Nabaz-e-punjab.com

ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਚੱਲਿਆ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਅਸਥਾਨ ’ਤੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਦਿਆਲ ਸਿੰਘ, ਭਾਈ ਫੌਜਿੰਦਰ ਸਿੰਘ, ਗਿਆਨੀ ਮੇਘ ਸਿੰਘ, ਢਾਡੀ ਗੁਰਨਾਮ ਸਿੰਘ ਮੋਹੀ, ਢਾਡੀ ਜਸਮੇਰ ਸਿੰਘ ਖੇੜੀ, ਗਿਆਨੀ ਅਤਰ ਸਿੰਘ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਗਿਆਨੀ ਗਰਜਾ ਸਿੰਘ ਮਾਣਕਪੁਰ ਸ਼ਰੀਫ਼, ਗਿਆਨੀ ਪਰਵਿੰਦਰ ਸਿੰਘ, ਭਾਈ ਭਵਨੀਪ ਸਿੰਘ, ਗਿਆਨੀ ਸੁਖਵਿੰਦਰ ਸਿੰਘ ਕੁੱਬਾਹੇੜੀ ਸਮੇਤ ਹੋਰ ਵੱਖ ਵੱਖ ਢਾਡੀ ਅਤੇ ਰਾਗੀ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਅਸਲ ਵਿੱਚ ਚੱਪੜਚਿੜੀ ਦੇ ਮੈਦਾਨ ’ਚੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ 700 ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਸਮਾਗਮ ਦੇ ਮੁੱਖ ਪ੍ਰਬੰਧਕ ਤੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਚੱਪੜਚਿੜੀ ਵਿੱਚ ਜੰਗੀ ਯਾਦਗਾਰ ਸਥਾਪਤ ਕਰਕੇ ਸੰਗਤ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦਾ ਬਹੁਤ ਵੱਡਾ ਤੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਦੁਨੀਆ ਦੇ ਨਕਸ਼ੇ ਤੋਂ ਮਿਟ ਜਾਂਦੀਆਂ ਹਨ।
ਇਸ ਮੌਕੇ ਐਸਜੀਪੀਸੀ ਮੈਂਬਰ ਹਰਜਿੰਦਰ ਕੌਰ ਚੰਡੀਗੜ੍ਹ, ਨਿਰਮੈਲ ਸਿੰਘ ਜੌਲਾ ਤੇ ਅਜਮੇਰ ਸਿੰਘ ਖੇੜਾ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ, ਪ੍ਰਚਾਰਕ ਜਤਿੰਦਰ ਸਿੰਘ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਕਾਹਲੋਂ, ਰਘਬੀਰ ਸਿੰਘ, ਕਰਤਾਰ ਸਿੰਘ ਤਸਿੰਬਲੀ, ਪਰਵਿੰਦਰ ਸਿੰਘ, ਸਤਵੰਤ ਕੌਰ ਜੌਹਲ, ਸਾਬਕਾ ਸਰਪੰਚ ਸੋਹਨ ਸਿੰਘ, ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…