
ਕਾਲੀਆ ਦੇ ਘਰ ’ਤੇ ਅਟੈਕ: ਭਾਜਪਾ ਵੱਲੋਂ ਮੁਹਾਲੀ ਵਿੱਚ ‘ਆਪ’ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ
ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬੁਰੀ ਤਰ੍ਹਾਂ ਫੇਲ੍ਹ ਦੱਸਿਆ, ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਿਆ
ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ:
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਵਰਕਰਾਂ ਨੇ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬੁਰੀ ਤਰ੍ਹਾਂ ਫੇਲ੍ਹ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।
ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਨਰਿੰਦਰ ਰਾਣਾ, ਪਰਮਜੀਤ ਸਿੰਘ ਵਾਲੀਆ, ਦਰਸ਼ਨ ਸਿੰਘ ਸ਼ਿਵਜੋਤ, ਜਗਦੀਪ ਉਜਲ, ਪਵਨ ਮਨੋਚਾ, ਮੀਨਾ ਜੋਸ਼ੀ, ਪ੍ਰਵੇਸ਼ ਭੱਟੀ, ਰਜਿੰਦਰ ਸ਼ਰਮਾ, ਸ੍ਰੀਨਿਵਾਸ, ਰਾਮ ਨਿਵਾਸ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਨੂੰ ਰੱਜ ਕੇ ਕੋਸਿਆ। ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਪੰਜਾਬ ਵਿੱਚ ਲੜੀਵਾਰ ਬੰਬ ਧਮਾਕੇ ਹੋ ਰਹੇ ਹਨ, ਗੈਂਗਸਟਰਾਂ ਵੱਲੋਂ ਸ਼ਰ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਹੁਣ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਬਦਹਾਲੀ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਇੰਜ ਹੀ ਭਾਜਪਾ ਦੇ ਸੀਨੀਅਰ ਆਗੂ ਖੁਸ਼ਵੰਤ ਰਾਏ ਗੀਗਾ, ਹਰਵਿੰਦਰ ਸਿੰਘ ਹਰਪਾਲਪੁਰ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਅਸ਼ੋਕ ਝਾਅ ਅਤੇ ਸੁਭਾਸ਼ ਅਗਰਵਾਲ, ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ, ਕਮਲਦੀਪ ਸਿੰਘ ਸੈਣੀ, ਓਮਾ ਕਾਂਤ ਤਿਵਾੜੀ, ਅਮਰੀਕ ਸਿੰਘ ਹੈਪੀ ਅਤੇ ਅਸ਼ਮਨ ਅਰੋੜਾ ਨੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਨਿਵਾਸ ਉੱਤੇ ਹੈਂਡ ਗਰਨੇਡ ਨਾਲ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੇ ਸ਼ਾਸਨ ਵਿੱਚ ਆਮ ਆਦਮੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਭਾਜਪਾ ਆਗੂ ਅਨਿਲ ਕੁਮਾਰ ਗੁੱਡੂ, ਰੀਤਾ ਸਿੰਘ, ਵਿਜੈ ਸ਼ਰਮਾ ਅਤੇ ਅਨਿਲ ਗੁਪਤਾ ਨੇ ਵੀ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।