ਸਿਹਤ ਮੰਤਰੀ ਬਲਬੀਰ ਸਿੱਧੂ ਨੇ 3 ਪੇਂਡੂ ਸਰਕਾਰੀ ਸਕੂਲਾਂ ਦੇ ਵਿਕਾਸ ਸਬੰਧੀ ਨੀਂਹ ਪੱਥਰ ਰੱਖੇ

4.8 ਕਰੋੜ ਦੀ ਲਾਗਤ ਨਾਲ ਕੀਤੀ ਜਾਵੇਗੀ ਬਰਿਆਲੀ, ਗੀਗੇਮਾਜਰਾ ਤੇ ਗਿੱਦੜਪੁਰ ਦੀ ਕਾਇਆਕਲਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਬਰਿਆਲੀ, ਗੀਗੇਮਾਜਰਾ ਅਤੇ ਗਿੱਦੜਪੁਰ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਸਬੰਧੀ ਨੀਂਹ ਪੱਥਰ ਰੱਖੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਦੀ 4.8 ਕਰੋੜ ਰੁਪਏ ਦੀ ਲਾਗਤ ਨਾਲ ਕਾਇਆਕਲਪ ਕੀਤੀ ਜਾਵੇਗੀ। ਇਸ ਪ੍ਰਾਜੈਕਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇਮਾਜਰਾ ਨੂੰ 28 ਲੱਖ ਰੁਪਏ ਗਰਾਂਟ ਦਿੱਤੀ ਗਈ ਹੈ ਜਦੋਂਕਿ ਇਸ ਤੋਂ ਪਹਿਲਾਂ 30 ਲੱਖ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਗੋਬਿੰਦਗੜ੍ਹ ਸਕੂਲ ’ਤੇ 3 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇੰਜ ਹੀ ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਲੀ ਵਿੱਚ ਨਵੇਂ ਕਮਰੇ ਤੇ ਹੋਰ ਲੋੜੀਦੇ ਪ੍ਰਬੰਧਾਂ ਲਈ 25-25 ਲੱਖ ਦੀ ਗਰਾਂਟ ਦਿੱਤੀ ਗਈ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਕਿਸੇ ਵੀ ਸਮਾਜ ਦੀ ਬਿਹਤਰੀ ਜਾਂ ਤਰੱਕੀ ਲਈ ਸਭ ਤੋਂ ਅਹਿਮ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਦੋਵੇਂ ਪੱਖਾਂ ਉੱਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ। ਇਨ੍ਹਾਂ ਸਕੂਲਾਂ ਦੇ ਵਿਕਾਸ ਨਾਲ ਆਲੇ-ਦੁਆਲੇ ਦੇ ਹੋਰਨਾਂ ਪਿੰਡਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਏ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਕਾਫ਼ੀ ਵਧੀ ਹੈ। ਇਨ੍ਹਾਂ ਯਤਨਾਂ ਤਹਿਤ ਕਾਰਗੁਜ਼ਾਰੀ ਗਰੇਡਿੰਗ ਇੰਡੈੱਕਸ ਵਿੱਚ ਸਾਰੇ ਸੂਬਿਆਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੇ ਸਮਾਰਟ ਕਲਾਸ ਰੂਮ ਦੇ ਨਾਲ-ਨਾਲ ਕੋਵਿਡ ਮਹਾਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੇ ਯੋਗ ਬਣਾਉਣ ਲਈ ਸਮਾਰਟ ਮੋਬਾਈਲ ਫੋਨ ਵੰਡੇ ਗਏ ਹਨ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਪ੍ਰਿੰਸੀਪਲ ਹਰਿੰਦਰ ਕੌਰ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਬਾਬਾ ਦਲਵਿੰਦਰ ਸਿੰਘ, ਨੰਬਰਦਾਰ ਗੁਰਚਰਨ ਸਿੰਘ, ਕੁਲਵੰਤ ਸਿੰਘ, ਜ਼ੋਰਾਵਰ ਸਿੰਘ ਪੰਚ, ਜਸਵਿੰਦਰ ਸਿੰਘ ਭੱਪਾ ਸਰਪੰਚ ਗਿੱਦੜਪੁਰ, ਜਸਵੰਤ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ, ਜਰਨੈਲ ਸਿੰਘ ਨੰਬਰਦਾਰ, ਗੁਰਮੇਲ ਸਿੰਘ, ਕੁਲਵੰਤ ਸਿੰਘ ਸਾਬਕਾ ਸਰਪੰਚ ਬਰਿਆਲੀ, ਪਰਵਿੰਦਰ ਕੌਰ ਸਰਪੰਚ, ਹਰਿੰਦਰ ਸਿੰਘ ਪੰਚ, ਪਾਲ ਸਿੰਘ ਪੰਚ, ਪਰਮਜੀਤ ਕੌਰ ਪੰਚ, ਮੀਨਾ ਕੁਮਾਰੀ ਪੰਚ, ਰਣਜੋਧ ਸਿੰਘ ਨੰਬਰਦਾਰ, ਜਤਿੰਦਰ ਸਿੰਘ, ਹਰਜੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਮਹੇਸ਼ਵਰ ਸ਼ਾਰਦਾ, ਬੀਡੀਪੀਓ ਹਿਤੇਨ ਕਪਿਲਾ, ਜੇਈ ਜਸਪਾਲ ਮਸੀਹ ਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…