
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਕੀ ਕਰਨ ਪਹੁੰਚੇ ਬਾਦਲ ਪਿਉ-ਪੁੱਤ
ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਬ੍ਰਹਮਪੁਰਾ ਤੇ ਹੋਰ ਆਗੂ ਅਕਾਲੀ ਦਲ ‘ਚ ਸ਼ਾਮਲ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਦਸੰਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਸਮੇਂ ਜ਼ਬਰਦਸਤ ਝਟਕਾ ਲੱਗਿਆ ਜਦੋਂ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਪੰਚਾਇਤ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਮੇਤ ਕਈ ਹੋਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਉਕਤ ਟਕਸਾਲੀ ਆਗੂਆਂ ਦੀ ਪਾਰਟੀ ਵਿੱਚ ਵਾਪਸੀ ਲਈ ਜਥੇਦਾਰ ਬ੍ਰਹਮਪੁਰਾ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੇ ਅਤੇ ਉਨ੍ਹਾਂ ਦਾ ਇਸ ਸੰਕਟਮਈ ਸਮੇਂ ਪਾਰਟੀ ਦਾ ਸਾਥ ਦੇਣ ਲਈ ਉਚੇਰੇ ਤੌਰ ’ਤੇ ਧੰਨਵਾਦ ਕੀਤਾ।
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਲ 2018 ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਪਣੀ ਵੱਖਰੀ ਪਾਰਟੀ ਬਣਾ ਲਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਇਆ ਸੀ ਪਰ ਹੁਣ ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉਹ ਦੁਬਾਰਾ ਬਾਦਲ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਵੀ ਪਾਰਟੀ ਛੱਡ ਚੁੱਕੇ ਹਨ ਅਤੇ ਉਨ੍ਹਾਂ ਦੇ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦੇ ਚਰਚੇ ਜ਼ੋਰਾਂ ’ਤੇ ਹਨ। ਉਹ ਖਰੜ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ ਹਨ।
ਸੂਤਰ ਦੱਸਦੇ ਹਨ ਕਿ ਜਥੇਦਾਰ ਬ੍ਰਹਮਪੁਰਾ ਪਿਛਲੇ ਕਾਫ਼ੀ ਦਿਨਾਂ ਤੋਂ ਸੁਖਦੇਵ ਸਿੰਘ ਢੀਂਡਸਾ ਨਾਲ ਨਾਰਾਜ਼ ਚੱਲੇ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਅਤੇ ਕੈਪਟਨ ਨਾਲ ਸਾਂਝ ਪਾਉਣ ਲਈ ਢੀਂਡਸਾ ਪਰਿਵਾਰ ਖ਼ੁਦ ਹੀ ਫੈਸਲੇ ਲੈ ਰਹੇ ਹਨ ਅਤੇ ਇਸ ਸਬੰਧੀ ਉਹ ਆਪਣੇ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਨਾ ਵੀ ਜ਼ਰੂਰੀ ਨਹੀਂ ਸਮਝਦੇ ਹਨ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਭਲੇ ਲਈ ਪੰਥਕ ਏਕਤਾ ਦਾ ਸੱਦਾ ਦਿੱਤਾ ਸੀ। ਜਥੇਦਾਰ ਬ੍ਰਹਮਪੁਰਾ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਜਥੇਦਾਰ ਅਕਾਲ ਤਖ਼ਤ ਦੀ ਅਪੀਲ ਨੂੰ ਮੰਨ ਕੇ ਅਤੇ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਜਥੇਦਾਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਤੇ ਸਾਥੀਆਂ ਦੇ ਸਹਿਯੋਗ ਨਾਲ ਪਾਰਟੀ ਨੂੰ ਵਧੇਰੇ ਮਜ਼ਬੂਤ ਹੋਵੇਗੀ ਅਤੇ ਲੀਡਰਸ਼ਿਪ ਨੂੰ ਪੰਥ ਵਿਰੋਧੀ ਤਾਕਤਾਂ ਨਾਲ ਲੜਨ ਦੀ ਅਥਾਹ ਸ਼ਕਤੀ ਮਿਲੇਗੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।