Share on Facebook Share on Twitter Share on Google+ Share on Pinterest Share on Linkedin ਪਸ਼ੂ ਪਾਲਣ ਬਲਬੀਰ ਸਿੱਧੂ ਵੱਲੋਂ ਪਿੰਡਾਂ ਵਿੱਚ ਸੀਵਰੇਜ ਪ੍ਰੋਜੈਕਟਾਂ ਦੇ ਕੰਮ ਦਾ ਉਦਘਾਟਨ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਰਤੀਆਂ ਨੂੰ ਵਿਭਾਗ ਕੋਲ ਰਜਿਸਟਰੇਸ਼ਨ ਕਰਵਾਉਣ ਲਈ ਪੇ੍ਰਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਪੰਜਾਬ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਲਸਟਰ ਬਣਾ ਕੇ ਉਨ੍ਹਾਂ ਨੂੰ ਪਸ਼ੂ ਪਾਲਣ ਦੇ ਧੰਦੇ ਦੀ ਸਿਖਲਾਈ ਦਿੱਤੀ ਜਾਵੇਗੀ ਕਿਉਂਕਿ ਪਸ਼ੂ ਪਾਲਣ ਦੇ ਖੇਤਰ ਦਾ ਘੇਰਾ ਵਸੀਹ ਹੈ ਤੇ ਇਸ ਧੰਦੇ ਵਿੱਚ ਰੁਜ਼ਗਾਰ ਦੇ ਅਥਾਹ ਮੌਕੇ ਮੌਜੂਦ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੁੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਬਲਿਆਲੀ ਅਤੇ ਬੱਲੋਮਾਜਰਾ ਵਿੱਚ ਕਹੀ ਨਾਲ ਟੱਕ ਲਾ ਕੇ ਸੀਵਰੇਜ ਪ੍ਰੋਜੈਕਟਾਂ ਦੇ ਕੰਮ ਦਾ ਉਦਘਾਟਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਮੰਤਰੀ ਦੇ ਰੂੁਪ ਵਿੱਚ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਦੇ ਹਰ ਨੌਜਵਾਨ ਨੂੰ ਉਸ ਦੇ ਪੈਰਾਂ ’ਤੇ ਖੜ੍ਹਾ ਕੀਤਾ ਜਾਵੇ ਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪਸ਼ੂ ਪਾਲਣ ਇੱਕ ਅਜਿਹਾ ਖੇਤਰ ਹੈ, ਜਿਸ ਵਿੱਚ ਰੁਜ਼ਗਾਰ ਅਤੇ ਵਪਾਰ ਸਬੰਧੀ ਅਥਾਹ ਸੰਭਾਵਨਾਵਾਂ ਹਨ। ਇਸ ਦੇ ਮੱਦੇਨਜ਼ਰ ਹੀ ਫ਼ੈਸਲਾ ਕੀਤਾ ਗਿਆ ਹੈ ਕਿ ਕਲਸਟਰ ਬਣਾ ਕੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਸਬੰਧੀ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਵੱਖ-ਵੱਖ ਥਾਈਂ ਵਿਚਰ ਰਹੇ ਹਨ ਤੇ ਵੱਡੀ ਗਿਣਤੀ ਨੌਜਵਾਨਾਂ ਨੇ ਪਸ਼ੂ ਪਾਲਣ ਦੀ ਸਿਖਲਾਈ ਲੈ ਕੇ ਇਸ ਖੇਤਰ ਵਿੱਚ ਪੈਰ ਧਰਨ ਦੀ ਸਹਿਮਤੀ ਪ੍ਰਗਟਾਈ ਹੈ ਅਤੇ ਨੌਜਵਾਨਾਂ ਵਿੱਚ ਇਸ ਸਬੰਧੀ ਭਾਰੀ ਉਤਸ਼ਾਹ ਵੀ ਹੈ। ਉਨ੍ਹਾਂ ਕਿਹਾ ਕਿ ਸਿਖਲਾਈ ਦੇ ਨਾਲ-ਨਾਲ ਸਰਕਾਰ ਵੱਲੋਂ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਵਾਸਤੇ ਹਰ ਸੰਭਵ ਮਦਦ ਵੀ ਦਿੱਤੀ ਜਾਵੇਗੀ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂੁਲਤਾਂ ਮੁਹੱਈਆ ਕਰਵਾਉਣ ਲਈ ਬਚਨਵੱਧ ਹੈ। ਪਿੰਡ ਬਲਿਆਲੀ ਤੇ ਬੱਲੋਮਾਜਰਾ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਮਕਸਦ ਨਾਲ ਹੀ ਇਨ੍ਹਾਂ ਪਿੰਡਾਂ ਵਿੱਚ ਸੀਵਰੇਜ ਪ੍ਰੋਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਰਜਿਸਟਰਡ ਕਿਰਤੀਆਂ ਨੂੰ ਬੀਮਾ, ਬੱਚਿਆਂ ਦੀ ਪੜ੍ਹਾਈ, ਧੀਆਂ ਦੇ ਵਿਆਹ ਆਦਿ ਸਬੰਧੀ ਵੱਖ-ਵੱਖ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨੂੰ ਕਿਰਤ ਵਿਭਾਗ ਕੋਲ ਰਜਿਸਟਰ ਕਰਵਾਉਣ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਯਕੀਨੀ ਬਣਾਉਣਗੇ ਕਿ ਹਰ ਰਜਿਸਟਰਡ ਕਿਰਤੀ/ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਕਿਰਤੀਆਂ ਨੂੰ ਉਨ੍ਹਾਂ ਦੇ ਹੱਕਾ ਪ੍ਰਤੀ ਜਾਗਰੂਕ ਕਰਨ ਲਈ ਵੀ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਸ੍ਰ. ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਰਾਜ ਸਿੰਘ ਸਰਪੰਚ, ਕੁਲਵੰਤ ਸਿੰਘ ਸਾਬਕਾ ਸਰਪੰਚ, ਜੱਟ ਮਹਾਂ ਸਭਾ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਜੱਸੀ ਬੱਲੋਮਾਜਰਾ, ਜਤਿੰਦਰ ਸਿੰਘ, ਹਰਿੰਦਰ ਸਿੰਘ, ਅਮੀਰ ਚੰਦ ਪੰਚ, ਮੀਨਾ ਕੁਮਾਰੀ ਪੰਚ, ਤੇਜਿੰਦਰ ਸਿੰਘ, ਹਰਪਿੰਦਰ ਸਿੰਘ, ਰਣਜੋਧ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਰਤਨ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ ਅਤੇ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ