂ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਮਿਲਿਆ।
ਸਿਵਲ ਸਰਜਨ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਕੰਪਲੈਕਸ ਵਿੱਚ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਅਤੇ ਅਗਲੀ ਵਾਰ ਡੇਂਗੂ ਲਾਰਵਾ ਮਿਲਣ ’ਤੇ ਜੁਰਮਾਨਾ ਕੀਤਾ ਜਾਵੇਗਾ। ਹਸਪਤਾਲ ਪ੍ਰਬੰਧਕਾਂ ਅਤੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇੱਕੋ ਸਮੇਂ ਸਵੇਰੇ 9 ਤੋਂ 10 ਵਜੇ ਤੱਕ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਡੇਂਗੂ ਰੋਕਥਾਮ ਮੁਹਿੰਮ ਚਲਾਈ। ਇਸ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿੱਥੇ-ਜਿੱਥੇ ਵੀ ਡੇਂਗੂ ਦਾ ਲਾਰਵਾ ਮਿਲਿਆ, ਉੱਥੇ ਚਿਤਾਵਨੀ ਦਿੱਤੀ ਗਈ।
ਡਾ. ਆਹੂਜਾ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜੋ ਮਰੀਜ਼ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖੀਰ ਤੱਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।