nabaz-e-punjab.com

ਆਸਟਰੇਲੀਅਨ ਹਾਈ ਕਮਿਸ਼ਨਰ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਸਮਾਰਟ ਸਿਟੀ, ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਕੀਤੀਆਂ ਵਿਚਾਰਾਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਮਈ
ਆਸਟਰੇਲੀਅਨ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਵੱਲੋਂ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ। ਇਥੇ ਸੈਕਟਰ-35 ਸਥਿਤ ਸਥਾਨਕ ਸਰਕਾਰਾਂ ਭਵਨ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਆਸਟਰੇਲੀਆ ਤੇ ਪੰਜਾਬ ਵਿਚਾਲੇ ਸਮਾਰਟ ਸਿਟੀ, ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਆਸਟਰੇਲੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਸਟਰੇਲੀਆ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਉਥੋਂ ਦੀ ਤਰੱਕੀ ਵਿੱਚ ਬਹੁਤ ਯੋਗਦਾਨ ਪਾ ਰਹੇ ਹਨ।
ਇਸ ’ਤੇ ਆਸਟਰੇਲੀਅਨ ਹਾਈ ਕਮਿਸ਼ਨਰ ਨੇ ਆਸਟਰੇਲੀਆ ਵਿੱਚ ਰਹਿੰਦੇ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਸਟਰੇਲੀਆ ਤੇ ਪੰਜਾਬ ਬਹੁਤ ਸਹਿਯੋਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਆਸਟਰੇਲੀਆ ਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦਾ ਆਪਸੀ ਸਹਿਮਤੀ ਦਾ ਸਮਝੌਤਾ ਹੋਇਆ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਹੁਲਾਰਾ ਮਿਲ ਰਿਹਾ ਹੈ। ਸ੍ਰੀ ਸਿੱਧੂ ਨੇ ਆਸਟਰੇਲੀਅਨ ਹਾਈ ਕਮਿਸ਼ਨਰ ਨਾਲ ਸਮਰਾਟ ਸਿਟੀ ਪ੍ਰਾਜੈਕਟ ਬਾਰੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਡੇ ਤਿੰਨ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਨੂੰ ਸਮਾਰਟ ਸਿਟੀ ਦੇ ਤੌਰ ’ਤੇ ਵਿਕਸਤ ਕਰਨ ਦੀ ਯੋਜਨਾ ਹੈ ਅਤੇ ਇਸ ਪ੍ਰਾਜੈਕਟ ਵਿੱਚ ਉਹ ਆਸਟਰੇਲੀਆ ਵੱਲੋਂ ਸਹਿਯੋਗ ਦੀ ਵੀ ਆਸ ਕਰਦੇ ਹਨ ਜਿਸ ’ਤੇ ਆਸਟਰੇਲੀਅਨ ਹਾਈ ਕਮਿਸ਼ਨਰ ਨੇ ਸਕਰਾਤਮਕ ਹੁੰਗਾਰਾ ਭਰਦਿਆਂ ਇਸ ਸਬੰਧੀ ਖੁਸ਼ੀ ਵੀ ਜ਼ਾਹਰ ਕੀਤੀ।
ਇਸ ਮੁਲਾਕਾਤ ਦੌਰਾਨ ਗੈਰ ਰਸਮੀ ਗੱਲਬਾਤ ਕਰਦਿਆਂ ਆਸਟਰੇਲੀਅਨ ਹਾਈ ਕਮਿਸ਼ਨਰ ਨੇ ਸ੍ਰੀ ਸਿੱਧੂ ਅਤੇ ਨਾਲ ਬੈਠੇ ਵਿਧਾਇਕ ਪ੍ਰਗਟ ਸਿੰਘ ਵੱਲੋਂ ਕ੍ਰਮਵਾਰ ਕ੍ਰਿਕਟ ਤੇ ਹਾਕੀ ਖੇਡ ਵਿੱਚ ਭਾਰਤ ਲਈ ਪਾਏ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ। ਇਸ ਮੌਕੇ ਵਿਧਾਇਕ ਪ੍ਰਗਟ ਸਿੰਘ, ਡਾ. ਅਮਰ ਸਿੰਘ (ਸੇਵਾਮੁਕਤ ਆਈਏਐਸ) ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ, ਸਕੱਤਰ ਜੇ.ਐਮ.ਬਾਲਾਮੁਰਗੁਨ ਤੇ ਡਾਇਰੈਕਟਰ ਕੇ.ਕੇ.ਯਾਦਵ, ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਤੇ ਡਾਇਰੈਕਟਰ ਡਾ. ਨਵਜੋਤ ਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In International

Check Also

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ ਮੁੱਖ…