Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਦੀ ਮਦਦ ਨਾਲ ਮਿਲੀ ਕੋਲਿਆਂਵਾਲੀ ਨੂੰ ਜ਼ਮਾਨਤ ਵਿਜੀਲੈਂਸ ਬਿਊਰੋ ਵੱਲੋਂ ਕੋਲਿਆਂਵਾਲੀ ਖ਼ਿਲਾਫ਼ ਸਮੇਂ ਸਿਰ ਚਲਾਨ ਪੇਸ਼ ਨਾ ਕਰਨਾ ਬਾਦਲਾਂ ਅਤੇ ਕੈਪਟਨ ਦੀ ਮਿਲੀ ਭੁਗਤ ਦਾ ਨਮੂਨਾ-ਹਰਪਾਲ ਚੀਮਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਫਰਵਰੀ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਾਸਮਖ਼ਾਸ ਦਿਆਲ ਸਿੰਘ ਕੋਲਿਆਂਵਾਲੀ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ 60 ਦਿਨਾਂ ਵਿੱਚ ਵੀ ਚਲਾਨ ਪੇਸ਼ ਨਾ ਕਰਨ ਕਰਕੇ ਉਸ ਨੂੰ ਮਿਲੀ ਜ਼ਮਾਨਤ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਕੈਪਟਨ ਅਮਰਿੰਦਰ ਤੇ ਬਾਦਲਾਂ ਦੀ ਮਿਲੀਭੁਗਤ ਕਰਾਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਪ੍ਰੈੱਸ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿਆਲ ਸਿੰਘ ਕੋਲਿਆਂਵਾਲੀ ਖ਼ਿਲਾਫ਼ 60 ਦਿਨਾਂ ਵਿੱਚ ਵੀ ਵਿਜੀਲੈਂਸ ਬਿਊਰੋ ਵੱਲੋਂ ਚਲਾਨ ਨਾ ਪੇਸ਼ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਜੀਲੈਂਸ ਬਿਊਰੋ ਲਈ ਇੱਕ ਵੱਡੀ ਨਾਕਾਮੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਤੋਂ ਲੰਬੇ ਸਮੇਂ ਤੋਂ ਜਾਣੂ ਹਨ ਕਿ ਕੈਪਟਨ ਅਮਰਿੰਦਰ ਅਤੇ ਬਾਦਲਾਂ ਦੀ ਆਪਸ ਵਿੱਚ ਪੂਰੀ ਤਰ੍ਹਾਂ ਸਾਂਝ ਹੈ ਪ੍ਰੰਤੂ ਭ੍ਰਿਸ਼ਟਾਚਾਰ ਦੇ ਦੋਸ਼ੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਬਚਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਟੇਜਾਂ ਤੋਂ ਵੱਡੇ ਵੱਡੇ ਦਾਅਵੇ ਕਰਦੇ ਰਹੇ ਹਨ ਕਿ ਉਹ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿਚ ਸੁੱਟਣਗੇ ਅਤੇ ਇੱਕ ਸਮਾਗਮ ਦੇ ਦੌਰਾਨ ਉਨ੍ਹਾਂ ਨੇ ਕੋਲਿਆਂਵਾਲੀ ਦਾ ਨਾਮ ਲੈਂਦਿਆਂ ਕਿਹਾ ਸੀ ਕੀ ਉਨ੍ਹਾਂ ਨੂੰ ਆਪਣੇ ਭ੍ਰਿਸ਼ਟਾਚਾਰ ਲਈ ਹਰਜਾਨਾ ਭਰਨਾ ਪਵੇਗਾ। ਚੀਮਾ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਆਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ ਅਤੇ ਚੋਣਾਂ ਦੌਰਾਨ ਅਕਾਲੀਆਂ ਵੱਲੋਂ ਉਨ੍ਹਾਂ ਦੀ ਕੀਤੀ ਗਈ ਸਹਾਇਤਾ ਦਾ ਮੁੱਲ ਮੋੜ ਰਹੇ ਹਨ। ਚੀਮਾ ਨੇ ਮੰਗ ਕੀਤੀ ਕਿ ਵਿਜੀਲੈਂਸ ਬਿਊਰੋ ਮੁਹਾਲੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਤੋਂ ਹੋਰ ਸਮੇਂ ਦੀ ਮੰਗ ਕਰਕੇ ਕੋਲਿਆਂਵਾਲੀ ਖ਼ਿਲਾਫ਼ ਚਲਾਨ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਉੱਤੇ ਡਾਕਾ ਮਾਰਨ ਵਾਲਾ ਕੋਈ ਵੀ ਇਨਸਾਨ ਜੇਲ੍ਹ ਦੀਆਂ ਸਲਾਖ਼ਾਂ ਤੋਂ ਬਾਹਰ ਨਹੀਂ ਹੋਣਾ ਚਾਹੀਦਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ