ਬਲਬੀਰ ਸਿੱਧੂ ਨੇ 409 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਦਿੱਤੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 01 ਜਨਵਰੀ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 409 ਫਾਰਮੇਸੀ ਅਫਸਰਾਂ (ਫਾਰਮਾਸਿਸਟ) ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜੋ ਕਿ ਰੈਗੂਲਰ ਅਧਾਰ ’ਤੇ ਚੁਣੇ ਗਏ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਉਕਤ 409 ਉਮੀਦਵਾਰ ਵਿਭਾਗ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਫਾਰਮੇਸੀ ਅਧਿਕਾਰੀਆਂ ਦੀਆਂ 482 ਮਨਜ਼ੂਰਸ਼ੁਦਾ ਅਸਾਮੀਆਂ ਦਾ ਹਿੱਸਾ ਹਨ। ਇਹ ਪਹਿਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪਾਰਦਰਸ਼ੀ ਢੰਗ ਨਾਲ ਅਤੇ ਪੂਰੀ ਤਰਾਂ ਮੈਰਿਟ ਦੇ ਅਧਾਰ ’ਤੇ ਕੀਤੀਆਂ ਗਈਆਂ ਹਨ।
ਉਨਾਂ ਅੱਗੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਸਟਾਫ ਦੀ ਘਾਟ ਨੂੰ ਦੂਰ ਕੀਤਾ ਜਾਵੇਗਾ ਅਤੇ ਇਹ ਸਰਕਾਰੀ ਹਸਪਤਾਲਾਂ ਵਿੱਚ ਡਾਕਟਰੀ ਸੇਵਾਵਾਂ ਨੂੰ ਮਜਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਲੋੜੀਂਦੇ ਡਾਕਟਰੀ ਉਪਕਰਣਾਂ ਰਾਹੀਂ ਬਿਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।
ਸ੍ਰੀ ਬਲਬੀਰ ਸਿੱਧੂ ਨੇ ਨਵ- ਨਿਯੁਕਤ ਸਟਾਫ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨਾਂ ਕਿਹਾ ਕਿ ਉਨਾਂ(ਫਾਰਮਾਸਿਸਟਾਂ) ਸਾਰਿਆਂ ਨੂੰ ਨਿਰਸਵਾਰਥ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਿਹਤ ਵਿਭਾਗ ਵਿੱਚ ਮੁੱਖ ਮੰਤਰੀ ਦੀ ਘਰ ਘਰ ਰੋਜ਼ਗਾਰ ਯੋਜਨਾ ਦੇ ਹਿੱਸੇ ਵਜੋਂ ਲਗਭਗ 7000 ਰੈਗੂਲਰ ਅਤੇ ਠੇਕਾ ਭਰਤੀ ਕੀਤੀ ਗਈ ਸੀ। ਇਨਾਂ ਵਿੱਚ ਸਪੈਸ਼ਲਿਸਟ ਡਾਕਟਰ, ਮੈਡੀਕਲ ਅਧਿਕਾਰੀ, ਡੈਂਟਲ ਅਧਿਕਾਰੀ, ਪੈਰਾ ਮੈਡੀਕਲ ਅਤੇ ਹੋਰ ਸਟਾਫ ਨੂੰ ਰੈਗੂਲਰ ਅਤੇ ਠੇਕਾ ਅਧਾਰ ਵਾਲੀ ਭਰਤੀ ਸ਼ਾਮਲ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸਾਡਾ ਦੇਸ਼ ਪਿਛਲੇ 10 ਮਹੀਨਿਆਂ ਤੋਂ ਕੋਵਿਡ -19 ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਇਸ ਸੰਕਟ ਦੇ ਸਮੇਂ ਦੌਰਾਨ ਸਿਹਤ ਵਿਭਾਗ ਦੇ ਸਟਾਫ ਦੀਆਂ ਨਿਰਸਵਾਰਥ ਸੇਵਾਵਾਂ ਦੀ ਮਦਦ ਨਾਲ ਹੀ ਪੰਜਾਬ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਸੰਭਵ ਹੋ ਸਕਿਆ ਹੈ। ਉਨਾਂ ਨਵੀਂ ਭਰਤੀ ਨੂੰ ਵਿਭਾਗ ਵਿੱਚ ਇਮਾਨਦਾਰੀ ਨਾਲ ਸੇਵਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ, ਸੁਪਰਡੈਂਟ ਈ -5, ਸ੍ਰੀ ਸੰਜੇ ਗੁਪਤਾ, ਸਟੇਟ ਪ੍ਰੋਗਰਾਮ ਅਫਸਰ (ਆਈ.ਈ.ਸੀ. ਅਤੇ ਮੀਡੀਆ) ਸ਼ਿਵਿੰਦਰ ਸਹਿਦੇਵ, ਮਾਸ ਮੀਡੀਆ ਅਧਿਕਾਰੀ ਸ: ਗੁਰਮੀਤ ਸਿੰਘ ਰਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …