Nabaz-e-punjab.com

ਜਿਣਸੀ ਸ਼ੋਸ਼ਣ ਬਾਰੇ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ: ਸਿਮਰਨਜੀਤ ਕੌਰ

ਯੂਥ ਆਫ਼ ਪੰਜਾਬ ਅਤੇ ਫਾਈਟ ਫਾਰ ਰਾਈਟ ਨੇ ਵਿਦਿਆਰਥੀਆਂ ਨੂੰ ਜਿਣਸੀ ਸ਼ੋਸ਼ਣ ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਉੱਦਮੀ ਨੌਜਵਾਨਾਂ ਦੀ ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਅਤੇ ਫਾਈਟ ਫਾਰ ਰਾਈਟ ਨੇ ਸਕੂਲੀ ਵਿਦਿਆਰਥੀਆਂ ਨੂੰ ਜਿਣਸੀ ਸ਼ੋਸ਼ਣ ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਦੋਵੇਂ ਸੰਸਥਾਵਾਂ ਨੇ ਮਿਲ ਕੇ ਅੱਜ ਨਜ਼ਦੀਕੀ ਪਿੰਡ ਮਨੌਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਜਿਣਸੀ ਸ਼ੋਸ਼ਣ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸ੍ਰੀ ਬੈਦਵਾਨ ਨੇ ਅਧਿਆਪਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨਾਲ ਨਸ਼ਿਆਂ, ਸਮਾਜਿਕ ਬੁਰਾਈਆਂ ਅਤੇ ਜਿਣਸੀ ਸ਼ੋਸ਼ਣ ਵਿਸ਼ੇ ’ਤੇ ਗੱਲਬਾਤ ਵੀ ਕਰਨ, ਕਿਉਂਕਿ ਸਰਕਾਰੀ ਰਿਪੋਰਟਾਂ ਅਨੁਸਾਰ ਛੋਟੀ ਉਮਰ ਵਿੱਚ ਪੰਜ ਲੜਕੀਆਂ ’ਚੋਂ ਇਕ ਅਤੇ 20 ਲੜਕਿਆਂ ’ਚੋਂ ਇਕ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੁੰਦਾ ਹੈ ਅਤੇ ਅਜੋਕੇ ਸਮੇਂ ਵਿੱਚ ਜਿਣਸੀ ਸ਼ੋਸ਼ਣ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣ ਰਹੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇਸ ਮੌਕੇ ਯੂਥ ਆਫ਼ ਪੰਜਾਬ ਦੀ ਕਾਨੂੰਨੀ ਸੈਲ ਦੀ ਇੰਚਾਰਜ ਅਤੇ ਫਾਈਟ ਫਾਰ ਰਾਈਟ ਦੀ ਪ੍ਰਧਾਨ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੇ ਛੋਟੇ ਬੱਚਿਆਂ ਨੂੰ ਜਿਣਸੀ ਸ਼ੋਸ਼ਣ ਵਰਗੇ ਅਪਰਾਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਸਕੂਲ, ਘਰ ਜਾਂ ਬਾਹਰ ਕੋਈ ਵਿਅਕਤੀ ਕਿਸੇ ਤਰ੍ਹਾਂ ਸਰੀਰਕ ਛੇੜਛਾੜ ਕਰਦਾ ਹੈ ਤਾਂ ਉਹ ਸਿੱਧਾ ਜਾ ਕੇ ਆਪਣੇ ਮਾਪਿਆਂ ਜਾਂ ਅਧਿਆਪਕਾਂ ਨੂੰ ਦੱਸਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨਾਲ ਇਹੋ ਜਿਹੀ ਛੇੜਛਾੜ ਹੁੰਦੀ ਹੈ ਤਾਂ ਉਸ ਬਾਰੇ ਉਨ੍ਹਾਂ ਦੀ ਸੰਸਥਾ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਅਪਰਾਧੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦੁਆਈਆਂ ਜਾ ਸਕਣ।
ਇਸ ਮੌਕੇ ਸੰਸਥਾ ਵੱਲੋਂ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਤੋਂ ਭਰੋਸਾ ਲਿਆ ਕਿ ਜੇਕਰ ਭਵਿੱਖ ਵਿੱਚ ਕਿਸੇ ਦੇ ਨਾਲ ਜਾਂ ਆਸ ਪਾਸ ਜਿਸਮਾਨੀ ਛੇੜਛਾੜ ਸਬੰਧੀ ਕੋਈ ਘਟਨਾ ਵਾਪਰਦੀ ਹੈ ਤਾਂ ਉਹ ਦੋਸ਼ੀ ਨੂੰ ਜ਼ਰੂਰ ਸਜ਼ਾ ਦਿਵਾਉਣਗੇ। ਇਸ ਮੌਕੇ ਸਰਪੰਚ ਜ਼ੋਰਾ ਸਿੰਘ ਨੇ ਯੂਥ ਆਫ਼ ਪੰਜਾਬ ਅਤੇ ਫਾਈਟ ਫਾਰ ਰਾਈਟ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਆਗੂ ਵਿੱਕੀ ਮਨੌਲੀ ਅਤੇ ਸ਼ਰਨਦੀਪ ਸਿੰਘ ਚੱਕਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…