
ਆਜ਼ਾਦ ਗਰੁੱਪ ਦੀ ਉਮੀਦਵਾਰ ਕਮਲਜੀਤ ਕੌਰ ਸੋਹਾਣਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਆਜ਼ਾਦ ਗਰੁੱਪ ਦੀ ਉਮੀਦਵਾਰ ਕਮਲਜੀਤ ਕੌਰ ਸੋਹਾਣਾ ਪਤਨੀ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਇੱਥੋਂ ਦੇ ਸੈਕਟਰ-78 ਅਤੇ ਸੋਹਾਣਾ ਵਿੱਚ ਘਰ-ਘਰ ਜਾ ਕੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਬਿਨਾਂ ਕਿਸੇ ਪੱਖਪਾਤ ਤੋਂ ਸਾਰੇ ਵਾਰਡਾਂ ਦਾ ਸਰਬਪੱਖੀ ਵਿਕਾਸ ਕੀਤਾ ਹੈ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਵਿਕਾਸ ਪੱਖੋਂ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ।
ਬੀਬੀ ਕਮਲਜੀਤ ਕੌਰ ਨੇ ਕਿਹਾ ਕਿ ਸ਼ਹਿਰ ਵਾਸੀ ਰਵਾਇਤੀ ਸਿਆਸੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਅਤੇ ਪਿਛਲੇ ਚਾਰ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਮੁਹਾਲੀ ਦੇ ਵਿਕਾਸ ਲਈ ਫੁੱਟੀ ਕੌੜੀ ਤੱਕ ਨਹੀਂ ਦਿੱਤੀ ਹੈ, ਸਗੋਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨਗਰ ਨਿਗਮ ਦੇ ਕੰਮਾਂ ’ਤੇ ਆਪਣੀ ਮੋਹਰ ਲਗਾ ਕੇ ਸਿਆਸਤ ਚਮਕਾਈ ਜਾ ਰਹੀ ਹੇ ਪ੍ਰੰਤੂ ਸ਼ਹਿਰ ਵਾਸੀ ਇਹ ਭਲੀਭਾਂਤ ਜਾਣਦੇ ਹਨ ਕਿ ਸ਼ਹਿਰ ਵਿੰਚ ਜੋ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ, ਉਹ ਸਾਰੇ ਸਰਦਾਰ ਕੁਲਵੰਤ ਸਿੰਘ ਦੇ ਕਾਰਜਕਾਲ ਦੌਰਾਨ ਨਗਰ ਨਿਗਮ ਵੱਲੋਂ ਹਾਊਸ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤਿਆਂ ’ਤੇ ਆਧਾਰਿਤ ਹਨ। ਜਿਸ ਕਾਰਨ ਨਿਗਮ ਚੋਣਾਂ ਵਿੱਚ ਮੁਹਾਲੀ ਵਾਸੀ ਕਾਂਗਰਸੀ ਮੰਤਰੀ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਆਜ਼ਾਦ ਗਰੁੱਪ ਦੇ ਹੱਕ ਵਿੱਚ ਆਪਣਾ ਫਤਵਾ ਦੇਣਗੇ।