
ਮੁੱਖ ਮੰਤਰੀ ਬਾਦਲ ਵੱਲੋਂ ਪੰਜਾਬੀਆਂ ਨੂੰ ਆਪਣੇ ਤੇ ਬੇਗਾਨੇ ਦੀ ਪਛਾਣ ਕਰਨ ਦਾ ਸੱਦਾ
ਆਮ ਲੋਕਾਂ ’ਚੋਂ ਉੱਠਿਆ ਨੇਤਾ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਐ ਮਹਿਲਾਂ ਵਿੱਚ ਬੈਠਾ ਹੋਇਆ ਨਹੀਂ: ਬਾਦਲ
ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਬਾਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮਾਨਸਾ/ਬੁਢਲਾਡਾ, 31 ਦਸੰਬਰ:
ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਪੰਜਾਬ ਦੀਆਂ ਦੁਸ਼ਮਣ ਪਾਰਟੀਆਂ ਕਰਾਰ ਦਿੰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਆਪਣੇ ਅਤੇ ਬੇਗਾਨਿਆਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਵਾਗਡੋਰ ਸਹੀ ਹੱਥਾਂ ਵਿੱਚ ਦਿੱਤੀ ਜਾ ਸਕੇ। ਅੱਜ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸ੍ਰੀ ਬਾਦਲ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਹੋਵੇ, ਦਿੱਲੀ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਕਤਲ ਕਰਵਾਇਆ ਹੋਵੇ ਅਤੇ ਪੰਜਾਬ ਦੇ ਬਣਦੇ ਹੱਕ ਦੇਣ ਤੋਂ ਹਮੇਸ਼ਾ ਟਾਲਾ ਵੱਟਿਆ ਹੋਵੇ, ਉਹ ਦੁਸ਼ਮਣ ਪਾਰਟੀ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚ ਸਕਦੀ। ਕਾਂਗਰਸ ਨੇ ਮੁਲਕ ਵਿੱਚ ਲੰਮਾ ਸਮਾਂ ਸੱਤਾ ਦਾ ਸੁਖ ਭੋਗਿਆ ਪਰ ਇਸ ਪਾਰਟੀ ਨੇ ਪੰਜਾਬ ਨਾਲ ਆਰਥਿਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਬੇਇਨਸਾਫੀ ਅਤੇ ਧੱਕੇਸ਼ਾਹੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਵਾਲੀ ਪਾਰਟੀ ਹੈ ਜੋ ਸਦਾ ਹੀ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਜਦੋ-ਜਹਿਦ ਕਰਦਾ ਆ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਰੋਧੀ ਦੱਸਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਮਸਲਿਆਂ ਦੀ ਸਮਝ ਹੈ ਅਤੇ ਨਾ ਹੀ ਉਸ ਨੂੰ ਇੱਥੋਂ ਦੇ ਲੋਕਾਂ ਦੀਆਂ ਲੋੜਾਂ ਬਾਰੇ ਪਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਕੋਈ ਏਜੰਡਾ ਨਹੀਂ ਸਗੋਂ ਪੰਜਾਬੀਆਂ ਨੂੰ ਫੋਕੇ ਨਾਅਰਿਆਂ ਨਾਲ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੋਕੇ ਨਾਅਰਿਆਂ ਨਾਲ ਸਰਕਾਰਾਂ ਨਹੀਂ ਚਲਦੀਆਂ ਸਗੋਂ ਸੂਬੇ ਦੇ ਵਿਕਾਸ ਲਈ ਏਜੰਡੇ ਤੈਅ ਕਰਨੇ ਪੈਂਦੇ ਹਨ ਅਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀ ਦੁੱਖ-ਤਕਲੀਫਾਂ ਦੂਰ ਕਰਨ ਲਈ ਉਪਰਾਲੇ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦਾ ਏਜੰਡਾ ਹਮੇਸ਼ਾ ਹੀ ਸੂਬੇ ਦਾ ਵਿਕਾਸ, ਭਾਈਚਾਰਕ ਸਾਂਝ ਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਗੱਠਜੋੜ ਇਸ ’ਤੇ ਪਹਿਰਾ ਦੇਵੇਗਾ।
ਐਸਵਾਈਐਲ ਲਈ ਸਿੱਧੇ ਤੌਰ ’ਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਮੁੱਢ ਤੋਂ ਆਪਣੀ ਹਾਈ ਕਮਾਂਡ ਦੀਆਂ ਕਠਪੁਤਲੀਆਂ ਬਣ ਕੇ ਸੂਬੇ ਦੇ ਹਿੱਤਾਂ ਦਾ ਘਾਣ ਕਰਦੇ ਰਹੇ ਹਨ। ਇਸ ਦੀ ਮਿਸਾਲ ਦਿੰਦਿਆਂ ਉਨਂ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਉਸ ਵੇਲੇ ਦੇ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ ਪਾਸੋਂ ਬਾਂਹ ਮਰੋੜ ਕੇ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਆਪਣੀ ਮਰਜ਼ੀ ਦੇ ਫੈਸਲੇ ਥੋਪੇ। ਇਸ ਮਗਰੋਂ ਪੰਜਾਬੀਆਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਲਈ ਸਤੁਲਜ ਯਮੁਨਾ ਲਿੰਕ ਨਹਿਰ ਦਾ ਟੱਕ ਲਾਉਣ ਲਈ ਇੰਦਰਾ ਗਾਂਧੀ ਖੁਦ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਲਿੰਕ ਨਹਿਰ ਦਾ ਟੱਕ ਲਾਉਣ ਮੌਕੇ ਉਹ (ਸ. ਬਾਦਲ) ਤੇ ਹੋਰ ਅਕਾਲੀ ਨੇਤਾ ਰੋਸ ਵਜੋਂ ਗ੍ਰਿਫਤਾਰੀਆਂ ਦੇ ਰਹੇ ਸਨ ਤਾਂ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਟੱਕ ਲਾਉਣ ਵਾਲੇ ਸਮਾਗਮ ਵਿਚ ਖੁਦ ਹਾਜ਼ਰ ਹੋ ਕੇ ਆਪਣੀ ਲੀਡਰ ਨੂੰ ਖੁਸ਼ ਕਰਨ ਲਈ ਪੱਬਾਂ ਭਾਰ ਹੋ ਕੇ ਨਹਿਰ ਬਣਾਉਣ ਦੇ ਫੈਸਲੇ ਦਾ ਸੁਆਗਤ ਕਰ ਰਿਹਾ ਸੀ।
ਆਮ ਆਦਮੀ ਪਾਰਟੀ ਨੂੰ ਦੋਹਰੇ ਕਿਰਦਾਰ ਵਾਲੀ ਪਾਰਟੀ ਦੱਸਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਤਾਂ ਪਾਣੀਆਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿੱਚ ਪੰਜਾਬ ਖ਼ਿਲਾਫ਼ ਹਲਫੀਆ ਬਿਆਨ ਦੇ ਕੇ ਪਹਿਲਾਂ ਹੀ ਆਪਣਾ ਅਸਲੀ ਰੂਪ ਦਿਖਾ ਦਿੱਤਾ ਸੀ। ਦਰਿਆਈ ਪਾਣੀਆਂ ਦੀ ਰਾਖੀ ਲਈ ਲੜਾਈ ਲੜਨ ਵਾਸਤੇ ਪੰਜਾਬੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸ੍ਰ. ਬਾਦਲ ਨੇ ਆਪਣੀ ਦ੍ਰਿੜਤਾ ਦਾ ਪ੍ਰਗਟਾਵਾ ਕਰਦਿਆਂ ਸਪੱਸ਼ਟ ਕੀਤਾ ਕਿ ਪਾਣੀ ਦੀ ਇਕ ਵੀ ਬੂੰਦ ਪੰਜਾਬ ਤੋਂ ਕਿਸੇ ਵੀ ਕੀਮਤ ’ਤੇ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ, ਚਾਹੇ ਇਸ ਲਈ ਕਿੱਡੀ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਪੰਜਾਬ ਤੋਂ ਬਾਹਰ ਪਾਣੀ ਨਾ ਜਾਣ ਦੇਣ ਦਾ ਤਰਕ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅੰਨ ਸੁਰੱਖਿਆ ਲਈ ਪੰਜਾਬ ਨੇ ਪਹਿਲਾਂ ਹੀ ਪਾਣੀ ਤੇ ਜ਼ਮੀਨ ਵਰਗੇ ਅਣਮੁੱਲੇ ਵਸੀਲਿਆਂ ਦੀ ਵੀ ਕੁਰਬਾਨੀ ਦੇ ਦਿੱਤੀ ਪਰ ਹੁਣ ਬਾਕੀ ਬਚਦਾ ਪਾਣੀ ਵੀ ਜੇਕਰ ਸੂਬੇ ਤੋਂ ਬਾਹਰ ਚਲਾ ਗਿਆ, ਤਾਂ ਸਾਡਾ ਸੂਬਾ ਤਬਾਹ ਹੋ ਜਾਵੇਗਾ।
ਸੰਗਤ ਦਰਸ਼ਨ ਪ੍ਰੋਗਰਾਮ ਦੀ ਅਹਿਮੀਅਤ ਨੂੰ ਦੱਸਦਿਆਂ ਸ੍ਰ. ਬਾਦਲ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਨੇੜਿਓਂ ਜਾਣਨ ਅਤੇ ਸੁਲਝਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ’ਚੋਂ ਉੱਠਿਆ ਨੇਤਾ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਵਿਚ ਵਿਚਰਣ ਨੂੰ ਆਪਣੀ ਹਾਨੀ ਸਮਝਦਾ ਹੈ ਜਦਕਿ ਦੂਜੇ ਪਾਸੇ ਉਹ ਲੋਕਾਂ ਦੀ ਸੰਗਤ ਵਿਚ ਮਾਣ ਮਹਿਸੂਸ ਕਰਦੇ ਹਨ। ਸ੍ਰ. ਬਾਦਲ ਨੇ ਕਿਹਾ, ‘‘ਰਾਜੇ ਮਹਿਲ ਵਿੱਚ ਰਹਿੰਦੇ ਹਨ ਅਤੇ ਮੈਂ ਲੋਕਾਂ ਵਿੱਚ ਰਹਿੰਦਾ ਹਾਂ’’।
ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ. ਐਸ ਚੀਮਾ, ਮਾਨਸਾ ਦੇ ਵਿਧਾਇਕ ਮਾਨਸਾ ਪ੍ਰੇਮ ਮਿੱਤਲ, ਡਿਪਟੀ ਕਮਿਸ਼ਨਰ ਮਾਨਸਾ ਵਰਿੰਦਰ ਕੁਮਾਰ ਸ਼ਰਮਾ, ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਨਸੀਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਅੌਲਖ, ਮਾਰਕੀਟ ਕਮੇਟੀ ਦੇ ਚੇਅਰਮੈਨ ਬੱਲਮ ਸਿੰਘ ਕਲੀਪੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਪ੍ਰੇਮ ਅਰੋੜਾ, ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ, ਡਾ. ਨਿਸ਼ਾਨ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਇਸਤਰੀ ਅਕਾਲੀ ਦਲ (ਸ਼ਹਿਰੀ) ਦੀ ਪ੍ਰਧਾਨ ਸਿਮਰਜੀਤ ਕੌਰ ਸਿੰਮੀ, ਜ਼ਿਲ੍ਹਾ (ਦਿਹਾਤੀ) ਦੀ ਪ੍ਰਧਾਨ ਬਲਵੀਰ ਕੌਰ, ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਸਵਰਨ ਸਿੰਘ ਹੀਰੇਵਾਲਾ, ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਗੁੜੱਦੀ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਦਲਵੀਰ ਸਿੰਘ, ਮੇਵਾ ਸਿੰਘ ਦੋਦੜਾ, ਜਗਸੀਰ ਸਿੰਘ, ਮਹਿੰਦਰ ਸਿੰਘ ਵੀ ਮੌਜੂਦ ਸਨ।