
ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹਮਲਾ ਮੰਦਭਾਗਾ: ਚੰਦੂਮਾਜਰਾ
ਨਬਜ਼-ਏ-ਪੰਜਾਬ, ਮੁਹਾਲੀ, 23 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਘੁੰਮਣ ਆਏ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਹਮਲਾ ਨਿਹੱਥੇ ਮਾਸੂਮਾਂ ’ਤੇ ਨਹੀਂ ਬਲਕਿ ਸਮੁੱਚੀ ਮਨੁੱਖਤਾ ’ਤੇ ਹੋਇਆ ਵੱਡਾ ਅੱਤਵਾਦੀ ਹਮਲਾ ਹੈ, ਜਿਸ ਨੇ ਸਮੁੱਚੇ ਸੰਸਾਰ ਦੇ ਅਮਨ ਸ਼ਾਂਤੀ ਪਸੰਦ ਲੋਕਾਂ ਦੇ ਮਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਸ਼ਰ੍ਹੇਆਮ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਬਹੁਤ ਹੀ ਕਾਇਰਤਾ ਅਤੇ ਸ਼ਰਮਨਾਕ ਕਾਰਨਾਮਾ ਹੈ। ਉਨ੍ਹਾਂ ਨੇ ਇਸ ਹਮਲੇ ਵਿੱਚ ਜਾਨਾਂ ਗਵਾਉਣ ਵਾਲੇ ਸੈਲਾਨੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅੱਤਵਾਦੀਆਂ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਮੁਲਜ਼ਮਾਂ ਨੂੰ ਸਖ਼ਤ ਮਿਸਾਲੀ ਸਜਾਵਾਂ ਦੇਣ ਲਈ ਯੋਗ ਪੈਰਵਾਈ ਕੀਤੀ ਅਤੇ ਭਵਿੱਖ ਵਿੱਚ ਸੈਰ ਸਪਾਟਾ ਸਥਾਨਾਂ ’ਤੇ ਘੁੰਮਣ ਆਉਣ ਵਾਲੇ ਸੈਲਾਨੀਆਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਅੱਤਵਾਦ ਦੇ ਮੁਕੰਮਲ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣ।