ਮੁੱਖ ਮੰਤਰੀ ਦੇ ਕਹਿਣ ’ਤੇ ਦਿੱਤਾ ਬਲਬੀਰ ਢੋਲ ਨੇ ਪੰਜਾਬ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ

ਦਸਵੀਂ ਦੇ ਮਾੜੇ ਨਤੀਜਿਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਦੀ ਕਾਇਆ ਕਲਪ ਕਰਨ ਦੀ ਤਿਆਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ) ਦੇ ਚੇਅਰਮੈਨ ਦੀ ਨਿਯੁਕਤੀ ਨਿਰਧਾਰਤ ਮਾਪਦੰਡਾਂ ਨਾਲ ਨਾ ਹੋਣ ਕਰਕੇ ਉਨ੍ਹਾਂ ਨੂੰ ਅਸਤੀਫਾ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਜਿਸ ਕਾਰਨ ਦਸਵੀਂ ਜਮਾਤ ਦੇ ਬੋਰਡ ਦਾ ਨਤੀਜਾ ਮਾੜਾ ਆਉਣ ਕਾਰਨ ਸਕੂਲ ਸਿੱਖਿਆ ਪ੍ਰਣਾਲੀ ਦਾ ਕਾਇਆ ਕਲਪ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ ਜਿਸ ਕਰਕੇ ਆਉਂਦੇ ਦਿਨਾਂ ਦੌਰਾਨ ਸਿੱਖਿਆ ਵਿਭਾਗ ਦੀ ਮੁਕੰਮਲ ਕਾਇਆ ਕਲਪ ਕੀਤੀ ਜਾ ਸਕੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੂੰ ਪੀ.ਐਸ.ਈ.ਬੀ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਦਾ ਅਸਤੀਫਾ ਮੰਗਣ ਲਈ ਨਿਰਦੇਸ਼ ਜਾਰੀ ਕੀਤੇ ਸਨ।
ਪੀ.ਐਸ.ਈ.ਬੀ ਦਾ ਅੰਤ੍ਰਿਮ ਚਾਰਜ ਵਧੀਕ ਮੁੱਖ ਸਕੱਤਰ (ਸਕੂਲ ਸਿੱਖਿਆ) ਨੂੰ ਦੇ ਦਿੱਤਾ ਹੈ ਅਤੇ ਨਵੇਂ ਚੇਅਰਮੈਨ ਦੀ ਅਗਲੇ 30 ਦਿਨਾਂ ਵਿਚ ਤਲਾਸ਼ ਕਰਨ ਲਈ ਇੱਕ ਖੋਜ ਕਮੇਟੀ ਗਠਿਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਕਮੇਟੀ ਦੇ ਚੇਅਰਮੈਨ ਸੂਬੇ ਦੇ ਮੁੱਖ ਸਕੱਤਰ ਨੂੰ ਬਣਾਇਆ ਗਿਆ ਹੈ ਜਦਕਿ ਵਧੀਕ ਮੁੱਖ ਸਕੱਤਰ (ਸਕੂਲ ਸਿੱਖਿਆ) ਅਤੇ ਵਾਈਸ ਚਾਂਸਲਰ, ਪੰਜਾਬ ਯੂਨੀਵਰਸਿਟੀ, ਚੰਡੀਗੜਂ ਇਸ ਦੇ ਮੈਂਬਰ ਹੋਣਗੇ। ਬੁਲਾਰੇ ਅਨੁਸਾਰ ਢੋਲ ਨੂੰ ਵਿਧਾਨ ਸਭਾ ਚੋਣਾਂ ਤੋਂ ਸਿਰਫ ਦੋ ਮਹੀਨੇ ਪਹਿਲਾਂ ਦਸਬੰਰ 2016 ਵਿਚ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ ਅਤੇ ਇਹ ਮਾਮਲਾ ਕਾਨੂੰਨੀ ਜਾਂਚ ਪੜਤਾਲ ਦਾ ਹੈ ਜਿਸ ਸਬੰਧ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਪੀ.ਆਈ.ਐਲ ਲੰਬਿਤ ਪਈ ਹੋਈ ਹੈ। ਬੁਲਾਰੇ ਅਨੁਸਾਰ ਇਸ ਫੈਸਲੇ ਨਾਲ ਮੁੱਖ ਮੰਤਰੀ ਨੇ ਪੰਜਾਬ ਦੇ ਬੱਚਿਆਂ ਦੇ ਭਵਿੱਖ ਨਾਲ ਖੇਲਂਣ ਦੀ ਕਿਸੇ ਨੂੰ ਵੀ ਆਗਿਆ ਨਾ ਦੇਣ ਦਾ ਸਖ਼ਤ ਸੁਨੇਹਾ ਦਿੱਤਾ ਹੈ।
ਦਸਵੀਂ ਦੇ ਬੋਰਡ ਦੇ ਮਾੜੇ ਨਤੀਜੇ ਬਾਰੇ ਮੁੱਖ ਮੰਤਰੀ ਨੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਸਪਸ਼ਟ ਕੀਤਾ ਹੈ ਕਿ ਉਹ ਸਕੂਲ ਸਿੱਖਿਆ ਪ੍ਰਣਾਲੀ ਦੇ ਪੱਧਰ ਵਿਚ ਸੁਧਾਰ ਲਿਆਉਣ ਦੇ ਮਾਮਲੇ ’ਚ ਕਿਸੇ ਤਰ੍ਹਾਂ ਦੀ ਢਿੱਲ ਨੂੰ ਸਹਿਣ ਨਹੀਂ ਕਰਨਗੇ। ਪੰਜਾਬ ਵਿੱਚ ਸਿੱਖਿਆ ਦੇ ਡਿੱਗ ਰਹੇ ਮਿਆਰ ’ਤੇ ਨਿਰਾਸ਼ਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਸਾਰੇ ਸਬੰਧਤ ਅਧਿਕਾਰੀਆਂ ਤੇ ਵਿਭਾਗ ਨੂੰ ਵਿਸਥਾਰਤ ਰੂਪਾ ਰੇਖਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੂੰ ਵੀ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਖ਼ਾਕਾ ਤਿਆਰ ਕਰਨ ਦੀ ਹਦਾਇਤ ਦਿੱਤੀ ਹੈ। ਸਿੱਖਿਆ ਬੋਰਡ ਦੇ ਮਾੜੇ ਨਤੀਜਿਆਂ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਿੱਖਿਆ ਵਿਭਾਗ ਨੂੰ ਜ਼ਰੂਰੀ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ ਤਾਂ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਿੱਖਿਆ ਦਾ ਮਿਆਰ ਸੁਧਾਰਿਆ ਜਾ ਸਕੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਮੁਢਲੀਆਂ ਸਹੂਲਤਾਂ ਦਾ ਬੰਦੋਬਸਤ ਕਰਨ ਲਈ ਫੌਰੀ ਕਦਮ ਚੱੁਕਣ ਦੀ ਹਦਾਇਤ ਕੀਤੀ ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਮੌਜੂਦਾ ਸਿੱਖਿਆ ਮਾਹੌਲ ਦੇ ਉਚ ਮਿਆਰ ਦੇ ਹਾਣ ਦਾ ਬਣਾਇਆ ਜਾ ਸਕੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…