nabaz-e-punjab.com

ਧਰਨਾਕਾਰੀ ਕਿਸਾਨਾਂ ’ਤੇ ਹਮਲਾ ਬੇਹੱਦ ਨਿੰਦਣਯੋਗ, ਕਿਸਾਨਾਂ ਪ੍ਰਤੀ ਕੇਂਦਰ ਦੀ ਨੀਤੀ ਮਾੜੀ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਸਿੱਖ ਕਿਸਾਨ ਆਗੂ ਅਤੇ ਆਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਸਟੇਟ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਸ਼ਾਂਤੀਪੂਰਬਕ ਧਰਨੇ ’ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਉੱਤੇ ਹਮਲੇ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾ ਇਸ ਨੂੰ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਹਮਲੇ ਨਾਲ ਕੇਂਦਰ ਦਾ ਕਿਸਾਨਾਂ ਪ੍ਰਤੀ ਨਾਂਹ-ਪੱਖੀ ਰਵੱਈਆ ਇੱਕ ਵਾਰ ਫਿਰ ਸਭ ਦੇ ਸਾਹਮਣੇ ਆ ਗਿਆ ਹੈ।
ਇੱਥੇ ਵਰਨਣਯੋਗ ਹੈ ਕਿ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਕੁਝ ਸ਼ਰਾਰਤੀ ਅਨਸਰਾਂ ਨੇ ਅੰਦੋਲਨਕਾਰੀ ਕਿਸਾਨਾਂ ਦੇ ਧਰਨੇ ਵਾਲੀ ਥਾਂ ਉੱਤੇ ਪੁੱਜ ਕੇ ਹੰਗਾਮਾ ਕੀਤਾ, ਨਾਅਰੇਬਾਜ਼ੀ ਕੀਤੀ ਅਤੇ ਪਥਰਾਅ ਕੀਤਾ। ਪੁਲੀਸ ਨੂੰ ਅੱਥਰੂ ਗੈਸ ਦੀ ਵਰਤੋਂ ਵੀ ਕਰਨੀ ਪਈ।
ਸ੍ਰੀ ਬਡਹੇੜੀ ਨੇ ਕਿਹਾ ਕਿ ਸਭ ਤੋਂ ਵੱਡਾ ਸੁਆਲ ਤਾਂ ਇਹੋ ਪੈਦਾ ਹੁੰਦਾ ਹੈ ਕਿ ਆਖ਼ਰ ਸ਼ਰਾਰਤੀ ਅਨਸਰਾਂ ਨੂੰ ਧਰਨੇ ਵਾਲੀ ਥਾਂ ਉੱਤੇ ਜਾਣ ਦੀ ਇਜਾਜ਼ਤ ਕਿਉਂ ਦਿੱਤੀ ਗਈ, ਜਦੋਂਕਿ ਮੀਡੀਆ ਦੀ ਗੱਡੀ ਤੇ ਦਿੱਲੀ ਸਰਕਾਰ ਦੇ ਟੈਂਕਰਾਂ ਨੂੰ ਵੀ ਉਸ ਜਗ੍ਹਾ ਤੋਂ ਇੱਕ ਕਿੱਲੋਮੀਟਰ ਪਹਿਲਾਂ ਹੀ ਰੋਕ ਦਿੱਤਾ ਜਾਂਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਤਿੰਨੇ ਕਾਨੂੰਨਾਂ ਵਿਰੁੱਧ ਲੱਖਾਂ ਕਿਸਾਨ ਦੋ ਮਹੀਨਿਆਂ ਤੋਂ ਸੜਕਾਂ ‘ਤੇ ਹਨ ਪਰ ਸਰਕਾਰ ਉਨ੍ਹਾਂ ਦੀ ਸੁਣ ਨਹੀਂ ਰਹੀ। ਗਣਤੰਤਰ ਦਿਵਸ ਵਾਲੇ ਦਿਨ ਵੀ ਕੁਝ ਲੋਕਾਂ ਨੂੰ ਜਾਣਬੁੱਝ ਕੇ ਲਾਲ ਕਿਲੇ ਤੱਕ ਜਾਣ ਦਿੱਤਾ ਗਿਆ ਕਿ ਤਾਂ ਜੋ ਬਾਅਦ ਵਿੱਚ ਬਹਾਨੇ ਨਾਲ ਕਿਸਾਨ ਆਗੂਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਸ੍ਰੀ ਬਡਹੇੜੀ ਨੇ ਇਹ ਵੀ ਕਿਹਾ ਕਿ ਹਿੰਸਾ ਨਾਲ ਕੋਈ ਹੱਲ ਨਹੀਂ ਹੋਵੇਗਾ। ਸਰਕਾਰ ਹੁਣ ਡੰਡਾ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਬਰਦਾਸ਼ਤ ਨਹੀਂ ਹੋਵੇਗਾ। ਇਹ ਕਿਸੇ ਇੱਕ ਭਾਈਚਾਰੇ ਦੀ ਆਵਾਜ਼ ਨਹੀਂ ਹੈ। ਕਸ਼ਮੀਰ ਤੇ ਪੰਜਾਬ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਦੇ ਕਿਸਾਨ ਰੋਸ ਮੁਜ਼ਾਹਰੇ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …