
ਬਲਬੀਰ ਸਿੱਧੂ ਨੇ ਪਿੰਡ ਰਾਏਪੁਰ ਕਲਾਂ ਦੇ ਵਿਕਾਸ ਲਈ ਗਰਾਂਟ ਦਿੱਤੀ
ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਰਾਏਪੁਰ ਕਲਾਂ ਦੇ ਸਰਬਪੱਖੀ ਵਿਕਾਸ ਲਈ ਗਰਾਮ ਪੰਚਾਇਤ ਨੂੰ 15 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਇਹ ਪੈਸਾ ਪਿੰਡ ਦੇ ਸ਼ਮਸ਼ਾਨਘਾਟ, ਰਾਮਦਾਸੀਆਂ ਧਰਮਸ਼ਾਲਾ ਦੀ ਉਸਾਰੀ ਅਤੇ ਹੋਰਨਾਂ ਕਾਰਜਾਂ ’ਤੇ ਖ਼ਰਚਿਆਂ ਜਾਵੇਗਾ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਮੌਜੂਦਾ ਸਮੇਂ ਵਿੱਚ ਮੁਹਾਲੀ ਹਲਕੇ ਦੇ ਲਗਪਗ ਸਾਰੇ ਪਿੰਡਾਂ ਵਿੱਚ ਵਿਕਾਸ ਕੰਮ ਪੂਰੇ ਜ਼ੋਰਾਂ ’ਤੇ ਚਲ ਰਹੇ ਹਨ ਅਤੇ ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪਿੰਡਾਂ ਨੂੰ ਆਪਸ ਵਿੱਚ ਜੋੜਨ ਲਈ ਲਿੰਕ ਸੜਕਾਂ ਦਾ ਨਵੀਨੀਕਰਨ ਜਾਰੀ ਹੈ ਅਤੇ ਪਿੰਡਾਂ ਵਿੱਚ ਗਲੀਆਂ-ਨਾਲੀਆਂ ਅਤੇ ਫਿਰਨੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਜਦੋਂਕਿ ਅਕਾਲੀ ਸਰਕਾਰ ਨੇ 10 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਕੀਤਾ।
ਸ੍ਰੀ ਸਿੱਧੂ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਪੱਖਪਾਤ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਰੋਧੀ ਪਾਰਟੀਆਂ ਦੇ ਆਗੂ ਵੀ ਤਾਰੀਫ਼ ਕਰ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ ਕਲਾਂ, ਚੌਧਰੀ ਭਗਤ ਰਾਮ, ਸਰਪੰਚ ਜਸਪ੍ਰੀਤ ਸਿੰਘ ਜੱਸਾ, ਹਰਭਜਨ ਸਿੰਘ, ਭਾਗ ਸਿੰਘ, ਤਾਰਾ ਪੰਚ, ਬਲਜਿੰਦਰ ਸਿੰਘ, ਕਾਕਾ ਸਿੰਘ, ਅਮਰੀਕ ਸਿੰਘ, ਜਸਬੀਰ ਸਿੰਘ ਅਤੇ ਦਾਰਾ ਸਿੰਘ ਵੀ ਹਾਜ਼ਰ ਸਨ।