nabaz-e-punjab.com

ਬੱਬਰ ਖਾਲਸਾ: ਐਨਆਈਏ ਨੂੰ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ 30 ਦਿਨਾਂ ਦੀ ਮੋਹਲਤ ਮਿਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਖਾੜਕੂ ਜਥੇਬੰਦੀ ਬੱਬਰ ਖਾਲਸਾ ਦੇ ਕਾਰਕੁਨਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ 30 ਦਿਨਾਂ ਦੀ ਹੋਰ ਮੋਹਲਤ ਮਿਲ ਗਈ ਹੈ। ਉਕਤ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਹੋਈ ਅਤੇ ਐਨਆਈਏ ਦੇ ਜਾਂਚ ਅਧਿਕਾਰੀ ਨੇ ਸਰਕਾਰੀ ਵਕੀਲ ਰਾਹੀਂ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਇਕ ਮਹੀਨੇ ਦੀ ਮੋਹਲਤ ਮੰਗੀ ਗਈ। ਅਦਾਲਤ ਨੇ ਐਨਆਈਏ ਦੀ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਜਾਂਚ ਏਜੰਸੀ ਨੂੰ 30 ਦਿਨਾਂ ਦੇ ਅੰਦਰ ਅੰਦਰ ਚਲਾਨ ਪੇਸ਼ ਕਰਨ ਦੀ ਹਦਾਇਤ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐਨਆਈਏ ਚਲਾਨ ਪੇਸ਼ ਸਬੰਧੀ ਦੋ ਮਹੀਨੇ ਦੀ ਮੋਹਲਤ ਲੈ ਚੁੱਕਾ ਹੈ ਲੇਕਿਨ ਹੁਣ ਤੱਕ ਮੁਲਜ਼ਮਾਂ ਦੇ ਖ਼ਿਲਾਫ਼ ਚਲਾਨ ਪੇਸ਼ ਨਹੀਂ ਕੀਤਾ ਗਿਆ।
ਜਾਣਕਾਰੀ ਅਨੁਸਾਰ ਮਈ 2019 ਵਿੱਚ ਪੰਜਾਬ ਪੁਲੀਸ ਦੇ ਸਪੈਸ਼ਲ ਸੈੱਲ ਦੀ ਅੰਮ੍ਰਿਤਸਰ ਟੀਮ ਵੱਲੋਂ ਜਗਦੇਵ ਸਿੰਘ ਅਤੇ ਰਵਿੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਦਿਖਾਏ ਗਏ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨਿਸ਼ਾਨ ਸਿੰਘ ਅਤੇ ਹਰਚਰਨ ਸਿੰਘ ਨੂੰ ਨਾਮਜ਼ਦ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਸਬੰਧੀ ਉਕਤ ਵਿਅਕਤੀਆਂ ਦੇ ਖ਼ਿਲਾਫ਼ ਅੰਮ੍ਰਿਤਸਰ ਵਿੱਚ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ ਲੇਕਿਨ ਬਾਅਦ ਵਿੱਚ ਇਹ ਕੇਸ ਵੀ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤਾ ਗਿਆ।
ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਖਾੜਕੂ ਕਾਰਕੁਨਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਪਹਿਲਾਂ ਪੰਜਾਬ ਪੁਲੀਸ ਅਤੇ ਹੁਣ ਐਨਆਈਏ ਦੀ ਜਾਂਚ ਟੀਮ ਨੂੰ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲੇ ਹਨ। ਜਿਸ ਕਾਰਨ ਹੁਣ ਤੱਕ ਜਾਂਚ ਏਜੰਸੀ ਚਲਾਨ ਪੇਸ਼ ਨਹੀਂ ਕਰ ਸਕੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ 90 ਦਿਨਾਂ ਵਿੱਚ ਚਲਾਨ ਪੇਸ਼ ਕਰਨਾ ਬਣਦਾ ਸੀ ਪ੍ਰੰਤੂ ਦੋ ਮਹੀਨੇ ਪਹਿਲਾਂ ਐਨਆਈਏ ਨੇ ਚਲਾਨ ਪੇਸ਼ ਕਰਨ ਲਈ 60 ਦਿਨਾਂ ਮੋਹਲਤ ਲਈ ਸੀ ਅਤੇ ਹੁਣ ਫਿਰ ਨਵੇਂ ਸਿਰਿਓਂ ਇਕ ਹੋਰ ਅਰਜ਼ੀ ਦਾਇਰ ਕਰਕੇ 30 ਦਿਨਾਂ ਦੀ ਹੋਰ ਮੋਹਲਤ ਹਾਸਲ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…