ਬਾਬਾ ਬੰਦਾ ਸਿੰਘ ਬਹਾਦਰ ਮੁੱਖ ਮਾਰਗ ’ਤੇ ਸਪੀਡ ਬ੍ਰੇਕਰ ਬਣਾਉਣ ਦੀ ਮੰਗ ਉੱਠੀ

ਪਿੰਡ ਭਾਗੋਮਾਜਰਾ ਤੋਂ ਮੌਜਪੁਰ ਤੱਕ ਲਿੰਕ ਸੜਕ ਦੀ ਤੁਰੰਤ ਮੁਰੰਮਤ ਕਰੇ ਸਰਕਾਰ: ਭਾਗੋਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਮੁੱਖ ਮਾਰਗ (ਲਾਂਡਰਾਂ ਤੋਂ ਖਰੜ ਅਤੇ ਲਾਂਡਰਾਂ ਤੋਂ ਬਨੂੜ) ’ਤੇ ਸਪੀਡ ਬ੍ਰੇਕਰ ਨਾ ਹੋਣ ਕਾਰਨ ਨੇੜਲੇ ਪਿੰਡਾਂ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਹਰ ਸਮੇਂ ਸੜਕ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪੈਰੀਫੈਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਪਰਮ ਸਿੰਘ ਪੂਨੀਆ, ਦੇਬੀ ਗੋਬਿੰਦਗੜ੍ਹ ਅਤੇ ਕਾਲਾ ਚਡਿਆਲਾ ਨੇ ਦੱਸਿਆ ਕਿ ਇਸ ਮਾਰਗ ’ਤੇ ਸਪੀਡ ਬ੍ਰੇਕਰ ਬਣਾਉਣ ਦਾ ਕੰਮ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ ਪ੍ਰੰਤੂ ਪਿਛਲੇ 15 ਦਿਨਾਂ ਤੋਂ ਇਹ ਕੰਮ ਬੰਦ ਪਿਆ ਹੈ। ਜਿਸ ਕਾਰਨ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਹੁਣ ਤੱਕ ਕਈ ਵਾਹਨ ਨੁਕਸਾਨੇ ਗਏ ਹਨ ਅਤੇ ਕਈ ਰਾਹਗੀਰ ਅਤੇ ਵਾਹਨ ਸਵਾਰ ਵੀ ਜ਼ਖ਼ਮੀ ਹੋ ਚੁੱਕੇ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ ਦੇ ਦੋਵੇਂ ਪਾਸੇ ਮਾਰਕੀਟ ਦੇ ਦੁਕਾਨਦਾਰਾਂ ਵੀ ਉੱਡਦੀ ਧੂੜ ਕਾਰਨ ਕਾਫ਼ੀ ਅੌਖੇ ਹਨ। ਧੂੜ ਮਿੱਟੀ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਦੁਕਾਨਾਂ ਵਿੱਚ ਪਿਆ ਸਾਮਾਨ ਵੀ ਖ਼ਰਾਬ ਹੋ ਰਿਹਾ ਹੈ। ਇਸ ਸੜਕ ਨੇੜਲੇ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁੱਖ ਮਾਰਗ ’ਤੇ ਸਪੀਡ ਬ੍ਰੇਕਰ ਬਣਾਉਣ ਦਾ ਕੰਮ ਜਲਦੀ ਖ਼ਤਮ ਕੀਤਾ ਜਾਵੇ ਤਾਂ ਜੋ ਸੜਕ ’ਤੇ ਆਵਾਜਾਈ ਦੌਰਾਨ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਪਿੰਡ ਭਾਗੋਮਾਜਰਾ ਤੋਂ ਮੌਜਪੁਰ ਤੱਕ ਲਿੰਕ ਸੜਕ ਵਿੱਚ ਵੱਡੇ-ਵੱਡੇ ਖੱਡੇ ਪੈ ਗਏ ਹਨ। ਜਿਸ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।
ਪਿੰਡ ਚੱਪੜਚਿੜੀ ਖ਼ੁਰਦ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਚੱਪੜਚਿੜੀ ਕਲਾਂ ਦੇ ਸਾਬਕਾ ਸਰਪੰਚ ਸੋਹਨ ਸਿੰਘ, ਗੁਰਮੇਲ ਸਿੰਘ ਅਤੇ ਬਸਪਾ ਆਗੂ ਸੁਖਦੇਵ ਸਿੰਘ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਨੂੰ ਜਾਂਦੀ ਸੜਕ ਅਤੇ ਦੋਵੇਂ ਪਿੰਡਾਂ ਨੂੰ ਮੁਹਾਲੀ ਅਤੇ ਖਰੜ ਨਾਲ ਜੋੜਦੀ ਲਿੰਕ ਸੜਕ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਹੈ। ਇਸ ਸੜਕ ’ਤੇ ਥਾਂ-ਥਾਂ ਡੂੰਘੇ ਟੋਏ ਪਏ ਹੋਏ ਹਨ। ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲੇਕਿਨ ਨਾ ਪਹਿਲੀਆਂ ਸਰਕਾਰਾਂ ਨੇ ਸੜਕ ਬਣਾਈ ਅਤੇ ਨਾ ਹੀ ਮੌਜੂਦਾ ਸਰਕਾਰ ਇਸ ਪਾਸੇ ਧਿਆਨ ਦੇ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…