
ਬਲਬੀਰ ਸਿੱਧੂ ਨੇ 4 ਪਿੰਡਾਂ ਵਿੱਚ ਸਵਾ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖੇ
ਪ੍ਰਾਜੈਕਟਾਂ ਦੇ ਪੂਰੇ ਹੋਣ ਨਾਲ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਮੁਹਾਲੀ ਹਲਕੇ ਦੇ ਪਿੰਡਾਂ ਗੁਡਾਣਾ, ਮਾਣਕਪੁਰ ਕੱਲਰ, ਮੋਟੇਮਾਜਰਾ ਅਤੇ ਤੰਗੋਰੀ ਵਿਖੇ ਕਰੀਬ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਉਣ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਕੰਮ ਕਰਵਾਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਟੇਡੀਅਮ, ਕਮਿਊਨਿਟੀ ਸੈਂਟਰ, ਧਰਮਸ਼ਾਲਾਵਾਂ, ਸਮਸ਼ਾਨਘਾਟ, ਗੰਦੇ ਪਾਣੀ ਦੀ ਨਿਕਾਸੀ, ਸਮਾਰਟ ਸਕੂਲ, ਗਲੀਆਂ ਨਾਲੀਆਂ ਪੱਕੀਆਂ ਕਰਨ,ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ, ਸਿਹਤ ਕੇਂਦਰਾਂ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਪਾਰਕ ਬਣਾਉਣ ਤੇ ਸਟਰੀਟ ਲਾਈਟਾਂ ਲਗਵਾਉਣ ਆਦਿ ਦੇ ਕੰਮ ਜੰਗੀ ਪੱਧਰ ਉੱਤੇ ਜਾਰੀ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਕਿਹਾ ਕਿ ਕੋਵਿਡ-19 ਵਰਗੀ ਚੁਣੋਤੀ ਨੇ ਕਾਫੀ ਨੁਕਸਾਨ ਕੀਤਾ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਕੋਰੋਨਾ ਖ਼ਿਲਾਫ਼ ਜੰਗ ਦੇ ਨਾਲ-ਨਾਲ ਵਿਕਾਸ ਕਾਰਜਾਂ ਵਿੱਚ ਵੀ ਖੜੋਤ ਨਹੀਂ ਆਉਣ ਦਿੱਤੀ, ਜਿਸ ਕਾਰਨ ਅੱਜ ਰਾਜ ਦੇ ਹਰੇਕ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਝੁਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਪੰਜਾਬ ਦੇਸ਼ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋ ਜਿਹੜੇ ਪ੍ਰੋਜੈਕਟਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ, ਉਹਨਾਂ ਨਾਲ ਆਉਣ ਵਾਲੇ ਸਮੇਂ ਵਿੱਚ ਹਲਕੇ ਤੇ ਸੂਬੇ ਦੀ ਦਿੱਖ ਬਦਲ ਜਾਵੇਗੀ ਤੇ ਪਿੰਡਾਂ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਹਰਿੰਦਰ ਸਿੰਘ ਜੌਲੀ ਸਰਪੰਚ ਗੁਡਾਣਾ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਦਵਿੰਦਰ ਸਿੰਘ ਸਰਪੰਚ ਕੁਰੜਾ, ਜਸਵਿੰਦਰ ਕੌਰ ਸਰਪੰਚ ਮੋਟੇ ਮਾਜਰਾ, ਹਰਬੰਸ ਸਿੰਘ ਮੋਟੇਮਾਜਰਾ, ਬਖਸ਼ੀਸ਼ ਸਿੰਘ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮਿੱਢੇਮਾਜਰਾ, ਮਨਜੀਤ ਸਿੰਘ ਤੰਗੋਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਮਹੇਸ਼ਵਰ ਸ਼ਾਰਦਾ ਐਕਸੀਅਨ ਪੰਚਾਇਤੀ ਰਾਜ, ਬੀ ਡੀ ਪੀ ਓ ਹਿਤੇਨ ਕਪਿਲਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।