nabaz-e-punjab.com

ਬੱਬਰ ਖ਼ਾਲਸਾ ਮਾਮਲਾ: ਮੁਹਾਲੀ ਅਦਾਲਤ ਵੱਲੋਂ ਐਨਆਈਏ ਦੀ ਅਪੀਲ ਮਨਜ਼ੂਰ

ਮਾਮਲੇ ਦੀ ਨਵੇਂ ਸਿਰਿਓਂ ਜਾਂਚ ਕਰਨ ਅਤੇ ਖਾੜਕੂਆਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਦੋ ਮਹੀਨੇ ਦੀ ਹੋਰ ਮੋਹਲਤ ਮਿਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਮੁਹਾਲੀ ਅਦਾਲਤ ਨੇ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਦੀ ਬੱਬਰ ਖ਼ਾਲਸਾ ਨਾਲ ਸਬੰਧਤ ਖਾੜਕੂ ਜਥੇਬੰਦੀ ਦੇ ਚਾਰ ਕਾਰਕੁਨਾਂ ਤੋਂ ਹੋਰ ਪੁੱਛਗਿੱਛ ਅਤੇ ਮਾਮਲੇ ਦੀ ਨਵੇਂ ਸਿਰਿਓਂ ਪੜਤਾਲ ਕਰਨ ਦੀ ਅਪੀਲ ਮਨਜ਼ੂਰ ਕਰ ਲਈ ਹੈ। ਬੀਤੇ ਦਿਨੀਂ ਐਨਆਈਏ ਦੀ ਜਾਂਚ ਨੇ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ’ਤੇ ਅੱਜ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਐਨਆਈਏ ਦੀ ਅਰਜ਼ੀ ਮਨਜ਼ੂਰ ਕਰਦਿਆਂ ਜਾਂਚ ਟੀਮ ਨੂੰ ਨਵੇਂ ਸਿਰਿਓਂ ਵੱਖ ਵੱਖ ਪਹਿਲੂਆਂ ’ਤੇ ਆਪਣੀ ਜਾਂਚ ਮੁਕੰਮਲ ਕਰਕੇ ਦੋ ਮਹੀਨੇ (60 ਦਿਨਾਂ) ਦੇ ਅੰਦਰ ਅੰਦਰ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਆਖਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਐਨਆਈਏ ਦੀ ਜਾਂਚ ਜਿਨ੍ਹਾਂ ਖਾੜਕੂ ਕਾਰਕੁਨਾਂ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ, ਉਨ੍ਹਾਂ ਵਿੱਚ ਰਵਿੰਦਰਪਾਲ ਸਿੰਘ, ਜਗਦੇਵ ਸਿੰਘ, ਹਰਚਰਨ ਸਿੰਘ ਅਤੇ ਨਿਸ਼ਾਨ ਸਿੰਘ ਸ਼ਾਮਲ ਹਨ। ਇਹ ਸਾਰੇ ਜਣੇ ਇਸ ਸਮੇਂ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਹਨ। ਦੱਸਿਆ ਗਿਆ ਹੈ ਕਿ ਇਸ ਸਾਲ ਮਨਾਏ ਗਏ ਘੱਲੂਘਾਰਾ ਦਿਵਸ ਦੌਰਾਨ ਇਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਹੋਰ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਨਆਈਏ ਨੇ 180 ਦਿਨਾਂ ਵਿੱਚ ਮੁਲਜ਼ਮਾਂ ਦੇ ਖ਼ਿਲਾਫ਼ ਚਲਾਨ ਪੇਸ਼ ਕਰਨਾ ਚਾਹੀਦਾ ਸੀ ਲੇਕਿਨ ਹੁਣ ਤੱਕ ਜਾਂਚ ਟੀਮ ਖਾੜਕੂਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਨਹੀਂ ਕਰ ਸਕੀ ਹੈ।
ਮਿਲੀ ਜਾਣਕਾਰੀ ਅਨੁਸਾਰ ਚਲਾਨ ਪੇਸ਼ ਕਰਨ ਵਿੱਚ ਦੇਰੀ ਦਾ ਕਾਰਨ ਇਸ ਕੇਸ ਨਾਲ ਜੁੜੇ ਵੱਖ ਵੱਖ ਮਹੱਤਵ ਪੂਰਨ ਪਹਿਲੂਆਂ ’ਤੇ ਜਾਂਚ ਪੜਤਾਲ ਹੋਣੀ ਅਜੇ ਬਾਕੀ ਹੈ। ਜਿਸ ਕਾਰਨ ਐਨਆਈਏ ਦੀ ਜਾਂਚ ਟੀਮ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਚਲਾਨ ਦੀ ਕਾਰਵਾਈ ਨੂੰ ਪੂਰਾ ਕਰਨ ਲਈ ਹੋਰ ਸਮਾਂ ਮੰਗਿਆ ਸੀ। ਅਦਾਲਤ ਨੇ ਐਨਆਈਏ ਨੂੰ 60 ਦਿਨਾਂ ਦੇ ਅੰਦਰ ਅੰਦਰ ਇਸ ਕਾਰਵਾਈ ਨੂੰ ਸਮੇਟਦੇ ਹੋਏ ਚਲਾਨ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਉਂਜ ਇਸ ਕੇਸ ਦੀ ਸੁਣਵਾਈ 23 ਸਤੰਬਰ ਨੂੰ ਹੋਣੀ ਹੈ। ਉਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਖਾੜਕੂ ਕਾਰਕੁਨਾਂ ਨੂੰ ਪੇਸ਼ ਕਰਨ ਲਈ ਆਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੱਬਰ ਖ਼ਾਲਸਾ ਨਾਲ ਸਬੰਧਤ ਖਾੜਕੂ ਜਥੇਬੰਦੀ ਦੇ ਕਾਰਕੁਨਾਂ ਦੇ ਖ਼ਿਲਾਫ਼ ਕਈ ਕੇਸ ਮੁਹਾਲੀ ਅਦਾਲਤ ਵਿੱਚ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ ਖਾੜਕੂਆਂ ਦੇ ਝੂਠੇ ਪੁਲੀਸ ਮੁਕਾਬਲਿਆਂ ਦੇ ਵੀ ਦਰਜਨਾਂ ਮਾਮਲੇ ਸਥਾਨਕ ਅਦਾਲਤ ਵਿੱਚ ਸੁਣਵਾਈ ਅਧੀਨ ਹਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…