Nabaz-e-punjab.com

ਬਾਦਲ ਦਲ ਨੂੰ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਦਾ ਕੋਈ ਹੱਕ ਨਹੀਂ: ਸੇਖਵਾਂ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਸਹਿਯੋਗੀ ਪਾਰਟੀਆਂ ਵੱਲੋਂ 99ਵਾਂ ਸਥਾਪਨਾ ਦਿਵਸ ਦੀਆਂ ਤਿਆਰੀਆਂ ਮੁਕੰਮਲ

ਹਮਖ਼ਿਆਲੀ ਧਿਰਾਂ ਦੇ ਸੀਨੀਅਰ ਆਗੂ ਤੇ ਜੂਝਾਰੂ ਵਰਕਰ ਪਹੁੰਚਣੇ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਅਤੇ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬਾਦਲ ਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਦਾ ਕੋਈ ਹੱਕ ਨਹੀਂ ਹੈ। ਕਿਉਂਕਿ ਉਹ 1920 ਵਿੱਚ ਹੋਂਦ ਵਿੱਚ ਆਏ ਅਕਾਲੀ ਦਲ ਦੇ ਸੰਵਿਧਾਨ ਨੂੰ ਮਿੱਟੀ ਵਿੱਚ ਮਿਲਾ ਚੁੱਕੇ ਹਨ। ਜਿਸ ਦੇ ਰੋਸ ਵਜੋਂ ਸੀਨੀਅਰ ਆਗੂ ਇਕ ਇਕ ਕਰਕੇ ਪਾਰਟੀ ਨੂੰ ਅਲਵਿਦਾ ਆਖ ਚੁੱਕੇ ਹਨ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੇਖਵਾਂ ਨੇ ਕਿਹਾ ਕਿ ਸਥਾਪਨਾ ਦਿਵਸ ਮਨਾਉਣ ਦਾ ਹੱਕ ਸਿਰਫ਼ ਉਨ੍ਹਾਂ ਲੋਕਾਂ ਅਤੇ ਆਗੂਆਂ ਨੂੰ ਜੋ 1920 ਵਿੱਚ ਹੋਂਦ ਵਿੱਚ ਆਏ ਅਕਾਲੀ ਦਲ ਦੇ ਸੰਵਿਧਾਨ ਨੂੰ ਮੰਨਦੇ ਹਨ। ਉਨ੍ਹਾਂ ਦੱਸਿਆ ਕਿ ਭਲਕੇ ਸਮਾਗਮ ਦੌਰਾਨ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ, ਐਸਜੀਪੀਸੀ ਦਾ ਸਿਆਸੀਕਰਨ ਰੋਕਣ, ਖਾਲਸਾ ਪੰਥ ਅਤੇ ਪੰਜਾਬ ਦੀ ਖ਼ੁਸ਼ਹਾਲੀ ਵਿੱਚ ਅਹਿਮ ਐਲਾਨ ਕੀਤੇ ਜਾਣਗੇ ਅਤੇ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਨੂੰ ਬਾਦਲ ਪਰਿਵਾਰ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਲਈ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਸ੍ਰੀ ਸੇਖਵਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਆਪਣੇ ਪਰਿਵਾਰ ਦੀ ਪ੍ਰਾਈਵੇਟ ਕੰਪਨੀ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਜਿਨ੍ਹਾਂ ਟਕਸਾਲੀ ਆਗੂਆਂ ਦੀ ਉਂਗਲ ਫੜ ਕੇ ਤੁਰਨਾ ਸਿੱਖਿਆ ਹੈ, ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦੀ ਬਜਾਏ ਹਮੇਸ਼ਾ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨੇ ਦੋ ਦੋ ਸੰਵਿਧਾਨ ਬਣਾਏ ਹੋਏ ਹਨ। ਜਦੋਂ ਇਨ੍ਹਾਂ ਨੇ ਸਿਆਸੀ ਚੋਣਾਂ ਲੜਨੀਆਂ ਹੁੰਦੀਆਂ ਹਨ ਤਾਂ ਉਹ ਅਕਾਲੀ ਦਲ ਨੂੰ ਸੈਕੂਲਰ ਪਾਰਟੀ ਦੱਸਦੇ ਹਨ ਅਤੇ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਬਾਦਲ ਪਰਿਵਾਰ ਪੰਥਕ ਅਕਾਲੀ ਦਲ ਦੱਸ ਕੇ ਧਰਮ ਦੇ ਨਾਂ ਵੋਟਾਂ ਮੰਗਦੇ ਹਨ। ਇਕ ਅਦਾਲਤ ਨੇ ਕਈ ਅਕਾਲੀ ਆਗੂਆਂ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਵੀ ਨਾਂਹ ਕਰ ਦਿੱਤੀ ਹੈ।
ਸ੍ਰੀ ਸੇਖਵਾਂ ਨੇ ਦੱਸਿਆ ਕਿ ਭਲਕੇ 14 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਮਨਾਏ ਜਾ ਰਹੇ 99ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਪੰਜਾਬ ਦੇ ਕੋਨੇ ਕੋਨੇ ’ਚੋਂ ਪੰਥ ਹਿਤੈਸ਼ੀ, ਪੰਜਾਬ ਦੇ ਭਲੇ ਦੀ ਗੱਲ ਕਰਨ ਵਾਲੇ ਹਮਖ਼ਿਆਲੀ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਅਕਾਲੀ ਦਲ (1920) ਦੇ ਪ੍ਰਧਾਨ ਰਵੀਇੰਦਰ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਨਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਮਨਜੀਤ ਸਿੰਘ ਜੀਕੇ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਹਰਵਿੰਦਰ ਸਿੰਘ ਸਰਨਾ, ਜਥੇਦਾਰ ਤਰਸੇਮ ਸਿੰਘ ਦਿੱਲੀ, ਜਥੇਦਾਰ ਸੁਖਦੇਵ ਸਿੰਘ ਭੌਰ ਸਮੇਤ ਹੋਰ ਹਮਖ਼ਿਆਲ ਆਗੂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵੱਖ ਵੱਖ ਧੜਿਆਂ ਨੇ ਵੀ ਹਾਮੀ ਭਰੀ ਹੈ।
ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸਥਾਪਨਾ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਸਥਾਪਨਾ ਦਿਵਸ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਵਿਅਕਤੀਆਂ ਅਤੇ ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਨੀਲੀਆਂ, ਪੀਲੀਆ ਅਤੇ ਕਾਲੀਆ ਦਸਤਾਰਾਂ ਸਜਾ ਕੇ ਆਉਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੱਖ ਕੌਮ, ਪੰਥ, ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਸਮੁੱਚੀ ਅਕਾਲੀ ਲੀਡਰਸ਼ਿਪ ਅਹਿਮ ਐਲਾਨ ਕਰੇਗੀ।
ਇਸ ਮੌਕੇ ਜਨਰਲ ਸਕੱਤਰ ਡਾ. ਰਤਨ ਸਿੰਘ ਅਜਨਾਲਾ, ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਜਥੇਦਾਰ ਮਨਮੋਹਨ ਸਿੰਘ ਸਠਿਆਲਾ, ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰੀਤ ਸਿੰਘ ਕਲਕੱਤਾ ਅਤੇ ਜਗਰੂਪ ਸਿੰਘ ਸੇਖਵਾਂ, ਡਾ. ਮਨਜੀਤ ਸਿੰਘ ਭੌਮਾ, ਸਰਬਜੀਤ ਸਿੰਘ ਜੰਮੂ ਅਤੇ ਸਾਹਿਬ ਸਿੰਘ ਬਡਾਲੀ, ਰਣਜੀਤ ਸਿੰਘ ਬਰਾੜ ਵੀ ਸਮਾਗਮ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…