ਕਿਸਾਨ ਆਗੂ ਬਲਬੀਰ ਰਾਜੇਵਾਲ ਵੱਲੋਂ ਸੰਘਰਸ਼ੀ ਬਾਲ ਕਿਸਾਨ ਯੋਧੇ ਦਾ ਵਿਸ਼ੇਸ਼ ਸਨਮਾਨ

ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਤੇ ਪੰਜਾਬ ਪੁਲੀਸ ਨੂੰ ਕੀਤੀ ਸਖ਼ਤ ਤਾੜਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ:
ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੋਂ ਦੇ ਫੇਜ਼-11 ਵਿੱਚ ਪਹੁੰਚ ਕੇ ਸੰਘਰਸ਼ੀ ਬਾਲ ਕਿਸਾਨ ਯੋਧੇ ਅਭੀਜੋਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਸ੍ਰੀ ਰਾਜੇਵਾਲ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਕਿਸਾਨੀ ਸੰਘਰਸ਼ ਜਾਰੀ ਰਹੇਗਾ ਅਤੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਡਟੇ ਰਹਿਣਗੇ। ਉਨ੍ਹਾਂ ਨੇ ਚੰਡੀਗੜ੍ਹ ਪੁਲੀਸ ਅਤੇ ਪੰਜਾਬ ਪੁਲੀਸ ਨੂੰ ਸਖ਼ਤ ਲਹਿਜ਼ੇ ਵਿੱਚ ਤਾੜਨਾ ਕੀਤੀ ਕਿ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨਾਲ ਵਧੀਕੀਆਂ ਨਾ ਕੀਤੀਆਂ ਜਾਣ ਕਿਉਂਕਿ ਹੁਣ ਕੋਈ ਵੀ ਕਿਸਾਨ ਜਬਰ ਜੁਲਮ ਸਹਿਣ ਨਹੀਂ ਕਰੇਗਾ। ਕਿਸਾਨ ਆਗੂ ਨੇ ਚੰਡੀਗੜ੍ਹ ਦੇ ਐਸਐਸਪੀ ਨਾਲ ਵੀ ਗੱਲਬਾਤ ਕੀਤੀ ਅਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਝੂਠੇ ਕੇਸ ਵਾਪਸ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੁਕਮਰਾਨ ਸ਼ਾਇਦ ਇਹ ਸੋਚਦੇ ਹੋਣਗੇ ਕਿ ਕਿਸਾਨ ਥੱਕ ਹਾਰ ਕੇ ਵਾਪਸ ਘਰਾਂ ਨੂੰ ਪਰਤ ਜਾਣਗੇ ਪ੍ਰੰਤੂ ਇਹ ਉਨ੍ਹਾਂ ਦਾ ਭੁਲੇਖਾ ਹੈ, ਸਚਾਈ ਤਾਂ ਇਹ ਹੈ ਕਿ ਕਿਸਾਨ ਪਹਿਲਾਂ ਨਾਲੋਂ ਵਧੇਰੇ ਮਜ਼ਬੂਤੀ, ਦ੍ਰਿੜਤਾ ਅਤੇ ਦਲੇਰੀ ਨਾਲ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਜਾਰੀ ਰੱਖਣਗੇ।
ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਕਰਮ ਸਿੰਘ ਕਾਰਕੌਰ ਅਤੇ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਹਨ ਅਤੇ ਬੀਤੇ ਦਿਨੀਂ ਭਾਜਪਾ ਆਗੂਆਂ ਦਾ ਘਿਰਾਓ ਕਰਨ ਸਮੇਂ ਵੀ ਕਿਸੇ ਕਿਸਾਨ ਨੇ ਪਥਰਾਓ ਨਹੀਂ ਕੀਤਾ ਗਿਆ ਬਲਕਿ ਸਰਕਾਰ ਦੀ ਸਹਿ ’ਤੇ ਇਹ ਸ਼ਰਾਰਤੀ ਅਨਸਰਾਂ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਬਦਨਾਮ ਕਰਨ ਲਈ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਅਤੇ ਮੇਅਰ ਰਵੀਕਾਂਤ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਸੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਮਾਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜੋ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ।
ਉਨ੍ਹਾਂ ਖ਼ਿਲਾਫ਼ ਭਾਜਪਾ ਆਗੂਆਂ ਦੇ ਵਾਹਨਾਂ ਦੀ ਭੰਨਤੋੜ ਦਾ ਕਥਿਤ ਦੋਸ਼ ਹੈ। ਜਦੋਂਕਿ ਯੂਟੀ ਪੁਲੀਸ ਬਾਲ ਕਿਸਾਨ ਯੋਧੇ ਅਭੀਜੋਤ ਸਿੰਘ ਨੂੰ ਫੜ ਕੇ ਥਾਣੇ ਲੈ ਗਈ ਸੀ ਅਤੇ ਇਹ ਸੋਸ਼ਲ ਮੀਡੀਆ ’ਤੇ ਵੀਡੀਓ ਕਾਫੀ ਵਾਇਰਲ ਹੋਈ ਸੀ। ਅਭੀਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਵਾਰ-ਵਾਰ ਇਹ ਗੱਲ ਆਖੀ ਗਈ ਸੀ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜੇਕਰ ਉਸ ਨੂੰ ਜਾਨ ਵੀ ਦੇਣੀ ਪਈ ਤਾਂ ਉਹ ਪਿੱਛੇ ਨਹੀਂ ਹਟੇਗਾ।
ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੇਖ ਕੇ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਮੁਹਾਲੀ ਦੇ ਫੇਜ਼-11 ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਅਭੀਜੋਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਇਸ ਬਹਾਦਰ ਬੱਚੇ ਦੀ ਦਲੇਰੀ ਦੀ ਰੱਜ ਕੇ ਸ਼ਲਾਘਾ ਕੀਤੀ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…