
ਆਜ਼ਾਦ ਗਰੁੱਪ ਨੇ ਕਰੋਨਾ ਤੋਂ ਬਚਾਅ ਲਈ ਫੇਜ਼-1 ਤੇ ਫੇਜ਼-2 ਵਿੱਚ ਕੀਤਾ ਦਵਾਈ ਦਾ ਛਿੜਕਾਅ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਆਜਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਮੁਹਾਲੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਈ ਜਾ ਰਹੀ ਸੈਨੇਟਾਈਜੇਸ਼ਨ ਮੁਹਿੰਮ ਤਹਿਤ ਅੱਜ ਕੌਂਸਲਰ ਸ੍ਰੀਮਤੀ ਗੁਰਮੀਤ ਕੌਰ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਅਤੇ ਫੇਜ਼-2 ਵਿਖੇ ਸੈਨੇਟਾਈਜੇਸ਼ਨ ਕਰਵਾਈ ਗਈ।
ਕੌਂਸਲਰ ਸ੍ਰੀਮਤੀ ਗੁਰਮੀਤ ਕੌਰ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਫੇਜ਼-2 ਦੇ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆ ਵਸਨੀਕਾਂ ਵਲੋ ਇਲਾਕੇ ਵਿੱਚ ਸੈਨੇਟਾਈਜੇਸ਼ਨ ਕਰਵਾਉਣ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੋਂ ਇਸ ਵਾਰਡ ਵਿੱਚ ਸੈਨੇਟਾਈਜੇਸ਼ਨ ਕਰਵਾਉਣ ਦੀ ਮੰਗ ਕੀਤੀ ਸੀ ਪ੍ਰੰਤੂ ਮੰਗ ਕੀਤੇ ਜਾਣ ਤੋਂ ਬਾਅਦ ਵੀ ਜੀਤੀ ਸਿੱਧੂ ਵੱਲੋਂ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਉਨ੍ਹਾਂ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਤੋਂ ਇਸ ਖੇਤਰ ਵਿੱਚ ਸੈਨੇਟਾਈਜੇਸ਼ਨ ਕਰਵਾਉਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀ ਇਹ ਜਾਇਜ਼ ਮੰਗ ਪੂਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਵੱਲੋਂ ਆਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਨੂੰ ਮੁਹਾਲੀ ਵਿੱਚ ਸੈਨੇਟਾਈਜੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ। ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਹੈ ਤਾਂ ਜੋ ਕਰੋਨਾ ਨੂੰ ਮਾਤ ਦਿੱਤੀ ਜਾ ਸਕੇ। ਇਸ ਮੌਕੇ ਸਮਾਜ ਸੇਵੀ ਆਗੂ ਹਰਬਿੰਦਰ ਸਿੰਘ, ਮਾਹੀਪਾਲ ਸਿੰਘ, ਬਲਵਿੰਦਰ ਕੁਮਾਰ, ਹਰਮਿੰਦਰ ਸਿੰਘ, ਅਵਨਿੰਦਰ ਕੌਰ, ਸੰਦੀਪ ਸਿੰਘ, ਨਿਖਿਲ, ਗਿਆਨ ਸਿੰਘ, ਬਲਦੇਵ ਸਿੰਘ, ਮਨਮੋਹਨਜੀਤ ਸਿੰਘ ਅਤੇ ਸੌਰਵ ਵੀ ਮੌਜੂਦ ਸਨ।