ਮੁੱਖ ਮੰਤਰੀ ਬਾਦਲ ਨੇ ਪਿੰਡ ਬਾਰਨ ਵਿੱਚ ਰੱਖਿਆ ਸ਼ਹੀਦ ਬਾਬਾ ਜੈ ਸਿੰਘ ਜੀ ਖੱਲਕੋਟ ਦੀ ਯਾਦਗਾਰ ਦਾ ਨੀਂਹ ਪੱਥਰ

ਸੂਬਾ ਸਰਕਾਰ ਨੇ ਪੰਜਾਬ ਦੇ ਮਹਾਨ ਵਿਰਸੇ ਨੂੰ ਸੰਭਾਲਣ ਲਈ ਇਤਿਹਾਸਕ ਭੂਮਿਕਾ ਨਿਭਾਈ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 30 ਦਸੰਬਰ:
ਪਟਿਆਲਾ, 30 ਦਸੰਬਰ, ਇਤਿਹਾਸ, ਸਭਿਆਚਾਰ ਅਤੇ ਵਿਰਸਾ ਕਿਸੇ ਕੌਮ ਅਤੇ ਦੇਸ਼ ਦਾ ਸਭ ਤੋਂ ਵੱਡਾ ਸਰਮਾਇਆ ਹੋਣ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ, ਵਿਰਸੇ ਅਤੇ ਸਭਿਆਚਾਰ ਨੂੰ ਨਹੀਂ ਸੰਭਾਲਦੀਆਂ, ਉਹ ਸਮੇਂ ਦੇ ਨਾਲ ਖਤਮ ਹੋ ਜਾਂਦੀਆਂ ਹਨ। ਅੱਜ ਬਾਰਨ ਪਿੰਡ ਵਿਖੇ ਸਾਢੇ ਚਾਰ ਏਕੜ ਰਕਬੇ ਵਿੱਚ 2.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ਹੀਦ ਬਾਬਾ ਜੈ ਸਿੰਘ ਜੀ ਖੱਲਕੋਟ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸ. ਬਾਦਲ ਨੇ ਕਿਹਾ ਕਿ ਸ਼ਹੀਦ ਕੌਮ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਕੌਮਾਂ ਦਾ ਇਹ ਇਤਿਹਾਸ, ਸਭਿਆਚਾਰ ਅਤੇ ਵਿਰਸਾ ਕੌਮਾਂ ਦੇ ਭਵਿੱਖ ਦਾ ਮਾਰਗ ਦਰਸ਼ਕ ਕਰਦਾ ਹੈ ਅਤੇ ਇਨ੍ਹਾਂ ਨੂੰ ਵਿਸਾਰਣ ਵਾਲੀਆਂ ਕੌਮਾਂ ਦਾ ਭਵਿਖ ਸਮਾਂ ਬੀਤਣ ਦੇ ਨਾਲ ਨਾਲ ਧੁੰਦਲਾ ਹੋ ਜਾਂਦਾ ਹੈ। ਵਰਣਯੋਗ ਹੈ ਕਿ ਸ਼ਹੀਦ ਬਾਬਾ ਜੈ ਸਿੰਘ ਜੀ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ ਜਿਨ੍ਹਾਂ ਨੂੰ 1753 ਵਿੱਚ ਤਮਾਕੂ ਦੀ ਪੰਡ ਨਾ ਚੁੱਕਣ ਕਾਰਨ ਸਰਹੱਦ ਦੇ ਨਵਾਬ ਅਬਦੁੱਸ ਸਮੱਦ ਖਾਂ ਨੇ ਪੁੱਠਾ ਟੰਗ ਕੇ ਉਨ੍ਹਾਂ ਦੀ ਖੱਲ ਉਤਾਰ ਕੇ ਸ਼ਹੀਦ ਕਰਨ ਦਿੱਤਾ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਦੋ ਬੇਟਿਆਂ ਅਤੇ ਨੂੰਹ ਨੂੰ ਵੀ ਸ਼ਹੀਦ ਕੀਤਾ ਗਿਆ ਸੀ। ਸ. ਬਾਦਲ ਨੇ ਅੱਗੇ ਕਿਹਾ ਕਿ ਸਿੱਖ ਇਤਿਹਾਸ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਪੰਜਾਬੀਆਂ ਨੂੰ ਇਹ ਜਜ਼ਬਾ ਗੁਰੂ ਸਹਿਬਾਨ ਤੋਂ ਮਿਲਿਆ ਹੈ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੰਜਾਬੀਆਂ ਨੇ ਅਥਾਹ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਬਾਰੇ ਇਹ ਗੱਲ ਮਸ਼ਹੂਰ ਹੈ ਕਿ ਇਹ ਇਤਿਹਾਸ ਰਚ ਸਕਦੇ ਹਨ ਪਰ ਸੰਭਾਲ ਨਹੀਂ ਸਕਦੇ ਅਤੇ ਪੰਜਾਬੀਆਂ ਦੇ ਇਸ ਸੁਭਾਅ ਕਰਕੇ ਪੰਜਾਬ ਦੇ ਅਮੀਰ ਇਤਿਹਾਸ, ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਦੀ ਪਹਿਲਾਂ ਕੋਈ ਖਾਸ ਕੋਸ਼ਿਸ਼ ਨਹੀਂ ਕੀਤੀ ਗਈ।ਂ ਇਸ ਕਰਕੇ ਦਸ ਸਾਲ ਪਹਿਲਾਂ ਅਕਾਲੀ-ਭਾਜਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਦੇ ਸ਼ਾਨਦਾਰ ਇਤਿਹਾਸ ਅਤੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਅਨੇਕਾਂ ਯਤਨ ਕੀਤੇ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦਾ ਨਿਰਮਾਣ ਕਰਕੇ ਵਿਰਸੇ ਨੂੰ ਸੰਭਾਲਣ ਦੀ ਪਹਿਲਕਦਮੀ ਕੀਤੀ। ਸੂਬਾ ਸਰਕਾਰ ਨੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਮਹਾਨ ਯੋਗਦਾਨ ਦੇਣ ਵਾਲੇ ਨਾਇਕਾਂ ਦੀ ਯਾਦ ਨੂੰ ਮੂਰਤੀਮਾਨ ਕਰਨ ਲਈ ਜਲੰਧਰ ਦੇ ਨੇੜੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਬਣਾਈ ਗਈ ਹੈ। ਇਸੇ ਤਰ੍ਹਾਂ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡ ਕੁੱਪ ਰੋਹੀੜਾ ਵਿਖੇ ਵੱਡੇ ਘੱਲੂਘਾਰੇ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਹਨੂੰਵਾਲ ਛੰਭ ਵਿਖੇ ਛੋਟੇ ਘੱਲੂਘਾਰੇ ਦੀ ਯਾਦਗਾਰ ਅਤੇ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੇਸ਼ ਦੇ ਹਿੱਤ ਮਹਿਫੂਜ਼ ਵਾਲੇ ਪੰਜਾਬ ਦੇ ਬਹਾਦਰ ਸੈਨਿਕਾ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ ਬਣਾਈ ਗਈ ਹੈ। ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਵਿਖੇ 220 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਐਂਟਰੈਂਸ ਪਲਾਜ਼ਾ ਵੀ ਕੌਮ ਨੂੰ ਸਮਰਪਿਤ ਕੀਤਾ। ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ (ਹੁਸ਼ਿਆਰਪੁਰ) ਵਿਖੇ ਗੁਰੂ ਰਵਿਦਾਸ ਜੀ ਦੀ ਯਾਦਗਾਰ ਦੀ ਉਸਾਰੀ ਤੇ 200 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ ਦੀ ਯਾਦਗਾਰ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਦਗਾਰਾਂ ਦਾ ਉਦੇਸ਼ ਸਾਡੀਆਂ ਭਵਿਖੀ ਪੀੜ੍ਹੀਆਂ ਨੂੰ ਆਪਣੇ ਅਮੀਰ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਹੈ ਤਾਂ ਜੋ ਉਹ ਭਵਿੱਖ ਵਿੱਖ ਇਸ ਤੋਂ ਸੇਧ ਲੈ ਕੇ ਦੇਸ਼ ਤੇ ਕੌਮ ਦੀ ਰੱਖਿਆ ਲਈ ਆਪਣਾ ਯੋਗਦਾਨ ਪਾ ਸਕਣ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ ਵੀ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …