
ਖੇਤੀ ਕਾਨੂੰਨ: ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਬਲਬੀਰ ਢੋਲ ਤੇ ਪਿੰਡ ਵਾਸੀ ਭੁੱਖ ਹੜਤਾਲ ’ਤੇ ਬੈਠੇ
ਦੇਸ਼ ਦੇ ਨਾਗਰਿਕ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਦੀ ਲੋੜ: ਬਲਬੀਰ ਸਿੰਘ ਢੋਲ
ਕਿਸਾਨ ਮੋਰਚੇ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ ਦੇ 83ਵੇਂ ਦਿਨ ਵਿੱਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਅੱਜ 83ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਢੋਲ ਦੀ ਅਗਵਾਈ ਹੇਠ ਪਿੰਡ ਕੁਰੜੀ ਦੇ ਸਰਪੰਚ ਛੱਜਾ ਸਿੰਘ, ਗੁਲਾਬ ਸਿੰਘ, ਅਮਰੀਕ ਸਿੰਘ, ਗੁਰਦੇਵ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਪ੍ਰੇਮ ਸਿੰਘ, ਸਤਿੰਦਰ ਸਿੰਘ, ਨਿਰਮਲ ਸਿੰਘ ਤੇ ਕੇਸਰ ਸਿੰਘ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲੇ ਅੰਨਦਾਤਾ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ, ਬਲਕਿ ਖੇਤੀ ਕਾਨੂੰਨਾਂ ਦਾ ਸਾਰੇ ਵਰਗਾਂ ’ਤੇ ਮਾੜਾ ਤੇ ਮਾਰੂ ਅਸਰ ਪਵੇਗਾ। ਲਿਹਾਜ਼ਾ ਦੇਸ਼ ਦੇ ਹਰ ਨਾਗਰਿਕ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨ ਮੋਰਚੇ ਵਿੱਚ ਅੌਰਤ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਕਿਸਾਨ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਨਾਲ ਵਿਗਾੜ ਕੇ ਕੋਈ ਵੀ ਸਿਆਸੀ ਧਿਰ ਕਾਮਯਾਬ ਨਹੀਂ ਹੋਈ ਅਤੇ ਨਾ ਹੀ ਹੋ ਸਕਦੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਪਿੱਛੇ ਜਿਹੇ ਚਾਰ ਸੂਬਿਆਂ ਦੀਆਂ ਹੋਈਆਂ ਚੋਣਾਂ ਵਿੱਚ ਭਾਜਪਾ ਦੀ ਵੱਡੀ ਹਾਰ ਹੋਈ ਹੈ, ਓਵੇਂ ਪੰਜਾਬ ਵਿੱਚ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ, ਗੁਰਪ੍ਰੀਤ ਸਿੰਘ ਨਿਆਮੀਆਂ, ਮਿੰਦਰ ਸਿੰਘ ਸੋਹਾਣਾ, ਯੂਥ ਆਗੂ ਅਮਨ ਸਿੰਘ ਪੂਨੀਆ, ਖ਼ੁਸ਼ਇੰਦਰ ਸਿੰਘ ਬੈਦਵਾਨ ਵੀ ਮੌਜੂਦ ਸਨ।