
ਬਲਬੀਰ ਸਿੱਧੂ ਨੇ ਪਿੰਡ ਚੱਪੜਚਿੜੀ ਦੇ ਵਿਕਾਸ ਲਈ ਦਿੱਤਾ ਗਰਾਂਟ ਦਾ ਚੈੱਕ
ਚੱਪੜਚਿੜੀ ਤੋਂ ਬਰਿਆਲੀ ਤੱਕ ਪੱਕੀ ਸੜਕ ਬਣਾਉਣ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਇਤਿਹਾਸਕ ਪਿੰਡ ਚੱਪੜਚਿੜੀ ਕਲਾਂ ਦੇ ਵਿਕਾਸ ਕਾਰਜਾਂ ਲਈ ਸਾਢੇ ਅੱਠ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ’ਚੋਂ 6 ਲੱਖ ਰੁਪਏ ਗੰਦੇ ਪਾਣੀ ਦੀ ਨਿਕਾਸੀ ਤੇ ਡੇਰੇ ਦੀ ਫਿਰਨੀ ਅਤੇ 2.50 ਲੱਖ ਰੁਪਏ ਧਰਮਸ਼ਾਲਾ ਦੀ ਮੁਰੰਮਤ ’ਤੇ ਖ਼ਰਚ ਕੀਤੇ ਜਾਣਗੇ। ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਕਰਕੇ ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।
ਬਲਬੀਰ ਸਿੱਧੂ ਨੇ ਦਾਅਵਾ ਕੀਤਾ ਕਿ ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਬਿਨਾਂ ਕਿਸੇ ਪੱਖਪਾਤ ਤੋਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੌਜੂਦਾ ਸਮੇਂ ਵਿੱਚ ਲਗਪਗ ਹਰੇਕ ਪਿੰਡ ਵਿੱਚ ਵਿਕਾਸ ਕੰਮ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਚੱਪੜਚਿੜੀ ਤੋਂ ਬਰਿਆਲੀ ਤੱਕ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਿੱਧੂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਰਪੰਚ ਕੈਪਟਨ ਪਿਆਰਾ ਸਿੰਘ, ਕੇਸਰ ਸਿੰਘ, ਦਰਸ਼ਨ ਸਿੰਘ, ਪਰਮਜੀਤ ਕੌਰ (ਸਾਰੇ ਪੰਚ), ਨੰਬਰਦਾਰ ਹਰਬੰਸ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ, ਗੁਰਬਚਨ ਸਿੰਘ, ਜਰਨੈਲ ਸਿੰਘ ਅਤੇ ਸੁਰਮੱੁਖ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।