ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖਾਤਮਾ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ: ਪ੍ਰੋ: ਬਡੂੰਗਰ

ਨੌਜਵਾਨ ਪੀੜ੍ਹੀ ਨੂੰ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਹੋ ਕੇ ਪ੍ਰੇਰਨਾ ਲੈਣ ਦੀ ਲੋੜ:

ਆਮ ਖਾਸ ਬਾਗ ਸਰਹਿੰਦ ਵਿੱਚ ‘ਮੈਂ ਤੇਰਾ ਬੰਦਾ’ ਨਾਟਕ ਦੀ ਸਫਲ ਪੇਸ਼ਕਾਰੀ

ਮਨਜੀਤ ਕੌਰ
ਨਬਜ਼-ਏ-ਪੰਜਾਬ, ਫਤਹਿਗੜ੍ਹ ਸਾਹਿਬ, 26 ਦਸੰਬਰ:
ਸਿੱਖ ਧਰਮ ਦੁਨੀਆਂ ਦਾ ਇਕਲੌਤਾ ਅਜਿਹਾ ਧਰਮ ਹੈ ਜਿਸ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਨੌਜਵਾਨ ਪੀੜ੍ਹੀ ਨੂੰ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਹੋ ਕੇ ਪ੍ਰੇਰਨਾ ਲੈਣੀ ਚਾਹਦੀ ਹੈ ਅਤੇ ਮਾਨਵਤਾ ਦੀ ਭਲਾਈ ਲਈ ਮੋਹਰੀ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਸ੍ਰੀ ਫਤਹਿਗੜ੍ਹ ਸਾਹਿਬ ਦੇ ਇਤਿਹਾਸਕ ਆਮ ਖਾਸ ਬਾਗ ਵਿਖੇ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ਼ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਅਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਪਹਿਲਾ ਸਿੱਖ ਰਾਜ ਸਥਾਪਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਇਤਿਹਾਸਕ ਨਾਟਕ ‘ਮੈਂ ਤੇਰਾ ਬੰਦਾ’ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕੇ ਕਰਨ ਉਪਰੰਤ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਪ੍ਰੋ: ਬਡੂੰਗਰ ਨੇ ਕਿਹਾ ਕਿ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਕਿਸੇ ਕੋਨੇ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਜ਼ਬਰ ਤੇ ਜੁਲਮ ਖਿਲਾਫ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾਂਦੇੜ ਸਾਹਿਬ ਤੋਂ ਮਾਧੋ ਦਾਸ ਵੈਰਾਗੀ ਨੂੰ ਬੰਦਾ ਸਿੰਘ ਬਹਾਦਰ ਬਣਾ ਕੇ ਭੇਜਿਆ ਅਤੇ ਉਨ੍ਹਾਂ ਨੇ ਮੁਗਲ ਸਾਮਰਾਜ ਨਾਲ ਲੋਹਾ ਲਿਆ ਅਤੇ ਚੱਪੜ ਚਿੜੀ ਦੇ ਇਤਿਹਾਸਕ ਮੈਦਾਨ ਦੇ ਅੰਦਰ ਜਾਲਮ ਸੂਬਾ ਸਰਹਿੰਦ ਵਜੀਦ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ ਅਤੇ ਸਰਹਿੰਦ ਨੂੰ ਫ਼ਤਹਿ ਕਰਕੇ ਮੁਗਲ ਰਾਜ ਦਾ ਖਾਤਮਾ ਕੀਤਾ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾਂ ਕੀਤੀ। ਉਨ੍ਹਾਂ ਇਸ ਮੌਕੇ ਉੱਘੇ ਰੰਗ ਕਰਮੀ ਸਵਰਗੀ ਸ੍ਰੀ ਹਰਪਾਲ ਟਿਵਾਣਾ ਵੱਲੋਂ ਲਿਖੇ ਨਾਟਕ ‘ਮੈਂ ਤੇਰਾ ਬੰਦਾ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦਾ ਸਪੁੱਤਰ ਮਨਪਾਲ ਟਿਵਾਣਾ ਜੋ ਕਿ ਇਸ ਨਾਟਕ ਦੇ ਨਿਰਦੇਸ਼ ਵੀ ਹਨ, ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਨਪਾਲ ਟਿਵਾਣਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਅਜਿਹੇ ਨਾਟਕਾਂ ਦੀ ਪੇਸ਼ਕਾਰੀ ਲਈ ਹਰ ਸੰਭਵ ਸਹਾਇਤਾ ਕਰੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਨਾਟਕ ਦੇ ਕਲਾਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੇਸ਼ ਕੀਤਾ ਨਾਟਕ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇਗਾ।
ਵਰਨਣਯੋਗ ਹੈ ਕਿ ਇਸ ਨਾਟਕ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਦੇ ਇਤਿਹਾਸ ਨੂੰ ਦਰਸਾਇਆ ਗਿਆ ਹੈ ਅਤੇ ਨਾਟਕ ਦੇ ਕਲਾਕਾਰਾਂ ਵੱਲੋਂ ਇਤਿਹਾਸ ਦੀਆਂ ਘਟਨਾਵਾਂ ਨੂੰ ਆਪਣੀ ਕਲਾਕਾਰੀ ਰਾਹੀਂ ਬਾਖ਼ੂਬੀ ਪੇਸ਼ ਕਰਕੇ ਦਰਸ਼ਕਾਂ ਦੇ ਹਿਰਦੇ ਵਲੂੰਦਰ ਦਿੱਤੇ ਅਤੇ ਨਾਟਕ ਦੀਆਂ ਘਟਨਾਵਾਂ ਵੇਖ ਕੇ ਦਰਸ਼ਕਾਂ ਨੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਧਾਰਮਿਕ ਬਣਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਗੁਰਸੇਵ ਸਿੰਘ ਹਰਪਾਲਪੁਰ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਦੀਪ ਗਰਗ, ਨਰੇਸ਼ ਸਰੀਨ, ਐਸ.ਡੀ.ਐਮ. ਨਵਰਾਜ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਗੁਰਿੰਦਰ ਸਿੰਘ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …