Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਕਲ ਵਿਰੁੱਧ ਜਾਗਰੂਕਤਾ ਦਾ ਹੋਕਾ ਸ਼ਾਸਤਰੀ ਮਾਡਲ ਸਕੂਲ ਮੁਹਾਲੀ ਵਿੱਚ ਨਕਲ ਵਿਰੋਧੀ ਸੈਮੀਨਾਰ ਆਯੋਜਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਦਾ ਬੀੜਾ ਚੁੱਕਦਿਆਂ ਸ਼ਹਿਰਾਂ ਅਤੇ ਪਿੰਡਾਂ ਪੱਧਰ ’ਤੇ ਨਕਲ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਸਿੱਖਿਆ ਬੋਰਡ ਵੱਲੋਂ ਇੱਥੋਂ ਦੇ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿੱਚ ਨਕਲ ਵਿਰੋਧ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ 40 ਐਫੀਲੀਏਟਿਡ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਸਿੱਖਿਆ ਅਦਾਰਿਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸੈਮੀਨਾਰ ਦਾ ਪ੍ਰਬੰਧ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਹਾਲੀ ਖੇਤਰੀ ਦਫ਼ਤਰ ਅਤੇ ਜ਼ਿਲ੍ਹਾ ਗਾਈਡੈਂਸ ਅਤੇ ਕੌਂਸਲਰ ਵੱਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਮਿਆਰੀ ਸਿੱਖਿਆ ’ਤੇ ਜ਼ੋਰ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਧਾਰਾ 144 ਲਾਗੂ ਕੀਤੀ ਜਾਵੇਗੀ। ਇਸ ਸਬੰਧੀ ਸਮੂਹ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਪੱਤਰ ਲਿਖੇ ਜਾਣਗੇ। ਇਸ ਤੋਂ ਇਲਾਵਾ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਨਾਲ ਨਾਲ ਬੱਚਿਆਂ ਦੇ ਮਾਪਿਆਂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ। ਇਸ ਸਬੰਧੀ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਉਡਣ ਦਸਤੇ ਬਣਾਏ ਜਾਣਗੇ ਅਤੇ ਦੋਵੇਂ ਜਮਾਤਾਂ ਦਾ ਪਹਿਲਾ ਪੇਪਰ ਪੰਜਾਬੀ ਵਿਸ਼ੇ ਦਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਕੰਟਰੋਲਰ (ਪ੍ਰੀਖਿਆਵਾਂ) ਨਰਿੰਦਰ ਕੌਰ ਨੇ ਕਿਹਾ ਕਿ ਜਿਵੇਂ ਕਿ ਸਾਲਾਨਾ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ। ਇਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਨਕਲ ਤੋਂ ਗੁਰੇਜ਼ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਆਪਣੀ ਕਾਬਲੀਅਤ ਅਨੁਸਾਰ ਹੀ ਉਚੇਰੀ ਸਿੱਖਿਆ ਵੱਲ ਵੱਧ ਸਕਣ। ਇਸ ਸੈਮੀਨਾਰ ਵਿੱਚ ਸਾਬਕਾ ਏਡੀਪੀਆਈ ਡਾ. ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਗਾਈਡੈਂਸ ਅਤੇ ਕੌਂਸਲਰ ਹਰਵਿੰਦਰ ਸਿੰਘ ਵੱਲੋਂ ਵੀ ਨਕਲ ਰੋਕਣ ਸਬੰਧੀ ਆਪਣੇ ਵੱਖ ਵੱਖ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ ਗਏ। ਸ਼ਾਸਤਰੀ ਮਾਡਲ ਸਕੂਲ ਫੇਜ਼-1 ਦੇ ਮੈਨੇਜਰ ਰਜਨੀਸ਼ ਕੁਮਾਰ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੇਨੂ ਬਾਲਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ