ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਮਿਊਨਿਟੀ ਹੈਲਥ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ

12 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਕੇਂਦਰ ਵਿੱਚ ਬਣ ਰਿਹੈ ਅਤਿ-ਆਧੁਨਿਕ ਸਰਕਾਰੀ ਹਸਪਤਾਲ:ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਫੇਜ਼-3ਬੀ1 ਵਿਚ ਬਣ ਰਹੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਲਗਪਗ 12 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇਹ ਅਗਸਤ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਵਾਸੀਆਂ ਦੀ ਪੁਰਾਣੀ ਮੰਗ ਸੀ ਕਿ ਫੇਜ਼-3ਬੀ1 ਦੀ ਡਿਸਪੈਂਸਰੀ ਦਾ ਦਰਜਾ ਵਧਾ ਕੇ ਇਸ ਨੂੰ ਸੀਐਚਸੀ ਬਣਾਇਆ ਜਾਵੇ ਤੇ ਇਹ ਮੰਗ ਬਹੁਤ ਜਲਦ ਪੂਰੀ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਹ ਸੀਐਚਸੀ ਸਥਾਨਕ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਇਸ ਵਿੱਚ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।
ਸ੍ਰੀ ਸਿੱਧੂ ਨੇ ਦੱਸਿਆ ਕਿ ਸੀਐਚਸੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਮਾਡਿਊਲਰ ਅਪਰੇਸ਼ਨ ਥੀਏਟਰ ਬਣਾਇਆ ਜਾ ਰਿਹਾ ਹੈ ਜਿਹੜਾ ਸੂਬੇ ਦੇ ਹੋਰ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਉਨ੍ਹਾਂ ਦੀਆਂ ਬਹੁਤੀਆਂ ਤਕਲੀਫ਼ਾਂ ਦਾ ਇਲਾਜ ਇਸੇ ਹਸਪਤਾਲ ਵਿਚ ਹੋ ਜਾਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਇਮਾਰਤ ਦੇ ਨਿਰਮਾਣ ਲਈ ਉੱਚ ਪਾਏ ਦੀ ਸਮੱਗਰੀ ਵਰਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਪਹਿਲਾਂ ਹੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਸਮੱਗਰੀ ਪੱਖੋਂ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੇ ਚੌਤਰਫ਼ਾ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸ਼ਹਿਰ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਪੱਖੋਂ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵੱਖ-ਵੱਖ ਵਿਕਾਸ ਜਾਂ ਤਾਂ ਮੁਕੰਮਲ ਹੋ ਚੁੱਕੇ ਹਨ ਜਾਂ ਮੁਕੰਮਲ ਹੋਣ ਕੰਢੇ ਹਨ ਜਿਨ੍ਹਾਂ ਵਾਸਤੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਸਥਾਨਕ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਅਤਿ-ਆਧੁਨਿਕ ਸੀਐਚਸੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਸਥਾਨਕ ਵਾਸੀਆਂ ਦੀ ਪੁਰਾਣੀ ਮੰਗ ਪੂਰੀ ਕੀਤੀ ਹੈ ਜਿਸ ਲਈ ਸਥਾਨਕ ਵਾਸੀ ਉਨ੍ਹਾਂ ਦੇ ਬੇਹੱਦ ਸ਼ੁਕਰਗੁਜ਼ਾਰ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕੁਲਜੀਤ ਸਿੰਘ ਬੇਦੀ, ਜਸਪ੍ਰੀਤ ਸਿੰਘ ਗਿੱਲ, ਪਰਮਜੀਤ ਸਿੰਘ ਹੈਪੀ (ਤਿੰਨੇ ਕੌਂਸਲਰ), ਸੀਨੀਅਰ ਕਾਂਗਰਸ ਆਗੂ ਰਾਮ ਸਰੂਪ ਜੋਸ਼ੀ, ਜਤਿੰਦਰ ਆਨੰਦ, ਦਲਬੀਰ ਸਿੰਘ ਸੇਵਾਮੁਕਤ ਕਾਨੂੰਗੋਈ, ਜੀਪੀਐਸ ਗਿੱਲ, ਐਸਈ ਕਰਨਦੀਪ ਸਿੰਘ ਚਹਿਲ, ਪੀਐਚਐਸਸੀ ਦੇ ਐਕਸੀਅਨ ਰਾਜਿੰਦਰ ਸਿੰਘ, ਤਿਲਕ ਰਾਜ ਸ਼ਰਮਾ, ਅਨਮੋਲ ਰਤਨ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…