Share on Facebook Share on Twitter Share on Google+ Share on Pinterest Share on Linkedin ਡੇਂਗੂ ਦੀ ਰੋਕਥਾਮ ਲਈ ਤੁਰੰਤ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ: ਡੀਸੀ ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ਵਿੱਚ ਲਿਆ ਵੱਖ ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਫੈਲਣ ਤੋਂ ਰੋਕਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਬਰਸਾਤ ਦੇ ਮੌਸਮ ਵਿੱਚ ਡੇਂਗੂ ਫੈਲਣ ਤੋਂ ਰੋਕਣ ਲਈ ਹੁਣੇ ਤੋਂ ਉਪਰਾਲੇ ਵਿੱਢੇ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਬੀਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਸਿਹਤ ਵਿਭਾਗ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਰੂਟੀਨ ਸਰਵੇਖਣ ਦੌਰਾਨ ਘਰਾਂ ਵਿੱਚ ਕੂਲਰਾਂ ਅਤੇ ਹੋਰ ਥਾਵਾਂ ’ਤੇ ਜਮ੍ਹਾਂ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ’ਤੇ ਕੀਤੇ ਜਾਂਦੇ ਚਲਾਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤਾਂ ਕੀਤੀਆਂ ਕਿ ਘਰਾਂ ਵਿਚਲੇ ਕੂਲਰਾਂ ਅਤੇ ਹੋਰ ਥਾਵਾਂ ’ਤੇ ਜਮ੍ਹਾਂ ਪਾਣੀ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਉਤੇ ਸਿਹਤ ਵਿਭਾਗ ਅਤੇ ਮਿਊਂਸਿਪਲ ਕਾਰਪੋਰੇਸ਼ਨ/ਕਮੇਟੀਆਂ ਸਾਂਝੇ ਤੌਰ ’ਤੇ ਰੋਜ਼ਾਨਾ ਆਧਾਰ ’ਤੇ ਚਲਾਨ ਕਰਨ ਅਤੇ ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਲੋਕਾਂ ਨੂੰ ਫਰਾਈ ਡੇ-ਡਰਾਈ ਡੇ ਮੁਹਿੰਮ ਬਾਰੇ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਹੁਣ ਤੋਂ ਹੀ ਡੇਂਗੂ ਦਾ ਲਾਰਵਾ ਮਿਲਣਾ ਸ਼ੁਰੂ ਹੋ ਗਿਆ ਹੈ, ਉਨ੍ਹਾਂ ਦੀ ਸ਼ਨਾਖਤ ਕਰ ਕੇ ਉਥੇ ਜ਼ਿਆਦਾ ਧਿਆਨ ਦਿੱਤਾ ਜਾਵੇ। ਉਨ੍ਹਾਂ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਪ੍ਰੋਗਰਾਮ, ਆਰ.ਐਨ.ਟੀ.ਸੀ.ਪੀ. ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਕੌਮੀ ਕੋਹੜ ਖਾਤਮਾ ਪ੍ਰੋਗਰਾਮ, ਨੈਸ਼ਨਲ ਵਾਇਰਲ ਹੈਪੇਟਾਈਟਿਸ ਕੰਟਰੋਲ ਪ੍ਰੋਗਰਾਮ, ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਤੇ ਸਵੱਛਤਾ ਹੀ ਸੇਵਾ ਅਭਿਆਨ ਦਾ ਜਾਇਜ਼ਾ ਵੀ ਲਿਆ। ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵੀਨਾ ਜਰੇਵਾਲ ਨੇ ਜਾਣਕਾਰੀ ਦਿੱਤੀ ਕਿ ਸਿਹਤ ਪ੍ਰਤੀ ਜਾਗਰੂਕਤਾ ਅਭਿਆਨ ਤਹਿਤ 8 ਤੋਂ 23 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ (ਆਈ.ਡੀ.ਐਫ.ਸੀ.) ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਆਸ਼ਾ ਵਰਕਰਾਂ ਵੱਲੋਂ 0-5 ਸਾਲ ਤੱਕ ਦੇ ਬੱਚਿਆਂ ਨੂੰ ਘਰ ਘਰ ਜਾ ਕੇ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਆਂਗਨਵਾੜੀ ਅਤੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਸਾਫ-ਸਫ਼ਾਈ ਤੇ ਹੱਥ ਧੋਣ ਦੇ ਸਹੀ ਤਰੀਕੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮਗਰੋਂ ਉਨ੍ਹਾਂ ਡੈਪੋ/ਬਡੀ, ਟਰਾਂਸਪੋਰਟ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੇਵਾ ਕੇਂਦਰ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਫੀਲਡ ਵਿੱਚ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਫੀਲਡ ਵਿੱਚ ਪੇਸ਼ ਆਉਂਦੀਆਂ ਮੁਸ਼ਕਲਾਂ ਉਨ੍ਹਾਂ ਨਾਲ ਬੇਝਿਜਕ ਸਾਂਝੀਆਂ ਕਰ ਸਕਦੇ ਹਨ, ਜਿਨ੍ਹਾਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਡੇਰਾਬੱਸੀ ਸ੍ਰੀਮਤੀ ਪੂਜਾ ਸਿਆਲ, ਐਸ.ਡੀ.ਐਮ. ਖਰੜ ਸ੍ਰੀ ਵਿਨੋਦ ਬਾਂਸਲ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ