ਸਾਬਕਾ ਮੇਅਰ ਦੇ ਆਜ਼ਾਦ ਗਰੁੱਪ ਦੇ ਮੁੱਖ ਚੋਣ ਦਫ਼ਤਰ ਤੇ ਸਮਰਥਕਾਂ ਉੱਤੇ ਹਮਲਾ ਕਰਨ ਦਾ ਯਤਨ

ਕੈਬਨਿਟ ਮੰਤਰੀ ਸਿੱਧੂ, ਚੰਦੂਮਾਜਰਾ ਤੇ ਸੁਖਬੀਰ ਦੇ ਸਿਆਸੀ ਸਲਾਹਕਾਰ ਬਰਾੜ ਦੀ ਸ਼ਹਿ ’ਤੇ ਹੋਇਆ ਹਮਲਾ: ਆਜ਼ਾਦ ਗਰੁੱਪ

ਮੁੱਖ ਚੋਣ ਕਮਿਸ਼ਨ ਤੇ ਐਸਐਸਪੀ ਨੂੰ ਭੇਜੀਆਂ ਸ਼ਿਕਾਇਤਾਂ, ਪੁਲੀਸ ਵੱਲੋਂ ਡੂੰਘਾਈ ਨਾਲ ਜਾਂਚ ਸ਼ੁਰੂ

ਮੁਹਾਲੀ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਜਾਵੇ ਤੇ ਪੋਲਿੰਗ ਬੂਥਾਂ ਦੀ ਵੀਡੀਓ ਗਰਾਫ਼ੀ ਦੀ ਕੀਤੀ ਜਾਵੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਕ ਦੂਜੇ ਨੂੰ ਢਾਹ ਲਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਇੱਥੋਂ ਸੈਕਟਰ-79 ਵਿਖੇ ਬਾਅਦ ਦੁਪਹਿਰ ਉਸ ਵੇਲੇ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਕੁੱਝ ਵਿਅਕਤੀਆਂ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਦੇ ਮੁੱਖ ਚੋਣ ਦਫ਼ਤਰ ਉੱਤੇ ਕਥਿਤ ਹਮਲਾ ਅਤੇ ਉੱਥੇ ਮੌਜੂਦ ਵਰਕਰਾਂ ਅਤੇ ਸਮਰਥਕਾਂ ਨੂੰ ਜਾਨੀ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ ਗਿਆ। ਹਮਲਾਵਰਾਂ ਦੇ ਹੱਥਾਂ ਵਿੱਚ ਕਿਸਾਨੀ ਝੰਡੇ ਫੜੇ ਹੋਏ ਸੀ। ਇਨ੍ਹਾਂ ਚੋਂ ਕਈ ਵਿਅਕਤੀਆਂ ਕੋਲ ਤਲਵਾਰਾਂ ਅਤੇ ਅਸਲਾ ਵੀ ਸੀ।
ਇਸ ਸਬੰਧੀ ਸ਼ਾਮ ਨੂੰ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸਾਬਕਾ ਮੇਅਰ ਕੁਲਵੰਤ ਸਿੰਘ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਅਤੇ ਸੁਖਦੇਵ ਸਿੰਘ ਪਟਵਾਰੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਦਫ਼ਤਰ ਅਤੇ ਵਰਕਰਾਂ ’ਤੇ ਇਹ ਹਮਲਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਦੀ ਸ਼ਹਿ ’ਤੇ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਆਪਣੇ ਛੋਟੇ ਭਰਾ ਨੂੰ ਮੇਅਰ ਬਣਾਉਣ ਲਈ ਹਰ ਹੀਲਾ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ, ਚੰਦੂਮਾਜਰਾ ਅਤੇ ਬਰਾੜ ਕਥਿਤ ਤੌਰ ’ਤੇ ਆਪਸ ਵਿੱਚ ਮਿਲ ਕੇ ਚੋਣਾਂ ਲੜ ਰਹੇ ਹਨ ਅਤੇ ਆਜ਼ਾਦ ਗਰੁੱਪ ਨੂੰ ਹਰ ਪੱਖੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਹਮਲੇ ਸਬੰਧੀ ਚੋਣ ਕਮਿਸ਼ਨ ਅਤੇ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਮੰਗ ਕੀਤੀ ਕਿ ਇਸ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਹਮਲਾਵਰਾਂ ਅਤੇ ਇਸ ਹਮਲੇ ਦੀ ਸਾਜ਼ਿਸ਼ ਰਚਨ ਵਾਲੇ ਰਾਜਸੀ ਆਗੂਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ ਅਤੇ ਸ਼ਹਿਰ ਵਿੱਚ ਉਨ੍ਹਾਂ ਦੇ ਪੱਖ ਵਿੱਚ ਚੱਲ ਰਹੀ ਲਹਿਰ ਨੂੰ ਦੇਖ ਕੇ ਸਿੱਧੂ, ਚੰਦੂਮਾਜਰਾ ਤੇ ਬਰਾੜ ਜੁੰਡਲੀ ਘਬਰਾ ਗਈ ਹੈ ਅਤੇ ਅਜਿਹੇ ਹਮਲੇ ਕਰਵਾ ਕੇ ਵਿਕਾਸ ਦੇ ਮੁੱਦੇ ਨੂੰ ਪ੍ਰਭਾਵਿਤ ਕਰਕੇ ਮੁਹਾਲੀ ਵਿੱਚ ਦਹਿਸ਼ਤ ਦਾ ਮਾਹੌਲ ਬਣਾਉਣਾ ਚਾਹੁੰਦੇ ਹਨ।
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਮੁਹਾਲੀ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਜਾਵੇ ਅਤੇ ਸ਼ਹਿਰ ਦੇ ਸਾਰੇ ਪੋਲਿੰਗ ਬੂਥਾਂ ਦੀ ਵੀਡੀਓ ਗਰਾਫ਼ੀ ਦੀ ਵਿਵਸਥਾ ਕੀਤੀ ਜਾਵੇ। ਇਹ ਵੀ ਮੰਗ ਕੀਤੀ ਕਿ ਨਿਰਪੱਖ ਚੋਣਾਂ ਕਰਵਾਉਣ ਲਈ ਮੁਹਾਲੀ ਵਿੱਚ ਸੀਆਰਪੀਐਫ਼ ਅਤੇ ਬੀਐਸਐਫ਼ ਦੀਆਂ ਟੁਕੜੀਆਂ ਨੂੰ ਤਾਇਨਾਤ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਭੈਅ ਤੋਂ ਮਤਦਾਨ ਕਰ ਸਕਣ।
ਉਧਰ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਨੇ ਸਾਬਕਾ ਮੇਅਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਆਜ਼ਾਦ ਗਰੁੱਪ ਦੇ ਦੋਸ਼ਾਂ ਵਿੱਚ ਰੱਤੀ ਭਰ ਵੀ ਸਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਸਮੂਹ ਰਾਜਸੀ ਪਾਰਟੀਆਂ ਨੂੰ ਕਿਸਾਨੀ ਝੰਡੇ ਜਾਂ ਕਿਸਾਨੀ ਨਾਲ ਸਬੰਧਤ ਬੋਰਡ ਵਰਤਣ ਦੀ ਮਨਾਹੀ ਕੀਤੀ ਹੋਈ ਹੈ, ਪ੍ਰੰਤੂ ਸਾਬਕਾ ਮੇਅਰ ਦੇ ਚੋਣ ਦਫ਼ਤਰ ਦੇ ਬਾਹਰ ਕਿਸਾਨੀ ਝੰਡੇ ਅਤੇ ਕਿਸਾਨਾਂ ਦਾ ਚਿੰਨ੍ਹ ਲਗਾ ਕੇ ਸਿਆਹੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦਾ ਕਿਸਾਨਾਂ ਨੇ ਸਖ਼ਤ ਇਤਰਾਜ਼ ਕਰਦਿਆਂ ਅਜਿਹਾ ਕਰਨ ਤੋਂ ਵਰਜਿਆ ਗਿਆ ਹੈ। ਇਸ ਹਮਲੇ ਨਾਲ ਅਕਾਲੀ ਦਲ ਜਾਂ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।
ਇਸੇ ਤਰ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਬਕਾ ਮੇਅਰ ਅਤੇ ਉਸ ਦੇ ਸਾਥੀ ਬੁਖਲਾ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਦੇ ਵੀ ਚੰਦੂਮਾਜਰਾ ਨਾਲ ਸਿਆਸੀ ਸਮਝੌਤਾ ਨਹੀਂ ਕਰ ਸਕਦੇ ਹਨ। ਲਿਹਾਜ਼ਾ ਉਨ੍ਹਾਂ ਨਾਲ ਮਿਲ ਕੇ ਚੋਣਾਂ ਲੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਨੂੰ ਦੂਸ਼ਣਬਾਜ਼ੀ ਕਰਨ ਦੀ ਥਾਂ ਆਪਣੀਆਂ ਪ੍ਰਾਪਤੀਆਂ ਗਿਣਵਾਉਣੀਆਂ ਚਾਹੀਦੀਆਂ ਹਨ ਕਿਉਂਕਿ ਸ਼ਹਿਰ ਦੇ ਲੋਕ ਭਲੀਭਾਂਤ ਜਾਣੂ ਹਨ ਕਿ ਉਨ੍ਹਾਂ ਨੇ ਪੰਜ ਸਾਲਾਂ ਵਿੱਚ ਕੋਈ ਵੱਡਾ ਮਾਰਕਾ ਨਹੀਂ ਮਾਰਿਆ ਹੈ ਜਦੋਂਕਿ ਪਿਛਲੇ ਚਾਰ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …