
ਬਾਬਾ ਫਤਿਹ ਸਿੰਘ ਸੁਸਾਇਟੀ ਨੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ, 315 ਲੋਕਾਂ ਦੀ ਜਾਂਚ
ਜਗਰਾਓ, ਜਲੰਧਰ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਤਿੰਨ ਕੈਂਸਰ ਹਸਪਤਾਲ ਖੋਲ੍ਹਣ ਦਾ ਐਲਾਨ
ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ:
ਬਾਬਾ ਫਤਿਹ ਸਿੰਘ ਸੁਸਾਇਟੀ ਵੱਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸੰਸਥਾ ਦੇ ਮੁਖੀ ਬਾਬਾ ਜਸਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੇਜ਼-11 ਦੇ ਪਬਲਿਕ ਪਾਰਕ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਬੀਬੀ ਜਰਨੈਲ ਕੌਰ ਨੇ ਕੀਤਾ। ਕੈਂਪ ਵਿੱਚ ਖੂਨ ਦੀ ਜਾਂਚ, ਹੱਡੀਆਂ ਦੀ ਜਾਂਚ, ਦੰਦਾਂ ਦੇ ਰੋਗਾਂ ਦੀ ਜਾਂਚ ਵੀ ਕੀਤੀ ਗਈ।
ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਿਤ ਪਾਣੀ ਕੈਂਸਰ ਦੀ ਜੜ੍ਹ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਘਰ ਦਾ ਸਾਦਾ ਅਤੇ ਸੰਤੁਲਿਤ ਭੋਜਨ ਹੀ ਖਾਇਆ ਜਾਵੇ ਅਤੇ ਫਾਸਟ ਫੂਡ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸਮਾਜ ਨੂੰ ਕੈਂਸਰ ਮੁਕਤ ਕਰਨ ਦੇ ਉਪਰਾਲੇ ਵਜੋਂ ਜਗਰਾਓ, ਜਲੰਧਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਂਸਰ ਪੀੜਤਾਂ ਦੇ ਇਲਾਜ ਲਈ ਤਿੰਨ ਹਸਪਤਾਲ ਖੋਲ੍ਹੇ ਜਾ ਰਹੇ ਹਨ ਅਤੇ ਸਾਲ ਵਿੱਚ ਦੋ ਜਾਂ ਤਿੰਨ ਕੈਂਪ ਮੁਹਾਲੀ ਵਿੱਚ ਲਗਾਏ ਜਾਇਆ ਕਰਨਗੇ।
ਇਸ ਮੌਕੇ ‘ਆਪ’ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੈਂਪ ਦੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਅਤੇ ਜੇਐਲਪੀਐਲ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਅਤੇ ‘ਆਪ’ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਵੀ ਸ਼ਿਰਕਤ ਕੀਤੀ। ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ 315 ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ਪੂਨਮ ਸਿੰਘ ਪੰਨੂ, ਹਰਿੰਦਰ ਸਿੰਘ ਸੱਭਰਵਾਲ, ਹਰਪਾਲ ਸਿੰਘ ਸੋਢੀ ਅਤੇ ਹੋਰ ਪਤਵੰਤੇ ਹਾਜ਼ਰ ਸਨ।